- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਕੁਰੜ ਵਿਖੇ ਪੇਂਡੂ ਖੇਡ ਮੇਲਾ ਕਰਵਾਇਆ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਪਿੰਡ ਕੁਰੜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ’ਚ ਸੰਤ ਬਾਬਾ ਸਰਬਨ ਦਾਸ ਸਪੋਰਟਸ ਕਲੱਬ ਵੱਲੋਂ ਐਨਆਰਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ । ਖੇਡ ਮੇਲੇ ਦਾ ਉਦਘਾਟਨ ਡੇਰਾ ਚਕੂਆਣਾ ਸਾਹਿਬ ਕੁਰੜ ਦੇ ਮੁੱਖ ਸੇਵਾਦਾਰ ਬਾਬਾ ਭਗਵਾਨ ਦਾਸ ਅਤੇ ਡੇਰਾ ਮੁਰਲੀ ਦਾਸ ਕੁਰੜ ਦੇ ਮੁੱਖ ਸੇਵਾਦਾਰ ਬਾਬਾ ਰਾਮ ਦਾਸ ਨੇ ਸਾਂਝੇ ਤੌਰ ’ਤੇ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਪੋਰਟਸ ਕਲੱਬ ਵੱਲੋਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। 35 ਕਿਲੋ ਵਰਗ ਦੇ ਮੁਕਾਬਲਿਆਂ ਵਿੱਚ 27 ਟੀਮਾਂ ਨੇ ਹਿੱਸਾ ਲਿਆ। ਫਾਈਨਲ ਮੁਕਾਬਲੇ ’ਚ ਗਿਰਜੇਵਾਲ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਬੂਥਗੜ੍ਹ ਦੀ ਟੀਮ ਦੂਜੇ ਸਥਾਨ ’ਤੇ ਰਹੀ।55 ਕਿਲੋ ਵਰਗ ’ਚ 28 ਟੀਮਾਂ ਨੇ ਭਾਗ ਲਿਆ। ਫਾਈਨਲ ਮੁਕਾਬਲਾ ਹਰਿਆਣਾ ਅਤੇ ਠੁੱਲੀਵਾਲ ਦੀਆਂ ਟੀਮਾਂ ਵਿਚਕਾਰ ਹੋਇਆ। ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਰੇਡਾਂ ਅਤੇ ਜਾਫੀਆਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਆਖ਼ਰਕਾਰ ਹਰਿਆਣਾ ਦੀ ਟੀਮ ਨੇ ਠੁੱਲੀਵਾਲ ਨੂੰ ਮਾਤ ਦੇ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਠੁੱਲੀਵਾਲ ਦੀ ਟੀਮ ਉਪ ਜੇਤੂ ਰਹੀ।ਮੁਕਾਬਲਿਆਂ ਦੀ ਸਮਾਪਤੀ ਉਪਰੰਤ ਜੇਤੂ ਟੀਮਾਂ ਅਤੇ ਬਿਹਤਰੀਨ ਖਿਡਾਰੀਆਂ ਨੂੰ ਕਲੱਬ ਦੇ ਪ੍ਰਧਾਨ ਹਰਪਾਲ ਸਿੰਘ ਚਾਂਦ, ਖ਼ਜ਼ਾਨਚੀ ਬਖਤੌਰ ਸਿੰਘ ਢੀਡਸਾ, ਜਨਰਲ ਸਕੱਤਰ ਕੈਪਟਨ ਕਰਮਜੀਤ ਸਿੰਘ ਅਤੇ ਹੋਰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਬੈਸਟ ਰੇਡਰ ਅਤੇ ਬੈਸਟ ਜਾਫੀ ਰਹੇ ਖਿਡਾਰੀਆਂ ਨੂੰ ਵੀ ਵਿਸ਼ੇਸ਼ ਸਨਮਾਨ ਦਿੱਤੇ ਗਏ।ਕਲੱਬ ਪ੍ਰਬੰਧਕਾਂ ਨੇ ਕਿਹਾ ਕਿ ਕਬੱਡੀ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਈ ਖੇਡ ਹੈ ਅਤੇ ਪਿੰਡ ਪੱਧਰ ’ਤੇ ਕਰਵਾਏ ਜਾਂਦੇ ਖੇਡ ਮੇਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਕਲੱਬ ਵੱਲੋਂ ਭਵਿੱਖ ’ਚ ਵੀ ਨੌਜਵਾਨਾਂ ਲਈ ਅਜਿਹੀਆਂ ਖੇਡ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਲਵੀਰ ਸਿੰਘ, ਜਗਦੇਵ ਸਿੰਘ, ਗੁਰਜੰਟ ਸਿੰਘ, ਮਨਪ੍ਰੀਤ ਸਿੰਘ, ਗੁਰਚਰਨ ਸਿੰਘ, ਅਕਾਸ਼ਦੀਪ ਸਿੰਘ, ਗੁਰਦੀਪ ਸਿੰਘ ਹੇਹਰ, ਜੋਧਾ ਸਿੰਘ, ਅਮਰਜੀਤ ਸਿੰਘ ਦਿਓਲ, ਤਰਲੋਚਨ ਸਿੰਘ ਫੌਜੀ, ਮਨਜੀਤ ਸਿੰਘ, ਗੁਰਨਾਮ ਸਿੰਘ ਟੈਂਟ ਵਾਲੇ, ਸਨੀ ਕੋਰਡ, ਲੱਖਾ ਖਿਆਲੀ ਅਤੇ ਨੀਲਾ ਸਟੂਡੀਓ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਤੇ ਖੇਡ ਪ੍ਰੇਮੀ ਹਾਜ਼ਰ ਸਨ।