- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਲ ਹਿੰਦ ਕਿਸਾਨ ਤੇ ਖੇਤ ਮਜ਼ਦੂਰ ਯੂਨੀਅਨ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਕੁੱਲ ਹਿੰਦ ਕਿਸਾਨ ਸਭਾ/ਕੁੱਲ ਹਿੰਦ ਕਿਸਾਨ ਖੇਤ ਮਜ਼ਦੂਰ ਯੂਨੀਅਨ ਵੱਲੋਂ ਵੀਬੀ ਜੀਰਾਮ ਕਾਨੂੰਨ ਵਾਪਸ ਲੈਣ ਤੇ ਮਨਰੇਗਾ ਕਾਨੂੰਨ ਬਹਾਲ ਕਰਾਉਣ ਤੋਂ ਇਲਾਵਾ ਹੋਰ ਵੱਖ-ਵੱਖ ਮੰਗਾਂ ਸਬੰਧੀ ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਦੀ ਅਗਵਾਈ ਹੇਠ ਆਗੂਆਂ/ਵਰਕਰਾਂ ਵੱਲੋਂ ਕੇਂਦਰ ਦੀ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਰਜਿੰਦਰ ਸਿੰਘ ਕਾਹਨੇਕੇ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰਕੇ ਦੇਸ਼ ਨੂੰ ਤਬਾਹੀ ਵੱਲ ਧੱਕਿਆ ਜਾ ਰਿਹਾ ਹੈ। ਇਸ ਕਾਰਨ ਕਿਸਾਨ/ਮਜ਼ਦੂਰ ਮੰਦੀ ਦੀ ਮਾਰ ਝੱਲ ਰਹੇ ਹਨ ਤੇ ਉਨ੍ਹਾਂ ਦੀਆਂ ਫ਼ਸਲਾਂ ਦਾ ਵਾਜਬ ਰੇਟ ਨਹੀਂ ਦਿੱਤਾ ਜਾਂਦਾ, ਉਨ੍ਹਾਂ ਕਿਹਾ ਕਿ ਜੋ ਮਜ਼ਦੂਰਾਂ ਦੇ ਹੱਕਾਂ ਲਈ ਪਹਿਲਾ ਕਾਨੂੰਨ ਬਣੇ ਸਨ ਉਨਾਂ ਨੂੰ ਵੀ ਵੱਖ-ਵੱਖ ਕੋਡਾਂ ’ਚ ਵੰਡ ਕੇ ਲਗਾਤਾਰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਰਐੱਸਐੱਸ ਦੇ ਇਸ਼ਾਰੇ ’ਤੇ ਚੱਲ ਰਹੀ ਹੈ ਜੋ ਦੇਸ਼ ਲਈ ਬਹੁਤ ਘਾਤਕ ਹੈ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਵਿਰੁੱਧ ਸਾਰੀਆਂ ਪਾਰਟੀਆਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਹੋ ਕੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਆਵਾਜ਼ ਉਠਾਉਣੀ ਚਾਹੀਦੀ ਹੈ, ਆਗੂਆਂ ਨੇ ਮੰਗ ਕੀਤੀ ਕਿ ਵੀ ਬੀ ਜੀ ਰਾਮ ਕਾਨੂੰਨ ਵਾਪਸ ਲਿਆ ਜਾਵੇ ਅਤੇ ਮਨਰੇਗਾ ਕਾਨੂੰਨ ਨੂੰ ਬਹਾਲ ਕੀਤਾ ਜਾਵੇ, ਬਿਜਲੀ ਬਿੱਲ 2025 ਐਕਟ ਵਾਪਸ ਲਿਆ ਜਾਵੇ, ਮੁਕਤ ਵਪਾਰ ਸੰਧੀ ਰੱਦ ਕੀਤੀ ਜਾਵੇ, ਬੇਜ਼ਮੀਨੇ ਖੇਤਾਂ ਮਜ਼ਦੂਰਾਂ ਨੂੰ 10-10 ਮਰਲਿਆਂ ਦੇ ਪਲਾਟ ਦਿੱਤੇ ਜਾਣ, ਕੱਚੇ ਮਕਾਨਾਂ ਵਾਲੇ ਮਜ਼ਦੂਰਾਂ ਨੂੰ ਮਕਾਨ ਬਣਾਉਣ ਲਈ 5 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇ, ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮਾਫ ਕੀਤੇ ਜਾਣ, ਡੀਜ਼ਲ ਪੈਟਰੋਲ ਤੇ ਗੈਸ ਦੀਆਂ ਕੀਮਤਾਂ ਘੱਟ ਕੀਤੀਆਂ ਜਾਣ, ਯੂਰੀਆ ਤੇ ਡੀਏਪੀ ਖਾਦ ਨਾਲ ਹੋਰ ਸਮੱਗਰੀ ਦੇਣ ਦੇ ਨਾਂ ਤੇ ਲੁੱਟ ਬੰਦ ਕੀਤੀ ਜਾਵੇ, ਹੜ੍ਹਾਂ ਦੇ ਬਚਾਅ ਲਈ ਦਰਿਆਵਾਂ ਦੇ ਸਾਰੇ ਧੁੱਸੀ ਬੰਨਾਂ ਦੀ ਤੁਰੰਤ ਮੁਰੰਮਤ ਕਰਵਾਉਣ ਤੋਂ ਇਲਾਵਾ ਹੋਰ ਵੀ ਜਿਹੜੀਆਂ ਮੰਗਾਂ ਚਿਰਾਂ ਤੋਂ ਲਟਕ ਰਹੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਲਾਗੂ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਚੱਲ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੇ ਵੱਡੇ ਦਾਅਵੇ ਕੀਤੇ ਸਨ ਪਰ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ, ਜੇਕਰ ਕੋਈ ਰੁਜ਼ਗਾਰ ਲੈਣ ਲਈ ਆਵਾਜ਼ ਬੁਲੰਦ ਕਰਦਾ ਹੈ ਤਾਂ ਉਨ੍ਹਾਂ ਉੱਪਰ ਪੁਲਸੀਆ ਕਹਿਰ ਢਾਹ ਕੇ ਝੂਠੇ ਪਰਚੇ ਦਰਜ ਕਰਕੇ ਜੇਲਾਂ ’ਚ ਛੁੱਟਿਆ ਜਾ ਰਿਹਾ ਹੈ। ਇਸ ਮੌਕੇ ਜਰਨੈਲ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਗੁਰਜੀਤ ਸਿੰਘ, ਹਰਨੇਕ ਸਿੰਘ, ਛੋਟਾ ਸਿੰਘ ਧਨੋਲਾ, ਗੁਰਜੰਟ ਸਿੰਘ, ਨਾਹਰ ਸਿੰਘ, ਬੰਤ ਸਿੰਘ, ਜੰਗੀਰ ਸਿੰਘ, ਲੀਲਾ ਸਿੰਘ, ਰਾਮ ਸਿੰਘ, ਗੁਰਨਾਮ ਸਿੰਘ ਆਦਿ ਹਾਜਰ ਸਨ।