ਮਹਿਲਕਲਾਂ ਹਸਪਤਾਲ ’ਚ ਡਾਕਟਰਾਂ ਦੀ ਘਾਟ
ਮਹਿਲ ਕਲਾਂ ਹਸਪਤਾਲ ’ਚ ਡਾਕਟਰਾਂ ਦੀ ਘਾਟ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ
Publish Date: Sun, 08 Feb 2026 04:35 PM (IST)
Updated Date: Mon, 09 Feb 2026 04:02 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਵਿਧਾਨ ਸਭਾ ਹਲਕਾ ਮਹਿਲਕਲਾਂ ’ਚ ਸਿਹਤ ਸਹੂਲਤਾਂ ਦੀ ਤਰਸਯੋਗ ਹਾਲਤ ਇਕ ਵਾਰ ਫਿਰ ਚਰਚਾ ਦਾ ਕੇਂਦਰ ਬਣ ਗਈ ਹੈ। ਮਹਿਲਕਲਾਂ ਦੇ ਕਮਿਊਨਿਟੀ ਹੈਲਥ ਸੈਂਟਰ ’ਚ ਡਾਕਟਰਾਂ, ਦਵਾਈਆਂ ਤੇ ਬੁਨਿਆਦੀ ਢਾਂਚੇ ਦੀ ਘਾਟ ਤੋਂ ਤੰਗ ਆਏ ਇਲਾਕਾ ਵਾਸੀਆਂ ਨੇ ਹੁਣ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। 9 ਫਰਵਰੀ ਨੂੰ ਹਸਪਤਾਲ ’ਚ ਵੱਡਾ ਇਕੱਠ ਕਰ ਕੇ ਆਰ-ਪਾਰ ਦੀ ਲੜਾਈ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਜ਼ਦੂਰ ਆਗੂ ਹਰਜੀਤ ਸਿੰਘ ਖਿਆਲੀ ਨੇ ਦੱਸਿਆ ਕਿ ਕਮਿਊਨਿਟੀ ਹੈਲਥ ਸੈਂਟਰ ਵਿੱਚ ਲੰਮੇ ਸਮੇਂ ਤੋਂ ਸਪੈਸ਼ਲਿਸਟ ਡਾਕਟਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਹੋਰ ਸਿਹਤ ਅਮਲੇ ਦੀ ਵੀ ਭਾਰੀ ਘਾਟ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਆਉਣ ਵਾਲੇ ਜ਼ਿਆਦਾਤਰ ਮਰੀਜ਼ਾਂ ਨੂੰ ਕੁਝ ਮਿੰਟਾਂ ’ਚ ਹੀ ਬਰਨਾਲਾ, ਲੁਧਿਆਣਾ ਜਾਂ ਹੋਰ ਵੱਡੇ ਹਸਪਤਾਲਾਂ ਵੱਲ ਰੈਫਰ ਕਰ ਦਿੱਤਾ ਜਾਂਦਾ ਹੈ, ਇਸ ਕਾਰਨ ਕਰੋੜਾਂ ਰੁਪਏ ਦੀ ਇਮਾਰਤ ਹੋਣ ਦੇ ਬਾਵਜੂਦ ਇਹ ਸਿਰਫ਼ “ਰੈਫਰਲ ਸੈਂਟਰ” ਬਣ ਕੇ ਰਹਿ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਲੋਕਾਂ ਵੱਲੋਂ ਧਰਨੇ ਲਗਾਉਣ ’ਤੇ ਕੁਝ ਦਿਨਾਂ ਲਈ ਡੈਪੂਟੇਸ਼ਨ ’ਤੇ ਡਾਕਟਰ ਭੇਜ ਦਿੱਤੇ ਜਾਂਦੇ ਹਨ ਪਰ ਕੁਝ ਸਮੇਂ ਬਾਅਦ ਉਹ ਮੁੜ ਵਾਪਸ ਚਲੇ ਜਾਂਦੇ ਹਨ ਅਤੇ ਸਮੱਸਿਆ ਜਿਉਂ ਦੀ ਤਿਉਂ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੀ ਪ੍ਰਾਈਵੇਟ ਹਸਪਤਾਲਾਂ ’ਚ ਮਹਿੰਗਾ ਖਰਚ ਕਰਨਾ ਪੈਂਦਾ ਹੈ, ਜਿਸ ਨਾਲ ਆਮ ਵਰਗ ਭਾਰੀ ਆਰਥਿਕ ਬੋਝ ਹੇਠਾਂ ਆ ਰਿਹਾ ਹੈ। ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ’ਚ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਮਹਿਲਕਲਾਂ ਹਸਪਤਾਲ ਦੀ ਹਕੀਕਤ ਇਸਦੇ ਉਲਟ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 9 ਫਰਵਰੀ ਨੂੰ ਵੱਡੀ ਗਿਣਤੀ ’ਚ ਹਸਪਤਾਲ ਪਹੁੰਚ ਕੇ ਖਾਲੀ ਪਈਆਂ ਸਪੈਸ਼ਲਿਸਟ ਡਾਕਟਰਾਂ ਦੀਆਂ ਅਸਾਮੀਆਂ ਭਰਨ ਲਈ ਸੰਘਰਸ਼ ’ਚ ਸ਼ਾਮਲ ਹੋਣ ਤਾਂ ਜੋ ਸਰਕਾਰ ਤੇ ਪ੍ਰਸ਼ਾਸਨ ਨੂੰ ਜਗਾਇਆ ਜਾ ਸਕੇ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਜਦ ਤੱਕ ਹਸਪਤਾਲ ’ਚ ਪੂਰਾ ਮੈਡੀਕਲ ਸਟਾਫ਼ ਤੇ ਦਵਾਈਆਂ ਦੀ ਉਪਲਬਧਤਾ ਯਕੀਨੀ ਨਹੀਂ ਬਣਾਈ ਜਾਂਦੀ, ਸੰਘਰਸ਼ ਜਾਰੀ ਰਹੇਗਾ।