- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਸੀ ਅਤੇ ਐੱਸਐੱਸਪੀ ਵੱਲੋਂ ਮਨਰੇਗਾ ਪੀੜ੍ਹਤ ਪਰਿਵਾਰਾਂ ਨਾਲ ਮੁਲਾਕਾਤ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਆਵਜ਼ਾ ਦੇਣ ਸਬੰਧੀ ਕਾਰਵਾਈ ਤੇਜ਼
ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਲਹਿਰਾ – ਜਾਖਲ ਰੋਡ ’ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦੁਖਦਾਈ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐੱਸਐੱਸਪੀ. ਡਾ. ਰਵਜੋਤ ਗਰੇਵਾਲ ਨੇ ਮੁਲਾਕਾਤ ਕੀਤੀ। ਦੋਵਾਂ ਅਧਿਕਾਰੀਆਂ ਨੇ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਅਤੇ ਦੁੱਖ ਦੀ ਇਸ ਘੜੀ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਕੇਸ ਤਿਆਰ ਕਰ ਕੇ ਅਗਲੇਰੀ ਕਾਰਵਾਈ ਲਈ ਭੇਜਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਇਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜ਼ਖ਼ਮੀਆਂ ਦੀ ਛੇਤੀ ਸਿਹਤਯਾਬੀ ਦੀ ਕਾਮਨਾ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਦਸੇ ਸਬੰਧੀ ਲੋੜੀਂਦੀ ਕਾਰਵਾਈ ਅਤੇ ਪੀੜਤਾਂ ਦੀ ਮਦਦ ਨੂੰ ਪਹਿਲ ਦੇ ਅਧਾਰ ’ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੀੜਤ ਪਰਿਵਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਦਾ ਦੁੱਖ ਅਸਹਿ ਹੈ ਅਤੇ ਇਸ ਘਾਟੇ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੇ ਹਨ। ਇਸ ਮੌਕੇ ਐੱਸਐੱਸਪੀ.ਡਾ. ਰਵਜੋਤ ਗਰੇਵਾਲ ਨੇ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪੁਲਿਸ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹਾਦਸੇ ਸਬੰਧੀ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਆਪਸੀ ਤਾਲਮੇਲ ਨਾਲ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮੱਦਦ ਲਈ ਕੰਮ ਕਰ ਰਹੇ ਹਨ। ਉਨ੍ਹਾਂ ਫਿਰ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।