- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਰੱਖਿਅਤ ਬਚਪਨ ਅਭਿਆਨ ਤਹਿਤ ਪੋਕਸੋ ਐਕਟ ਸਬੰਧੀ ਸਕੂਲ ਅਧਿਆਪਕਾਂ ਲਈ 15 ਰੋਜ਼ਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸੁਰੱਖਿਅਤ ਬਚਪਨ ਅਭਿਆਨ ਤਹਿਤ ਅੰਸ਼ੁਲ ਬੇਰੀ , ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸ਼੍ਰੀਮਤੀ ਰਾਜਵਿੰਦਰ ਕੌਰ-9 (ਇੰਚਾਰਜ), ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਸਹਿਯੋਗ ਨਾਲ ਸਕੂਲ ਅਧਿਆਪਕਾਂ ਨੂੰ ਬੱਚਿਆਂ ਦੀ ਸੁਰੱਖਿਆ, ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਸਬੰਧੀ ਪੋਕਸੋ ਐਕਟ, 2012 ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ 16 ਨਵੰਬਰ 2026 ਤੋਂ 30 ਨਵੰਬਰ 2026 ਤੱਕ 15 ਰੋਜ਼ਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਹ ਸਿਖਲਾਈ ਪ੍ਰੋਗਰਾਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਸੁਰੱਖਿਅਤ ਬਚਪਨ ਅਭਿਆਨ ਦੇ ਉਦੇਸ਼ਾਂ ਦੀ ਪੂਰਤੀ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਦਾ ਮੁੱਖ ਮਕਸਦ ਸਕੂਲ ਅਧਿਆਪਕਾਂ ਨੂੰ ਬੱਚਿਆਂ ਨਾਲ ਸਬੰਧਤ ਅਪਰਾਧਾਂ ਦੀ ਰੋਕਥਾਮ, ਪਛਾਣ ਅਤੇ ਕਾਨੂੰਨੀ ਕਾਰਵਾਈ ਦੀ ਪ੍ਰਕਿਰਿਆ ਬਾਰੇ ਸਮਰੱਥ ਬਣਾਉਣਾ ਹੈ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਐਡਵੋਕੇਟ ਸਾਹਿਲ ਰਾਹੇਜਾ ਵੱਲੋਂ ਸਮੂਹ ਸਕੂਲ ਅਧਿਆਪਕਾਂ ਨੂੰ ਪੋਕਸੋ ਐਕਟ ਦੇ ਵੱਖ-ਵੱਖ ਕਾਨੂੰਨੀ ਪਹਿਲੂਆਂ, ਉਦੇਸ਼ਾਂ ਅਤੇ ਵਿਵਸਥਾਵਾਂ ਬਾਰੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਅਧਿਆਪਕਾਂ ਨੂੰ ਬੱਚਿਆਂ ਨਾਲ ਹੋਣ ਵਾਲੇ ਜਿਨਸੀ ਸ਼ੋਸ਼ਣ, ਛੇੜਛਾੜ ਅਤੇ ਹੋਰ ਅਪਰਾਧਾਂ ਦੀ ਪਛਾਣ ਕਰਨ, ਅਜਿਹੀਆਂ ਘਟਨਾਵਾਂ ਦੀ ਰੋਕਥਾਮ ਕਰਨ ਅਤੇ ਪ੍ਰਭਾਵਿਤ ਬੱਚਿਆਂ ਨੂੰ ਉਚਿਤ ਮਾਰਗਦਰਸ਼ਨ ਅਤੇ ਸਹਿਯੋਗ ਪ੍ਰਦਾਨ ਕਰਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਸਿਖਲਾਈ ਦੌਰਾਨ ਪੋਕਸੋ ਐਕਟ ਦੀਆਂ ਮਹੱਤਵਪੂਰਨ ਧਾਰਾਵਾਂ, ਬੱਚਿਆਂ ਦੇ ਕਾਨੂੰਨੀ ਅਧਿਕਾਰਾਂ, ਅਪਰਾਧ ਦੀ ਸੂਚਨਾ ਦੇਣ ਸਬੰਧੀ ਲਾਜ਼ਮੀ ਕਾਨੂੰਨੀ ਜ਼ਿੰਮੇਵਾਰੀ, ਪੁਲਿਸ ਅਤੇ ਕਾਨੂੰਨੀ ਅਧਿਕਾਰੀਆਂ ਦੀ ਭੂਮਿਕਾ, ਬੱਚਿਆਂ ਦੇ ਬਿਆਨ ਦਰਜ ਕਰਨ ਸਮੇਂ ਅਪਣਾਈ ਜਾਣ ਵਾਲੀ ਸੰਵੇਦਨਸ਼ੀਲ ਪ੍ਰਕਿਰਿਆ ਅਤੇ ਪੀੜਤ ਬੱਚਿਆਂ ਦੀ ਪਛਾਣ ਤੇ ਨਿੱਜਤਾ ਦੀ ਸੁਰੱਖਿਆ ਵਰਗੇ ਅਹਿਮ ਵਿਸ਼ਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਸਕੂਲ ਸਿਰਫ਼ ਸਿੱਖਿਆ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਹੀ ਨਹੀਂ, ਸਗੋਂ ਬੱਚਿਆਂ ਦੀ ਸੁਰੱਖਿਆ, ਸਨਮਾਨ ਅਤੇ ਸਰਬਪੱਖੀ ਵਿਕਾਸ ਲਈ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।