ਭਾਸ਼ਾ ਵਿਭਾਗ ਨੇ ਕਵਿਤਾ ਗਾਇਨ ਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕਵਿਤਾ ਗਾਇਨ ਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ
Publish Date: Wed, 28 Oct 2026 04:17 PM (IST)
Updated Date: Wed, 28 Oct 2026 04:19 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਕੂਲੀ ਵਿਦਿਆਰਥੀਆਂ ਦੀਆਂ ਸਾਹਿਤਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਤੇ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਕਵਿਤਾ ਗਾਇਨ ਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ। ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ’ਚ ਜ਼ਿਲ੍ਹੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ’ਚ ਕਵਿਤਾ ਗਾਇਨ, ਕਵਿਤਾ ਲੇਖਣ, ਕਹਾਣੀ ਲੇਖਣ ਤੇ ਲੇਖ ਲੇਖਣ ਦੀਆਂ ਚਾਰ ਵੰਨਗੀਆਂ ਸ਼ਾਮਲ ਸਨ। ਵੱਖ-ਵੱਖ ਮੁਕਾਬਲਿਆਂ ’ਚ ਜੇਤੂ ਰਹੇ ਵਿਦਿਆਰਥੀਆਂ ਨੂੰ ਪਹਿਲੇ ਸਥਾਨ ਲਈ 1000 ਰੁਪਏ, ਦੂਜੇ ਸਥਾਨ ਲਈ 750 ਰੁਪਏ ਅਤੇ ਤੀਜੇ ਸਥਾਨ ਲਈ 500 ਰੁਪਏ ਦੀ ਨਕਦ ਰਾਸ਼ੀ ਦੇ ਨਾਲ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਮੁਕਾਬਲਿਆਂ ਦੇ ਜੱਜਾਂ ਨੇ ਵਿਦਿਆਰਥੀਆਂ ਨੂੰ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਦੀਆਂ ਬਾਰੀਕੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਰਚਨਾਤਮਕ ਸੋਚ ਪੈਦਾ ਕਰਨ ਤੇ ਉਨ੍ਹਾਂ ਨੂੰ ਸਾਹਿਤ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।