ਪਰਾਲੀ ਪ੍ਰਬੰਧਨ: ਡਿਪਟੀ ਕਮਿਸ਼ਨਰ ਵਲੋਂ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਪਰਾਲੀ ਪ੍ਰਬੰਧਨ: ਡਿਪਟੀ ਕਮਿਸ਼ਨਰ ਵਲੋਂ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ
Publish Date: Wed, 04 Nov 2026 04:24 PM (IST)
Updated Date: Thu, 05 Nov 2026 04:02 AM (IST)
:: ਕਿਹਾ, ਪਰਾਲੀ ਨੂੰ ਅੱਗ ਲੱਗਣ ਦੇ ਮਾਮਲੇ ’ਚ ਜੀਰੋ ਟਾਲਰੈਂਸ,,ਅੱਗ ਲਾਉਣ ਤੇ ਹੋਵੇਗੀ ਐਫਆਈਆਰ, ਰੈੱਡ ਐਂਟਰੀ ਤੇ ਜੁਰਮਾਨਾ :: ਸਾਰੇ ਅਫ਼ਸਰਾਂ ਨੂੰ ਫੀਲਡ ’ਚ ਤਾਇਨਾਤ ਰਹਿਣ ਦੇ ਨਿਰਦੇਸ਼, ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹੇ ’ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਤੇ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਵੇ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਤੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇ, ਮਾਲ ਰਿਕਾਰਡ ’ਚ ਰੈੱਡ ਐਂਟਰੀ ਕੀਤੀ ਜਾਵੇ ਤੇ ਬਣਦਾ ਜੁਰਮਾਨਾ ਵਸੂਲਿਆ ਜਾਵੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਕਲੱਸਟਰ ਤੇ ਨੋਡਲ ਅਫ਼ਸਰਾਂ ਨੂੰ ਲਗਾਤਾਰ ਫੀਲਡ ’ਚ ਤਾਇਨਾਤ ਰਹਿਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਤੇ ਤੁਰੰਤ ਕਾਬੂ ਪਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੱਲ ਤਕ ਪਰਾਲੀ ਨੂੰ ਅੱਗ ਲਗਾਏ ਜਾਣ ਦੇ 82 ਮਾਮਲੇ ਸੈਟੇਲਾਈਟ ਰਾਹੀਂ ਰਿਪੋਰਟ ਹੋਏ ਹਨ ਅਤੇ ਹੁਣ ਤੱਕ 60 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਰਹਿੰਦੇ ਮਾਮਲਿਆਂ ਦੀ ਤੁਰੰਤ ਰਿਪੋਰਟ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਦੀ ਬਜਾਏ ਪਰਾਲੀ ਪ੍ਰਬੰਧਨ ਲਈ ਉਪਲਬਧ ਆਧੁਨਿਕ ਮਸ਼ੀਨਰੀ ਤੇ ਉਪਰਾਲਿਆਂ ਦੀ ਵਰਤੋਂ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਵਾ ਦੀ ਗੁਣਵੱਤਾ ਤੇ ਆਮ ਲੋਕਾਂ ਦੀ ਸਿਹਤ ਦੀ ਸੰਭਾਲ ਪ੍ਰਸ਼ਾਸਨ ਦੀ ਮੁੱਖ ਪਹਿਲ ਹੈ ਤੇ ਇਸ ਮਕਸਦ ਲਈ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਮੋਦੀ, ਐੱਸਪੀ ਸੰਜੀਵ ਗੋਇਲ, ਐੱਸਡੀਐਮ ਆਯੂਸ਼ ਗੋਇਲ, ਐੱਸਡੀਐਮ ਅਜੀਤਪਾਲ ਸਿੰਘ ਚਹਿਲ, ਐੱਸਡੀਐਮ ਬੇਅੰਤ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ ਤੇ ਹੋਰ ਅਧਿਕਾਰੀ ਹਾਜ਼ਰ ਸਨ।