- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਾਮਨ ਬਾਜਵਾ ਨੇ ਅੰਬੇਦਕਰ ਭਵਨ ਬਣਾਉਣ ਦਾ ਦਿੱਤਾ ਭਰੋਸਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੁਨਾਮ : ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਸੰਵਿਧਾਨ ਦਿਵਸ ਮੌਕੇ ਸੁਨਾਮ ਵਿਖੇ ਨੌਜਵਾਨ ਵਾਲਮੀਕਿ ਸਭਾ ਵੱਲੋਂ ਆਯੋਜਿਤ ਸਮਾਗਮ ਦੌਰਾਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ’ਤੇ ਸ਼ਰਧਾ ਦੇ ਫੁੱਲ ਅਰਪਣ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਦਾਮਨ ਬਾਜਵਾ ਨੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਖਿਆ ਕਿ ਬਾਬਾ ਸਾਹਿਬ ਨੇ ਦੇਸ਼ ਦੇ ਹਰ ਵਸ਼ਿੰਦੇ ਨੂੰ ਉਨ੍ਹਾਂ ਦੇ ਹੱਕ ਦੇਣ ਲਈ ਸੰਵਿਧਾਨ ਵਿੱਚ ਬਾਕਾਇਦਾ ਦਰਜ ਕੀਤਾ ਜਿਸ ਨਾਲ ਹਰ ਵਰਗ ਨੂੰ ਬਰਾਬਰ ਰੱਖਿਆ ਗਿਆ ਹੈ। ਉਨ੍ਹਾਂ ਆਖਿਆ ਕਿ ਦੇਸ਼ ਤੇ ਲੰਮਾ ਸਮਾਂ ਰਾਜ ਕਰਨ ਵਾਲਿਆਂ ਨੇ ਸੰਵਿਧਾਨ ਨੂੰ ਅਮਲ ਰੂਪ ਵਿੱਚ ਲਾਗੂ ਨਹੀਂ ਕੀਤਾ ਜਿਸ ਕਾਰਨ ਦੱਬੇ ਕੁੱਚਲੇ ਸਮਾਜ ਨੂੰ ਬਰਾਬਰਤਾ ਦਾ ਹੱਕ ਨਹੀਂ ਮਿਲਿਆ। ਉਨ੍ਹਾਂ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਬਾਬਾ ਸਾਹਿਬ ਦੇ ਸਿਧਾਂਤਾਂ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਦੱਬੇ ਕੁਚਲੇ ਸਮਾਜ ਦੇ ਲੋਕਾਂ ਦੀ ਭਲਾਈ ਅਤੇ ਬਰਾਬਰਤਾ ਦੇ ਹੱਕ ਦੇਣ ਲਈ ਕਾਰਜ਼ ਕੀਤਾ ਹੈ ਜਦਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਲਾਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਅਜੋਕੇ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿੱਤਾਂ ਦੀ ਪੂਰਤੀ ਕਰਨ ਤੋਂ ਟਾਲਾ ਵੱਟ ਰਹੀ ਹੈ, ਜਨਤਾ ਇਸ ਦਾ ਜਵਾਬ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੰਗੇਗੀ। ਭਾਜਪਾ ਆਗੂ ਦਾਮਨ ਬਾਜਵਾ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸੁਨਾਮ ਵਿਖੇ ਬਾਬਾ ਸਾਹਿਬ ਦੇ ਨਾਮ ’ਤੇ ਅੰਬੇਦਕਰ ਭਵਨ ਦਾ ਨਿਰਮਾਣ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ, ਸਮਾਨਤਾ, ਸਮਾਜਿਕ ਨਿਆਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣਾ ਸਾਡੀ ਵਚਨਬੱਧਤਾ ਹੈ।