ਦੇਸੀ ਕੱਟੇ ਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਇਕ ਕਾਬੂ ਮਹਿਲ ਕਲਾਂ ਪੁਲਿਸ ਵੱਲੋਂ ਦੇਸੀ ਕੱਟੇ ਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਕਾਬੂ
Publish Date: Wed, 18 Nov 2026 04:32 PM (IST)
Updated Date: Wed, 18 Nov 2026 04:33 PM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ ਮਹਿਲ ਕਲਾਂ : ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ 315 ਬੋਰ ਦੇਸੀ ਕੱਟਾ ਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਕਮਲਜੀਤ ਕੌਰ ਤੇ ਏਐੱਸਆਈ ਲਾਭ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤੇ ਡੀਐੱਸਪੀ ਮਹਿਲ ਕਲਾਂ ਸਤਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੂੰ ਇੱਕ ਖ਼ਾਸ ਮੁਖਬਰ ਵੱਲੋਂ ਸੂਚਨਾ ਮਿਲੀ ਸੀ ਕਿ ਰਾਏਕੋਟ ਤੋਂ ਮਹਿਲ ਕਲਾਂ ਵੱਲ ਇਕ ਮੋਟਰਸਾਈਕਲ ਸਵਾਰ ਵਿਅਕਤੀ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਨੀਅਤ ਨਾਲ ਘੁੰਮ ਰਿਹਾ ਹੈ। ਇਸ ਸੂਚਨਾ ’ਤੇ ਪੁਲਿਸ ਪਾਰਟੀ ਨੇ ਮਹਿਲ ਕਲਾਂ-ਰਾਏਕੋਟ ਰੋਡ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 315 ਬੋਰ ਦਾ ਦੇਸੀ ਕੱਟਾ ਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ। ਥਾਣਾ ਮੁਖੀ ਮੈਡਮ ਕਮਲਜੀਤ ਕੌਰ ਨੇ ਕਿਹਾ ਕਿ ਇਲਾਕੇ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣਾ ਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਪੁਲਿਸ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ, ਨਾਜਾਇਜ਼ ਅਸਲਾ ਰੱਖਣ ਵਾਲਿਆਂ ਤੇ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਕਲਾਲ ਮਾਜਰਾ, ਹਾਲ ਵਾਸੀ ਪ੍ਰੇਮ ਨਗਰ ਬਰਨਾਲਾ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਮਹਿਲ ਕਲਾਂ ਵਿਖੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ।