ਫੁੱਲ ਡਰੈਸ ਰਿਹਰਸਲ ਦੌਰਾਨ ਡੀਸੀ ਹਰਪ੍ਰੀਤ ਸਿੰਘ ਨੇ ਲਹਿਰਾਇਆ ਕੌਮੀ ਝੰਡਾ
ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਲਹਿਰਾਇਆ ਕੌਮੀ ਝੰਡਾ
Publish Date: Sun, 25 Jan 2026 06:06 PM (IST)
Updated Date: Mon, 26 Jan 2026 04:10 AM (IST)

ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਾਬਾ ਕਾਲਾ ਮਹਿਰ ਬਹੁ ਮੰਤਵੀ ਖੇਡ ਸਟੇਡੀਅਮ ਬਰਨਾਲਾ ਵਿਖੇ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਡੀਸੀ ਬਰਨਾਲਾ ਹਰਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਡੀਸੀ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਨਾਲ ਭਰਪੂਰ ਹੋਵੇਗਾ ਤੇ ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਤੇ ਮਾਰਚ ਪਾਸਟ ਦੌਰਾਨ ਪਰੇਡ ਤੋਂ ਸਲਾਮੀ ਲਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੂਲਾਂ ਵੱਲੋਂ ਪੇਸ਼ ਕੀਤੀਆਂ ਜਾ ਰਹੀਆਂ ਵੰਨਗੀਆਂ, ਕੋਰੀਓਗ੍ਰਾਫੀਆਂ, ਪੀਟੀ ਸ਼ੋਅ ਦੀ ਰਿਹਰਸਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਉਟੀਆਂ ਜੋ ਉਨ੍ਹਾਂ ਨੂੰ ਸੌਪੀਆਂ ਗਈਆਂ ਹਨ, ਉਨ੍ਹਾਂ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ। ਡੀਸੀ ਨੇ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਸਮਾਗਮਾਂ ’ਚ ਸ਼ਿਰਕਤ ਕਰਨ ਲਈ ਆਪਣੇ ਪਰਿਵਾਰਾਂ ਸਮੇਤ ਆਉਣ ਲਈ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਸਮਾਗਮ ਦੌਰਾਨ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫ਼ੀ, ਗਿੱਧਾ ਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਤੇ ਵੱਖ-ਵੱਖ ਵਿਭਾਗਾਂ ਵੱਲੋਂ ਭਲਾਈ ਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਇਸ ਉਪਰੰਤ ਡੀਸੀ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ। ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਐੱਸਐੱਸਪੀ ਮੁਹੰਮਦ ਸਰਫ਼ਰਾਜ਼ ਆਲਮ, ਏਡੀਸੀ ਅਮਿਤ ਬੈਂਬੀ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਡਾ. ਅਜੀਤਪਾਲ ਸਿੰਘ ਅਤੇ ਸਾਰੇ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਹਾਜ਼ਰ ਸਨ ।