
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦਫ਼ਤਰੀ ਮੁਲਾਜ਼ਮਾਂ ਦੀ ਹੜ੍ਹਤਾਲ ਕਾਰਨ ਤਹਿਸੀਲ ’ਚ ਕੰਮਕਾਜ ਹੋਇਆ ਪ੍ਰਭਾਵਿਤ

ਨਵਦੀਪ ਸੇਖਾ, ਪੰਜਾਬੀ ਜਾਗਰਣ,
ਬਰਨਾਲਾ : ਡੀਸੀ ਦਫ਼ਤਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਕਾਰਨ ਤਹਿਸੀਲ ਦਫ਼ਤਰ ’ਚ ਰੋਜ਼ਾਨਾ ਦੇ ਕੰਮਕਾਜ ’ਤੇ ਅਸਰ ਪਿਆ। ਮੁਲਾਜ਼ਮਾਂ ਦੇ ਹੜਤਾਲ ’ਤੇ ਰਹਿਣ ਕਾਰਨ ਵੱਖ-ਵੱਖ ਕੰਮਾਂ ਲਈ ਤਹਿਸੀਲ ਦਫ਼ਤਰ ਪਹੁੰਚੇ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਤਹਿਸੀਲ ਦਫ਼ਤਰ ’ਚ ਕੰਮ ਕਰਵਾਉਣ ਲਈ ਪਹੁੰਚੇ ਲੋਕਾਂ ਹਰਮੇਲ ਸਿੰਘ, ਨਛੱਤਰ ਸਿੰਘ, ਗੁਰਨਾਮ ਸਿੰਘ, ਗੁਰਮੀਤ ਕੋਰ ਆਦਿ ਨੇ ਦੱਸਿਆ ਕਿ ਹੜਤਾਲ ਕਾਰਨ ਉਨ੍ਹਾਂ ਦੇ ਜ਼ਰੂਰੀ ਕੰਮ ਸਮੇਂ ਸਿਰ ਨਹੀਂ ਹੋ ਸਕੇ। ਕਈ ਲੋਕਾਂ ਨੂੰ ਬਿਨਾਂ ਕੰਮ ਕਰਵਾਏ ਹੀ ਵਾਪਸ ਮੁੜਨਾ ਪਿਆ, ਜਦਕਿ ਕੁਝ ਲੋਕਾਂ ਨੇ ਕੰਮ ਮੁਕੰਮਲ ਹੋਣ ਦੀ ਉਮੀਦ ’ਚ ਦਫ਼ਤਰ ਦੇ ਬਾਹਰ ਉਡੀਕ ਕੀਤੀ। ਜਦਕਿ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਤੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇ ਕੇ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਲਈ ਅਗਲੀ ਰਣਨੀਤੀ ਜਥੇਬੰਦੀ ਵੱਲੋਂ ਤੈਅ ਕੀਤੀ ਜਾਵੇਗੀ।
: ਦਫ਼ਤਰਾਂ ’ਚ ਪਸਰੀ ਸੁੰਨ, ਲੋਕ ਹੋਏ ਖੱਜਲ-ਖੁਆਰ
ਸਰਕਾਰੀ ਦਫ਼ਤਰਾਂ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰਹਾਜ਼ਰੀ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਦਫ਼ਤਰਾਂ ’ਚ ਕੰਮ ਕਰਵਾਉਣ ਲਈ ਪਹੁੰਚੇ ਲੋਕ ਲੰਮੇ ਸਮੇਂ ਤੱਕ ਇੰਤਜ਼ਾਰ ਕਰਦੇ ਰਹੇ, ਪਰ ਜ਼ਿੰਮੇਵਾਰ ਅਧਿਕਾਰੀ ਨਾ ਮਿਲਣ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਮੁੜਨਾ ਪਿਆ। ਲੋਕਾਂ ਦਾ ਕਹਿਣਾ ਹੈ ਕਿ ਉਹ ਦੂਰ-ਦੁਰਾਡੇ ਤੋਂ ਸਰਕਾਰੀ ਕੰਮਾਂ ਲਈ ਦਫ਼ਤਰਾਂ ’ਚ ਪਹੁੰਚਦੇ ਹਨ। ਦਿਨ ਭਰ ਦੀ ਉਡੀਕ ਤੋਂ ਬਾਅਦ ਵੀ ਜੇਕਰ ਕੰਮ ਨਾ ਹੋਵੇ ਤਾਂ ਉਨ੍ਹਾਂ ਦਾ ਸਮਾਂ ਤੇ ਪੈਸਾ ਦੋਵੇਂ ਬਰਬਾਦ ਹੁੰਦੇ ਹਨ। ਲੋਕਾਂ ਨੇ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਦਫ਼ਤਰਾਂ ’ਚ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ ਤੇ ਆਮ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ-ਖੁਆਰੀ ਦੇ ਨਿਰਧਾਰਤ ਸਮੇਂ ਅੰਦਰ ਕੀਤੇ ਜਾਣ।
: ਵਸੀਕਾ ਨਵੀਸ ਤੇ ਟਾਈਪਿਸਟ ਦੀਆਂ ਦੇ ਕੰਮਕਾਜ ਹੋਇਆ ਠੱਪ
ਹੜਤਾਲ ਕਾਰਨ ਬਰਨਾਲਾ ਤਹਿਸੀਲ ਅੰਦਰ ਵਸੀਕਾ ਨਵੀਸਾਂ ਤੇ ਟਾਈਪਿਸਟਾਂ ਨਾਲ ਸਬੰਧਤ ਕੰਮਕਾਜ ਠੱਪ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਮਕਾਜ ਪ੍ਰਭਾਵਿਤ ਹੋਣ ਕਾਰਨ ਦਸਤਾਵੇਜ਼ ਤਿਆਰ ਕਰਵਾਉਣ, ਰਜਿਸਟਰੀ ਤੇ ਹੋਰ ਜ਼ਰੂਰੀ ਕਾਰਵਾਈਆਂ ਲਈ ਆਉਣ ਵਾਲੇ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਸੀਕਾ ਨਵੀਸਾਂ ਤੇ ਟਾਈਪਿਸਟਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਵੱਲ ਲੰਮੇ ਸਮੇਂ ਤੋਂ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਕੰਮ ਬੰਦ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਨੇ ਸਰਕਾਰ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮਾਮਲੇ ਦਾ ਜਲਦ ਹੱਲ ਕਰਕੇ ਕੰਮਕਾਜ ਮੁੜ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਹੈ।