ਹੋਲੀ ਏਂਜਲਸ ਸਕੂਲ ਨੇ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ ਕਰਵਾਇਆ
ਹੋਲੀ ਏਂਜਲਸ ਸਕੂਲ ਵੱਲੋਂ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ ਕਰਵਾਇਆ
Publish Date: Wed, 18 Nov 2026 03:49 PM (IST)
Updated Date: Wed, 18 Nov 2026 03:51 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ ਹੋਲੀ ਏਂਜਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਵੱਲੋਂ ਪਹਿਲੀ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲੇ ਗੁਰਦੁਆਰਾ ਮਹਿਦੀਆਣਾ ਸਾਹਿਬ ਵਿਖੇ ਇੱਕ ਵਿੱਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਇਤਿਹਾਸ, ਮਹਾਨ ਸਿੱਖ ਸ਼ਹੀਦਾਂ ਦੀਆਂ ਕੁਰਬਾਨੀਆਂ ਤੇ ਆਪਣੇ ਧਰਮ ਤੇ ਮਾਤਭੂਮੀ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀਆਂ ਮਹਾਨ ਸ਼ਹਾਦਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਇਤਿਹਾਸ ’ਚ ਸਿੱਖਾਂ ਵੱਲੋਂ ਹੰਢਾਏ ਗਏ ਜ਼ੁਲਮਾਂ, ਸੰਘਰਸ਼ਾਂ ਅਤੇ ਔਕੜਾਂ ਬਾਰੇ ਵੀ ਜਾਣਿਆ। ਇਸ ਦੌਰੇ ਨੇ ਬੱਚਿਆਂ ਨੂੰ ਆਪਣੇ ਇਤਿਹਾਸ ਤੇ ਵਿਰਸੇ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਢਿੱਲਵਾਂ ਵਿਖੇ ਵੀ ਮੱਥਾ ਟੇਕਿਆ। ਇਹ ਉਹ ਪਵਿੱਤਰ ਅਸਥਾਨ ਹੈ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਕਾਫ਼ੀ ਸਮਾਂ ਬਤੀਤ ਕੀਤਾ ਸੀ। ਚੇਅਰਮੈਨ ਅਸ਼ੋਕ ਮਿੱਤਲ, ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਤੇ ਪ੍ਰਿੰਸੀਪਲ ਰਣਧੀਰ ਕੌਰ ਨੇ ਵਿਦਿਆਰਥੀਆਂ ਨੂੰ ਹਿੰਮਤ, ਕੁਰਬਾਨੀ, ਮਨੁੱਖਤਾ, ਸੇਵਾ ਤੇ ਧਾਰਮਿਕ ਸਿਧਾਂਤਾਂ ਤੇ ਦ੍ਰਿੜ੍ਹ ਰਹਿਣ ਵਰਗੀਆਂ ਉੱਚੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ।