- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਦੇ ਕੇ ਮੁਕਰਨ ਤੋਂ ਬਾਅਦ ਐਨਐਚਐਮ ਮੁਲਾਜ਼ਮਾਂ ’ਚ ਵਧਿਆ ਰੋਸ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਸਿਹਤ ਵਿਭਾਗ ’ਚ ਲੰਮੇ ਸਮੇਂ ਤੋਂ ਪਹਿਲੀ ਕਤਾਰ ’ਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ) ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਵੱਲੋਂ ਮੌਜੂਦਾ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪਿਛਲੇ ਦਿਨੀਂ 8 ਸਤੰਬਰ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਪੰਜਾਬ ਦੇ ਖ਼ਿਲਾਫ਼ ਇੱਕ ਵੱਡੀ ਸੂਬਾ ਪੱਧਰੀ ਰੋਸ ਰੈਲੀ ਕਰਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਸੀ। ਇਸ ਰੈਲੀ ਅਤੇ ਪਹਿਲਾਂ ਤੋਂ ਚੱਲ ਰਹੇ ਸੰਘਰਸ਼ ਦੇ ਦਬਾਅ ਸਦਕਾ ਯੂਨੀਅਨ ਨੂੰ ਕੈਬਨਿਟ ਸਬ-ਕਮੇਟੀ ਅਤੇ ਵਿੱਤ ਮੰਤਰੀ ਪੰਜਾਬ ਨਾਲ ਦੋ ਅਹਿਮ ਮੀਟਿੰਗਾਂ ਦਾ ਸਮਾਂ ਮਿਲਿਆ ਸੀ। ਇਨ੍ਹਾਂ ਮੀਟਿੰਗਾਂ ਤੋਂ ਸਮੁੱਚੇ ਮੁਲਾਜ਼ਮਾਂ ਨੂੰ ਆਸ ਸੀ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਸਾਰਥਕ ਨਤੀਜਾ ਸਾਹਮਣੇ ਆਵੇਗਾ। ਪਰ ਯੂਨੀਅਨ ਆਗੂਆਂ ਅਨੁਸਾਰ ਸਰਕਾਰ ਵੱਲੋਂ ਮੁੜ ਮੀਟਿੰਗਾਂ ਮੁਲਤਵੀ ਕਰ ਦਿੱਤੀਆਂ ਗਈਆਂ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਯੂਨੀਅਨ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ ਮੀਟਿੰਗਾਂ ਮੁਲਤਵੀ ਕਰਨ ਦੇ ਰੋਸ ਵਜੋਂ ਯੂਨੀਅਨ ਨੇ ਸਰਬਸੰਮਤੀ ਨਾਲ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ 18 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਧੂਰੀ ਵਿਖੇ ਸਥਿਤ ਮੁੱਖ ਦਫ਼ਤਰ ਦਾ ਸੂਬਾ ਪੱਧਰੀ ਰੋਸ ਰੈਲੀ ਕਰਕੇ ਘਿਰਾਓ ਕੀਤਾ ਜਾਵੇਗਾ। ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਕਪੂਰਥਲਾ ਤੇ ਅਮਨਦੀਪ ਸਿੰਘ ਪਟਿਆਲਾ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਐੱਨਐੱਚਐੱਮ ਮੁਲਾਜ਼ਮਾਂ ਨੂੰ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਤੁਰੰਤ ਗੱਲਬਾਤ ਕਰਕੇ ਮਸਲਿਆਂ ਦਾ ਹੱਲ ਕਰਨ ਦੀ ਮੰਗ ਕੀਤੀ। ਸੀਨੀਅਰ ਆਗੂ ਸੁਖਜੀਤ ਸਿੰਘ ਰੋਪੜ, ਡਾਕਟਰ ਵਾਹਿਗੁਰੂ ਮਲੇਰਕੋਟਲਾ, ਜਗਦੇਵ ਸਿੰਘ ਮਾਨਸਾ ਅਤੇ ਗੁਲਸ਼ਨ ਜੀ ਫਰੀਦਕੋਟ ਨੇ ਕਿਹਾ ਕਿ ਸਰਕਾਰ ਦੀ ਸਿਹਤ ਕ੍ਰਾਂਤੀ ’ਚ ਐੱਨਐੱਚਐੱਮ ਮੁਲਾਜ਼ਮ ਅਹਿਮ ਭੂਮਿਕਾ ਨਿਭਾ ਰਹੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਭੁੱਖ ਹੜਤਾਲ ਤੇ ਮਰਨ ਵਰਤ ਵਰਗੇ ਸਖ਼ਤ ਸੰਘਰਸ਼ ਕੀਤੇ ਜਾਣਗੇ। ਇਸ ਮੌਕੇ ਜਸਵੀਰ ਸਿੰਘ ਬਰਨਾਲਾ, ਮਨਦੀਪ ਸਿੰਘ ਤਰਨਤਾਰਨ, ਦਿਨੇਸ਼ ਗਰਗ ਪਟਿਆਲਾ, ਦੀਪਿਕਾ ਪਠਾਨਕੋਟ, ਪਵਨ, ਗੋਰਵ ਅੰਮ੍ਰਿਤਸਰ ਸਾਹਿਬ, ਬਲਕਰਨ ਮੁਕਤਸਰ ਸਾਹਿਬ, ਬਗੀਚ ਫਿਰੋਜ਼ਪੁਰ, ਰਵਿੰਦਰ ਫਾਜ਼ਿਲਕਾ, ਡਾਕਟਰ ਪੰਖੜੀ ਜਲੰਧਰ, ਡਾਕਟਰ ਸਿਮਰ ਮੋਗਾ ਆਦਿ ਹਾਜ਼ਰ ਸਨ।