- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਬਲਾਕ ਮਹਿਲ ਕਲਾਂ ਦੇ ਪਿੰਡਾਂ ’ਚ ਤੰਬਾਕੂਨੋਸ਼ੀ ਵਿਰੋਧੀ ਗਤੀਵਿਧੀਆਂ,ਤੰਬਾਕੂ ਛੱਡੋ, ਜ਼ਿੰਦਗੀ ਅਪਨਾਓ- ਡਾ. ਸੰਜੇ ਕੁਮਾਰ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਮਹਿਲਕਲਾਂ ਡਾ. ਸੰਜੇ ਕੁਮਾਰ ਦੀ ਅਗਵਾਈ ਹੇਠ ਸਿਹਤ ਬਲਾਕ ਮਹਿਲ ਕਲਾਂ ਦੇ ਪਿੰਡਾਂ ’ਚ ਪੰਜਾਬ ਰਾਜ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ। ਜਿਸ ਦੌਰਾਨ ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ, ਗ੍ਰਾਮ ਸਭਾਵਾਂ, ਜਨਤਕ ਥਾਵਾਂ ’ਤੇ ਜਾਣਕਾਰੀ ਦੇਣਾ, ਵਿਦਿਅਕ ਸੰਸਥਾਵਾਂ ਨੂੰ ਤੰਬਾਕੂਨੋਸ਼ੀ ਰਹਿਤ ਘੋਸ਼ਿਤ ਕਰਵਾਉਣਾ ਆਦਿ ਗਤਿਵਿਧਿਆਂ ਕਰਵਾਈਆਂ। ਇਸ ਮੌਕੇ ਆਪਣੇ ਸੰਬੋਧਨ ’ਚ ਡਾ. ਸੰਜੇ ਕੁਮਾਰ ਨੇ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਜਿੱਥੇ ਸਰੀਰ ‘ਤੇ ਬੁਰਾ ਪ੍ਰਭਾਵ ਪੈਂਦਾ ਹੈ ਉੱਥੇ ਹੀ ਇਸ ਨਾਲ ਕੈਂਸਰ ਵਰਗਾ ਮਾਰੂ ਰੋਗ ਲੱਗ ਜਾਂਦਾ ਹੈ। ਇਸ ਮੌਕੇ ਐਸ.ਆਈ ਸੁਖਵਿੰਦਰ ਸਿੰਘ ਤੇ ਹੈਲਥ ਵਰਕਰ ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਪਾ (ਸਿਗਰਟ ਅਤੇ ਹੋਰ ਤੰਬਾਕੂ ਉਤਪਾਦ) ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੋਟਪਾ ਐਕਟ ਦੀ ਧਾਰਾ 4 ਤਹਿਤ ਜਨਤਕ ਥਾਵਾਂ ’ਤੇ ਸਿਗਰਟ ਪੀਣ ਜਾਂ ਤੰਬਾਕੂਨੋਸ਼ੀ ਕਰਨ ’ਤੇ 200 ਰੁਪਏ ਤੱਕ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ। ਐਕਟ ਦੀ ਧਾਰਾ 6(ਏ) ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਦੀ ਪਾਬੰਦੀ ਹੈ ਜਦਕਿ ਧਾਰਾ 6(ਬੀ) ਤਹਿਤ ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਸੇਵਨ ਕਰਨਾ ਵੀ ਕਾਨੂੰਨੀ ਅਪਰਾਧ ਹੈ। ਇਸ ਤੋਂ ਇਲਾਵਾ ਧਾਰਾ 5 ਤਹਿਤ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਰੂਪ ’ਚ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ ਹੈ।