- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਮਪੀ ਮੀਤ ਹੇਅਰ ਵਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਸੀਐੱਸ ਕਾਲਜ ਹੰਡਿਆਇਆ ਦੇ ਆਡੀਟੋਰੀਅਮ ’ਚ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਮਾਜਿਕ ਸਾਂਝ ਦਾ ਸੁਨੇਹਾ ਦਿੰਦਿਆਂ ਆਖਿਆ ਕਿ ਨਸ਼ਿਆਂ ਦੀ ਇਸ ਅੱਗ ਨੂੰ ਆਪਣੇ ਘਰਾਂ ਤੱਕ ਪਹੁੰਚਣ ਤੋਂ ਰੋਕਣ ਲਈ ਸਮੁੱਚੇ ਸਮਾਜ ਨੂੰ ਇਕਜੁੱਟ ਹੋ ਕੇ ਨਿਰਣਾਇਕ ਹੰਭਲਾ ਮਾਰਨਾ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਜਿੱਥੇ ਨਸ਼ਾ ਤਸਕਰੀ ’ਤੇ ਨਕੇਲ ਕੱਸ ਰਹੀ ਹੈ, ਉੱਥੇ ਹੀ ਨਸ਼ਾ ਪੀੜਤਾਂ ਦੇ ਇਲਾਜ ਲਈ ਵੀ ਵਚਨਬੱਧ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਤਸਕਰਾਂ ਉੱਪਰ ਪੂਰੀ ਲਗਾਮ ਕੱਸੀ ਜਾਵੇ ਤੇ ਨਸ਼ਾ ਮੁਕਤੀ ਮੋਰਚੇ ਦੀ ਟੀਮ ਦੀ ਫੀਡਬੈਕ ਉਪਰ ਅਮਲੀ ਰੂਪ ’ਚ ਕੰਮ ਕੀਤਾ ਜਾਵੇ। ਨੌਜਵਾਨੀ ਨੂੰ ਸਮਾਜਿਕ ਬੁਰਾਈਆਂ ਤੋਂ ਮੋੜਨ ਲਈ ਸਰਕਾਰੀ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਭਰ ’ਚ ਵੱਡੇ ਪੱਧਰ 'ਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਜਵਾਨੀ ਦੀ ਊਰਜਾ ਨੂੰ ਖੇਡਾਂ ਵੱਲ ਮੋੜਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਪਿੰਡਾਂ ’ਚ ‘ਵਿਲੇਜ ਡਿਫੈਂਸ ਕਮੇਟੀਆਂ’ ਸਰਗਰਮੀ ਨਾਲ ਨਿਗਰਾਨੀ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਅਸਮਾਜਿਕ ਅਨਸਰ ਭੋਲੇ-ਭਾਲੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਨਸ਼ਿਆਂ ਦੇ ਦਲਦਲ ’ਚ ਨਾ ਧੱਕ ਸਕੇ। ਇਸ ਮੌਕੇ ਮੁਹਿੰਮ ਦੇ ਮਾਲਵਾ ਜ਼ੋਨ ਦੇ ਵਾਈਸ ਕੋਆਰਡੀਨੇਟਰ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਨੇ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਆਓ ਇਸ ਮੁਹਿੰਮ ’ਚ ਪਿੰਡਾਂ ਦੀਆਂ ਕਮੇਟੀਆਂ ਤੇ ਪੁਲਿਸ ਸਰਗਰਮੀ ਨਾਲ ਕੰਮ ਕਰਕੇ ਇਸ ਮੁਹਿੰਮ ਨੂੰ ਹੋਰ ਕਾਰਗਾਰ ਬਣਾਈਏ। ਉਨ੍ਹਾਂ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਜ਼ਿਲ੍ਹੇ ਦੇ ਹਰ ਹਿੱਸੇ ’ਚ ਲੋਕਾਂ ਨੂੰ ਜਾਗਰੂਕ ਕਰਨ ਲਈ ਯਤਨ ਕੀਤੇ ਗਏ ਹਨ, ਜਿਨ੍ਹਾਂ ਦੇ ਬਹੁਤ ਵਧੀਆ ਅਤੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ।
ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਵਿਸ਼ੇਸ਼ ਸੈਮੀਨਾਰ ਪਿਛਲੇ ਸਮੇਂ ਲਗਵਾਏ ਗਏ ਹਨ। ਇਸ ਮੌਕੇ ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ ਨੇ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਦੱਸਿਆ ਅਤੇ ਵਿਸ਼ਵਾਸ ਦਿਵਾਇਆ ਕਿ ਇਸ ਮੁਹਿੰਮ ਤਹਿਤ ਹੋਰ ਸਰਗਰਮੀ ਨਾਲ ਯਤਨ ਕੀਤੇ ਜਾਣਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸੂਚਨਾ ਦੇਣ ਵਾਲੇ ਨਾਗਰਿਕਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ।
ਇਸ ਤੋਂ ਪਹਿਲਾਂ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਫਰਵਾਹੀ ਨੇ ਸਾਰੇ ਹਾਜ਼ਰੀਨ ਦਾ ਸਵਾਗਤ ਕਰਦੇ ਹੋਏ ਇਸ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕੀਤਾ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਵੇਕ ਮੋਦੀ, ਐੱਸਪੀ ਸੰਜੀਵ ਗੋਇਲ, ਐੱਸਡੀਐਮ ਬਰਨਾਲਾ ਅਜੀਤਪਾਲ ਸਿੰਘ ਚਹਿਲ, ਐੱਸਡੀਐਮ ਤਪਾ ਆਯੂਸ਼ ਗੋਇਲ, ਐੱਸਡੀਐਮ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ, ਵਾਇਸ ਕੋਆਰਡੀਨੇਟਰ, ਬਲਾਕ ਕੋਆਰਡੀਨੇਟਰ ਤੇ ਪੁਲਿਸ ਅਧਿਕਾਰੀ/ਕਰਮਚਾਰੀ ਮੌਜੂਦ ਸਨ।