- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫੈਕਟਰੀ ਪ੍ਰਦੂਸ਼ਣ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਆਗੂਆਂ ਦੀ ਰਿਹਾਈ ਦੀ ਮੰਗ

ਸਰਕਾਰ ਲੋਕਾਂ ਦੀ ਸਿਹਤ ਨਾਲ ਜੁੜੇ ਮਸਲੇ ਨੂੰ ਗੰਭੀਰਤਾ ਨਾਲ ਲਵੇ
ਫੈਕਟਰੀ ਅਤੇ ਪਾਣੀ ਦੇ ਨਮੂਨਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ : ਗੁਰਮੀਤ ਸਿੰਘ ਸੰਧੂ
ਸਟਾਫ ਰਿਪੋਰਟ, ਪੰਜਾਬੀ ਜਾਗਰਣ, ਮਾਲੇਰਕੋਟਲਾ : ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਚੁੱਕੇ ਅਤੇ ਰੇਲਵੇ ਸਲਾਹਕਾਰ ਬੋਰਡ ਦੇ ਸਾਬਕਾ ਡਾਇਰੈਕਟਰ ਸਰਪੰਚ ਗੁਰਮੀਤ ਸਿੰਘ ਸੰਧੂ ਨੇ ਪਿੰਡ ਜਹਾਂਗੀਰ ਨੇੜੇ ਸਥਿਤ ਹਾਰਪ ਕੈਮੀਕਲ ਪ੍ਰਾਈਵੇਟ ਲਿਮਟਿਡ ਵਿਰੁੱਧ ਸੰਘਰਸ਼ ਕਰ ਰਹੇ ਆਗੂਆਂ ਅਤੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਹੈ। ਉਨ੍ਹਾਂ ਸਰਕਾਰ ਤੋਂ ਸੰਘਰਸ਼ਸ਼ੀਲ ਆਗੂਆਂ ਵਿਰੁੱਧ ਦਰਜ ਕੀਤੇ ਕੇਸ ਰੱਦ ਕਰਨ ਅਤੇ ਜੇਲ੍ਹਾਂ ਵਿੱਚ ਬੰਦ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਜ਼ੋਰਦਾਰ ਆਵਾਜ਼ ਉਠਾਈ।
ਸੰਧੂ ਨੇ ਕਿਹਾ ਕਿ ਇਲਾਕੇ ਦੇ ਲੋਕ ਪਿਛਲੇ ਕਈ ਮਹੀਨਿਆਂ ਤੋਂ ਫੈਕਟਰੀ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਫੈਕਟਰੀ ਵਿੱਚੋਂ ਨਿਕਲਣ ਵਾਲੀਆਂ ਗੈਸਾਂ ਅਤੇ ਪਾਣੀ ਦੇ ਪ੍ਰਦੂਸ਼ਣ ਸਬੰਧੀ ਲੋਕਾਂ ਵਿੱਚ ਗੰਭੀਰ ਚਿੰਤਾਵਾਂ ਪਾਈਆਂ ਜਾ ਰਹੀਆਂ ਹਨ। ਇਲਾਕੇ ਵਿੱਚ ਕੈਂਸਰ ਸਮੇਤ ਹੋਰ ਗੰਭੀਰ ਬਿਮਾਰੀਆਂ ਦੇ ਮਾਮਲਿਆਂ ਨੂੰ ਲੈ ਕੇ ਵੀ ਲੋਕ ਫ਼ਿਕਰਮੰਦ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਲੋਕਾਂ ਦੀਆਂ ਚਿੰਤਾਵਾਂ ਦਾ ਢੁਕਵਾਂ ਨਿਪਟਾਰਾ ਕਰਨ ਦੀ ਬਜਾਏ ਸੰਘਰਸ਼ ਕਰ ਰਹੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਨਸ਼ਿਆਂ ਦੀ ਮਾਰ ਝੱਲ ਰਿਹਾ ਹੈ ਅਤੇ ਚਿੱਟੇ ਸਮੇਤ ਹੋਰ ਨਸ਼ਿਆਂ ਕਾਰਨ ਅਨੇਕਾਂ ਘਰਾਂ ਦੇ ਚਿਰਾਗ ਬੁਝ ਚੁੱਕੇ ਹਨ। ਹੁਣ ਜੇਕਰ ਉਦਯੋਗਿਕ ਪ੍ਰਦੂਸ਼ਣ ਕਾਰਨ ਲੋਕਾਂ ਦੀ ਸਿਹਤ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਖ਼ਤਰੇ ਵਿੱਚ ਪੈਣ ਦੀਆਂ ਚਿੰਤਾਵਾਂ ਸਾਹਮਣੇ ਆ ਰਹੀਆਂ ਹਨ ਤਾਂ ਸਰਕਾਰ ਨੂੰ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਹੈ।
ਸੰਧੂ ਨੇ ਦੋਸ਼ ਲਾਇਆ ਕਿ ਆਪਣੇ ਹੱਕਾਂ ਅਤੇ ਸਾਫ਼ ਵਾਤਾਵਰਨ ਦੀ ਮੰਗ ਕਰਨ ਵਾਲੇ ਲੋਕਾਂ ਨੂੰ ਲਾਠੀਚਾਰਜ ਅਤੇ ਮੁਕੱਦਮਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਉਠਾਉਣ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਦਰਜ ਕਰਵਾਉਣ ਦਾ ਅਧਿਕਾਰ ਹੈ। ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਲਾਕੇ ਦੇ ਪਿੰਡਾਂ ਵਿੱਚ ਕੈਂਸਰ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਮਾਮਲਿਆਂ ਦੀ ਮਾਹਿਰ ਡਾਕਟਰਾਂ ਦੀ ਟੀਮ ਰਾਹੀਂ ਜਾਂਚ ਕਰਵਾਈ ਜਾਵੇ। ਇਸ ਦੇ ਨਾਲ ਹੀ ਪਿੰਡਾਂ ਦੇ ਪੀਣ ਵਾਲੇ ਪਾਣੀ ਦੇ ਨਮੂਨੇ ਲੈ ਕੇ ਕਿਸੇ ਭਰੋਸੇਯੋਗ ਲੈਬਾਰਟਰੀ ਤੋਂ ਜਾਂਚ ਕਰਵਾਈ ਜਾਵੇ ਅਤੇ ਫੈਕਟਰੀ ਵਿੱਚੋਂ ਨਿਕਲਣ ਵਾਲੇ ਧੂੰਏਂ, ਗੈਸਾਂ ਤੇ ਗੰਦੇ ਪਾਣੀ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਦੀ ਰਿਪੋਰਟ ਜਨਤਕ ਕਰਕੇ ਲੋਕਾਂ ਦੇ ਮਨਾਂ ਵਿੱਚ ਪੈਦਾ ਹੋਏ ਸ਼ੰਕਿਆਂ ਨੂੰ ਦੂਰ ਕੀਤਾ ਜਾਵੇ ਅਤੇ ਸੰਘਰਸ਼ ਕਰ ਰਹੇ ਆਗੂਆਂ ਤੇ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।