ਡਿੱਪੂ ਹੋਲਡਰਾਂ ਨੇ ਕੀਤੀ ਸੂਬਾ ਪੱਧਰੀ ਇਕੱਤਰਤਾ
ਡਿੱਪੂ ਹੋਲਡਰਾਂ ਨੇ ਸੂਬਾ ਪੱਧਰੀ ਮੀਟਿੰਗ ਦੌਰਾਨ ਭਰੀ ਹੁੰਕਾਰ
Publish Date: Wed, 25 Feb 2026 06:59 PM (IST)
Updated Date: Wed, 25 Feb 2026 07:01 PM (IST)

- 6 ਅਪ੍ਰੈਲ ਨੂੰ ਸੀਐੱਮ ਦੀ ਰਿਹਾਇਸ਼ ਦਾ ਕਰਾਂਗੇ ਘਿਰਾਓ : ਕਾਂਝਲਾ ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰੂਰ : ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਡਿੱਪੂ ਹੋਲਡਰਾਂ ਦੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਮੰਗੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਡਿੱਪੂ ਹੋਲਡਰਾਂ ਨਾਲ ਜੋ ਵਾਅਦੇ ਕੀਤੇ ਉਹ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਇਸ ਵਾਰ ਦੀਆਂ ਨਗਰ ਪਾਲਿਕਾ ਦੀਆਂ ਚੋਣਾਂ ਵਿਚ ਸੱਤਾਧਾਰੀ ਪਾਰਟੀ ਨੂੰ ਸਬਕ ਸਿਖਾਉਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਦੇ ਪਹਿਲੇ ਹਫ਼ਤੇ ਸੂਬੇ ਦੇ 18,500 ਡਿੱਪੂ ਹੋਲਡਰਾਂ ਵੱਲੋਂ ਸਰਕਾਰ ਖ਼ਿਲਾਫ਼ ਡੀਸੀ ਸੰਗਰੂਰ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਚਿਤਾਵਨੀ ਭਰੇ ਲਹਿਜੇ ’ਚ ਕਿਹਾ ਕਿ ਜੇਕਰ ਡਿੱਪੂ ਹੋਲਡਰਾਂ ਦੀਆਂ ਪਹਿਲਾਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਕੀਤਾ ਜਾਵੇਗਾ ਅਤੇ 6 ਅਪ੍ਰੈਲ ਨੂੰ ਸੀਐੱਮ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਮੰਗੀ ਨੇ ਕਿਹਾ ਕਿ ਜੇਕਰ ਮਾਨ ਸਰਕਾਰ ਨੇ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ 2027 ਵਿੱਚ ਡਿੱਪੂ ਹੋਲਡਰ ਵੱਲੋਂ ਸਰਕਾਰ ਖ਼ਿਲਾਫ਼ ਜ਼ਬਰਦਸਤ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਆਪ ਸਰਕਾਰ ਵੱਲੋਂ ਡਿੱਪੂ ਹੋਲਡਰਾਂ ਨੂੰ ਵਾਂਝੇ ਕਰ ਕੇ ਨਵੇਂ-ਨਵੇਂ ਹੱਥਕੰਢੇ ਅਪਣਾ ਕੇ ਡਿਪੂ ਹੋਲਡਰਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ। ਸੂਬੇ ਦੀ ਆਪ ਸਰਕਾਰ ਸੱਤਾ ਦੇ ਅਖੀਰਲੇ ਸਾਲ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਦਾ ਲਾਲਚ ਦੇ ਕੇ ਦੁਬਾਰਾ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਕਰੋੜਾਂ-ਅਰਬਾਂ ਰੁਪਿਆ ਇਸ਼ਤਿਹਾਰਾਂ ਰਾਹੀਂ ਵਿਅਰਥ ਲੁਟਾਇਆ ਜਾ ਰਿਹਾ ਹੈ। ਰਾਸ਼ਨ ਡਿੱਪੂ ਫੈੱਡਰੇਸ਼ਨ ਪੰਜਾਬ ਸਰਕਾਰ ਦੇ ਇਸ ਮਨਸੂਬੇ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤਕ ਰਾਸ਼ਨ ਡਿੱਪੂ ਫੈੱਡਰੇਸ਼ਨ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਦੋਂ ਤਕ ਸਰਕਾਰ ਖ਼ਿਲਾਫ਼ ਜ਼ੋਰਦਾਰ ਧਰਨੇ ਮੁਜ਼ਾਹਰੇ ਹੁੰਦੇ ਰਹਿਣਗੇ।