ਮਹਿਲਕਲਾਂ ਦੇ ਵੱਖ-ਵੱਖ ਪਿੰਡਾਂ ’ਚ ਮਮਤਾ ਦਿਵਸ ਮੌਕੇ ਦਿੱਤੀਆਂ ਗਈਆਂ ਟੀਕਾਕਰਣ ਸੇਵਾਵਾਂ ਮਹਿਲਕਲਾਂ ਦੇ ਵੱਖ-ਵੱਖ ਪਿੰਡਾਂ ’ਚ ਮਮਤਾ ਦਿਵਸ ਮੌਕੇ ਦਿੱਤੀਆਂ ਗਈਆਂ ਟੀਕਾਕਰਣ ਸੇਵਾਵਾਂ
Publish Date: Wed, 21 Oct 2026 05:04 PM (IST)
Updated Date: Thu, 22 Oct 2026 04:01 AM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਬਰਨਾਲਾ : ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੰਜੇ ਕੁਮਾਰ ਦੀ ਅਗਵਾਈ ਹੇਠ ਸਿਹਤ ਬਲਾਕ ਮਹਿਲਕਲਾਂ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ’ਚ ਮਮਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਮੁੰਮ ਵਿਖੇ ਟੀਕਾਕਰਨ ਦੀਆਂ ਸੇਵਾਵਾਂ ਨਿਭਾ ਰਹੇ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਹਰਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਮਤਾ ਦਿਵਸ ਮੌਕੇ ਗਰਭਵਤੀ ਮਹਿਲਾਵਾਂ ਅਤੇ ਨਿਆਣਿਆਂ ਦਾ ਟੀਕਾਕਰਨ ਕੀਤਾ ਜਾਂਦਾ ਹੈ, ਤਾਂ ਜੋ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਸਮੇਂ ਸਿਰ ਟੀਕਾਕਰਨ ਕਰਵਾ ਕੇ 10 ਮਾਰੂ ਰੋਗਾਂ ਤੋਂ ਬਚਾਇਆ ਜਾ ਸਕਦਾ ਹੈ। ਨਵਜੰਮੇ ਬੱਚੇ ਤੋਂ ਲੈ ਕੇ ਡੇਢ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ, ਗਲ-ਘੋਟੂ, ਕਾਲੀ ਖਾਂਸੀ, ਟੈਟਨਸ, ਦਿਮਾਗੀ ਬੁਖਾਰ, ਪੀਲੀਆ, ਖਸਰਾ, ਰੁਬੇਲਾ ਅਤੇ ਨਿਮੋਨੀਆ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਾਅ ਲਈ ਟੀਕੇ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ, ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਤੇ ਰੋਟਾਵਾਇਰਸ ਤੋਂ ਬਚਾਅ ਲਈ ਬੂੰਦਾਂ ਵੀ ਪਿਲਾਈਆਂ ਜਾਂਦੀਆਂ ਹਨ। ਇਸ ਮੌਕੇ ਬੀ.ਈ.ਈ. ਸ਼ਿਵਾਨੀ ਅਰੋੜਾ ਨੇ ਦੱਸਿਆ ਕਿ ਮਮਤਾ ਦਿਵਸ ਦੌਰਾਨ ਟੀਕਾਕਰਨ ਲਈ ਆਉਣ ਵਾਲੀਆਂ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ ਸਿਹਤ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਨਵਜੰਮੇ ਬੱਚੇ ਨੂੰ ਕਦੇ ਵੀ ਗੁੜਤੀ ਨਾ ਦਿੱਤੀ ਜਾਵੇ। ਬੱਚੇ ਨੂੰ ਇਨਫੈਕਸ਼ਨ ਤੋਂ ਬਚਾਉਣ ਲਈ ਹਮੇਸ਼ਾ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਸਾਫ਼ ਕਰਨ ਤੋਂ ਬਾਅਦ ਹੀ ਬੱਚੇ ਨੂੰ ਹੱਥ ਲਗਾਇਆ ਜਾਵੇ। ਗਰਭਵਤੀ ਔਰਤਾਂ ਸਮੇਂ-ਸਮੇਂ ਤੇ ਆਪਣੇ ਨੇੜਲੇ ਸਿਹਤ ਕੇਂਦਰ ਵਿਖੇ ਨਿਯਮਤ ਚੈੱਕਅਪ ਕਰਵਾਉਣ, ਤਾਂ ਜੋ ਜਣੇਪੇ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਬਲਜਿੰਦਰ ਸਿੰਘ ਤੇ ਸਮੂਹ ਆਸ਼ਾ ਵਰਕਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।