ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
Publish Date: Sun, 13 Sep 2026 04:19 PM (IST)
Updated Date: Mon, 14 Sep 2026 04:02 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ’ਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਦਾ ਸਰਵਣ ਕੀਤਾ ਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਵੇਰੇ 7:30 ਵਜੇ ਆਰੰਭ ਹੋਏ ਗੁਰਮਤਿ ਸਮਾਗਮ ਦੌਰਾਨ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਇਤਿਹਾਸਕ ਮਹੱਤਤਾ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਸੰਗਤਾਂ ਨੇ ਪੂਰੀ ਸ਼ਰਧਾ ਨਾਲ ਸਮਾਗਮ ’ਚ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਦੀ ਹਜ਼ੂਰੀ ’ਚ ਗੁਰਬਾਣੀ ਦਾ ਆਨੰਦ ਮਾਣਿਆ।ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਜਥੇਦਾਰ ਪਰਮਜੀਤ ਸਿੰਘ ਖਾਲਸਾ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਪਾਵਨ ਦਿਹਾੜੇ ਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਤੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ, ਬਰਨਾਲਾ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਸਿੱਖ ਕੌਮ ਦੇ ਸਰਬਉੱਚ ਤੇ ਸਦੀਵੀ ਗੁਰੂ ਹਨ। ਉਨ੍ਹਾਂ ਕਿਹਾ ਕਿ ਪਹਿਲੇ ਪ੍ਰਕਾਸ਼ ਪੁਰਬ ਦਾ ਦਿਹਾੜਾ ਸਿੱਖ ਇਤਿਹਾਸ ’ਚ ਵਿਸ਼ੇਸ਼ ਮਹੱਤਤਾ ਰੱਖਦਾ ਹੈ ਤੇ ਇਸ ਪਾਵਨ ਦਿਹਾੜੇ ਨੂੰ ਸ਼ਰਧਾ, ਸਤਿਕਾਰ ਤੇ ਗੁਰਮਤਿ ਦੀ ਭਾਵਨਾ ਨਾਲ ਮਨਾਉਣਾ ਸਾਡਾ ਸਾਂਝਾ ਫਰਜ਼ ਹੈ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਗੁਰਮਤਿ ਦੇ ਮਾਰਗ ’ਤੇ ਚੱਲਦਿਆਂ ਆਪਣੇ ਜੀਵਨ ਨੂੰ ਸਫ਼ਲ ਬਣਾਇਆ ਜਾਵੇ ਅਤੇ ਗੁਰਬਾਣੀ ਨਾਲ ਜੁੜ ਕੇ ਮਨੁੱਖਤਾ ਦੀ ਸੇਵਾ ਕੀਤੀ ਜਾਵੇ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸੰਗਤਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ। ਸਮਾਗਮ ਦੀ ਸਮਾਪਤੀ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਨਾਲ ਹੋਈ। ਇਸ ਮੌਕੇ ਸੁਖਪਾਲ ਸਿੰਘ ਕੌਮੀ ਜਥੇਬੰਦਕ ਸਕੱਤਰ, ਮਨਪ੍ਰੀਤ ਸਿੰਘ ਰਿਕਾਰਡ ਕੀਪਰ, ਮਨਪ੍ਰੀਤ ਸਿੰਘ ਕੋਰਟ ਕਲਰਕ,ਕੁਲਦੀਪ ਸਿੰਘ ਆਰ ਕੇ, ਜਸਪਾਲ ਸਿੰਘ ਇੰਚਾਰਜ, ਸੁਖਪਾਲ ਸਿੰਘ ਖੀਵਾ ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਸਮੂਹ ਮੁਲਾਜਮ ਹਾਜਰ ਸਨ।