ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ਼ ਦੀ ਨਿੰਦਾ ਸਫ਼ਾਈ ਕਰਮਚਾਰੀਆਂ 'ਤੇ ਲਾਠੀਚਾਰਜ ਦੀ ਨਿੰਦਾ
Publish Date: Sat, 25 Jul 2026 04:20 PM (IST)
Updated Date: Sun, 26 Jul 2026 04:02 AM (IST)
ਪੰਜਾਬ ’ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਫੇਲ੍ਹ : ਸੰਤ ਘੁੰਨਸ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਰਮਚਾਰੀਆਂ ’ਤੇ ਲਾਠੀਆਂ ਵਰ੍ਹਾਉਣਾ ਲੋਕਤੰਤਰ ਦੀ ਭਾਵਨਾ ਤੇ ਸੰਵਿਧਾਨਕ ਅਧਿਕਾਰਾਂ ਦਾ ਘੋਰ ਉਲੰਘਣ ਹੈ। ਸਰਕਾਰ ਨੂੰ ਲੋਕ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕੱਢਣਾ ਚਾਹੀਦਾ ਹੈ, ਨਾ ਕਿ ਤਾਕਤ ਦੇ ਜ਼ੋਰ ’ਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਕਤ ਸ਼ਬਦਾ ਦਾ ਪ੍ਰਗਟਾਵਾਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਸੰਸਦੀ ਸਕੱਤਰ ਤੇ ਸੰਤ ਬਲਵੀਰ ਸਿੰਘ ਘੁੰਨਸ ਨੇ ਪਿੰਡ ਗਾਗੇਵਾਲ ਵਿਖੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਉਨ੍ਹਾਂ ਕਿਹਾ ਪੰਜਾਬ ’ਚ ਅੱਜ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਲੁੱਟਾਂ-ਖੋਹਾਂ, ਚੋਰੀਆਂ, ਕਤਲ, ਨਸ਼ਿਆਂ ਦੀ ਤਸਕਰੀ ਤੇ ਹੋਰ ਅਪਰਾਧਿਕ ਘਟਨਾਵਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ’ਚ ਨਾਕਾਮ ਸਾਬਤ ਹੋ ਰਹੀ ਹੈ। ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਤੇ ਸਰਕਾਰ ਦੀ ਕਾਨੂੰਨ-ਵਿਵਸਥਾ ਤੇ ਪਕੜ ਕਮਜ਼ੋਰ ਪੈ ਚੁੱਕੀ ਹੈ।ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਵੀ ਕੋਈ ਵਰਗ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਦੇ ਸਾਹਮਣੇ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਸੁਣਨ ਦੀ ਬਜਾਏ ਪੁਲਿਸ ਰਾਹੀਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਮਿਡ-ਡੇ ਮੀਲ ਵਰਕਰਾਂ ਅਤੇ ਹੁਣ ਸਫ਼ਾਈ ਕਰਮਚਾਰੀਆਂ ਨਾਲ ਕੀਤਾ ਗਿਆ ਵਤੀਰਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਲੋਕਾਂ ਦੇ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਧੱਕੇਸ਼ਾਹੀ ਦੀ ਨੀਤੀ ਅਪਣਾ ਰਹੀ ਹੈ।ਸੰਤ ਘੁੰਨਸ ਨੇ ਕਿਹਾ ਕਿ ਬਦਲਾਅ ਦੇ ਨਾਂ ਤੇ ਸੱਤਾ ਵਿੱਚ ਆਈ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਹਰ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਕਿਸਾਨ, ਵਪਾਰੀ, ਮੁਲਾਜ਼ਮ, ਨੌਜਵਾਨ, ਔਰਤਾਂ ਤੇ ਸਮਾਜ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਲੜਾਈ ਲੜਦਾ ਆਇਆ ਹੈ ਤੇ ਭਵਿੱਖ ’ਚ ਵੀ ਹਰ ਵਰਗ ਦੀ ਆਵਾਜ਼ ਬਣ ਕੇ ਖੜ੍ਹਾ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇੱਕ ਮਜ਼ਬੂਤ, ਤਜਰਬੇਕਾਰ ਅਤੇ ਲੋਕ-ਹਿਤੈਸ਼ੀ ਸਰਕਾਰ ਦੇਖਣਾ ਚਾਹੁੰਦੇ ਹਨ ।ਇਸ ਮੌਕੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਬਲਦੇਵ ਸਿੰਘ ਗਾਗੇਵਾਲ, ਇਕੱਤਰ ਸਿੰਘ ਗਾਗੇਵਾਲ ਸਾਬਕਾ ਸਰਪੰਚ,ਸਰਕਲ ਗਹਿਲ ਦੇ ਪ੍ਰਧਾਨ ਸਰਪੰਚ ਬਚਿੱਤਰ ਸਿੰਘ ਰਾਏਸਰ, ਪ੍ਰਧਾਨ ਸੁਖਵਿੰਦਰ ਸਿੰਘ ਗੋਰਖਾ, ਡਾ. ਕਰਮਜੀਤ ਸਿੰਘ, ਗੁਲਜ਼ਾਰ ਸਿੰਘ, ਜਸਵਿੰਦਰ ਸਿੰਘ ਐਕਸ ਪੰਚ, ਜਗਸੀਰ ਸਿੰਘ ਪੱਪੂ ਹਾਜ਼ਰ ਸਨ ।