ਵਿਰੋਧ ਕਰਨਾ ਹਰ ਇਕ ਦਾ ਮੌਲਿਕ ਜਮਹੂਰੀ ਅਧਿਕਾਰ ਵਿਰੋਧ ਕਰਨਾ ਹਰ ਇੱਕ ਦਾ ਮੌਲਿਕ ਜਮਹੂਰੀ ਅਧਿਕਾਰ
Publish Date: Mon, 07 Sep 2026 03:54 PM (IST)
Updated Date: Tue, 08 Sep 2026 04:01 AM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ : ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ਮੋਹਨਜੀਤ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਅਤੇ ਮੁੱਖ ਮੰਤਰੀ ਦੇ ਪਿੰਡ ਦੌਰੇ ਮੌਕੇ ਕਾਲਾ ਝੰਡਾ ਦਿਖਾ ਕੇ ਸ਼ਾਂਤਮਈ ਵਿਰੋਧ ਕਰਨ ਦੇ ਮਾਮਲੇ ਵਿੱਚ ਪੁਲਿਸ ’ਤੇ ਲੱਗੇ ਕਥਿਤ ਕੁੱਟਮਾਰ ਅਤੇ ਧਾਰਮਿਕ ਕਕਾਰਾਂ ਦੀ ਬੇਅਦਬੀ ਦੇ ਦੋਸ਼ਾਂ ਦੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸਖ਼ਤ ਨਿੰਦਾ ਕੀਤੀ ਹੈ। ਹੋਪ ਫਾਰ ਮਹਿਲ ਕਲਾਂ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਨਰਿੰਦਰ ਸਿੰਘ ਕਾਲਾਬੂਲਾ, ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਬਲਾਕ ਪ੍ਰਧਾਨ ਪੂਰਨ ਸਿੰਘ ਖਾਲਸਾ ਅਤੇ ਕਾਂਗਰਸ ਐੱਸਸੀ ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਮੋਹਨਜੀਤ ਸਿੰਘ ਵੱਲੋਂ ਲਾਏ ਗਏ ਦੋਸ਼ ਬੇਹੱਦ ਗੰਭੀਰ ਹਨ। ਉਨ੍ਹਾਂ ਦੇ ਦਾਅਵੇ ਅਨੁਸਾਰ ਨੌਜਵਾਨ ਨਾਲ ਕੁੱਟਮਾਰ ਕੀਤੀ ਗਈ, ਉਸ ਨੂੰ ਇਲੈਕਟ੍ਰਿਕ ਸ਼ਾਕ ਦਿੱਤੇ ਗਏ ਅਤੇ ਉਸ ਦੇ ਧਾਰਮਿਕ ਕਕਾਰਾਂ ਦੀ ਬੇਅਦਬੀ ਕੀਤੀ ਗਈ। ਆਗੂਆਂ ਨੇ ਇਨ੍ਹਾਂ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਜਾਂ ਕਿਸੇ ਸਿਆਸੀ ਆਗੂ ਦੀਆਂ ਨੀਤੀਆਂ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਨਾਗਰਿਕਾਂ ਦਾ ਮੌਲਿਕ ਜਮਹੂਰੀ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਵਿਰੋਧ ਦੇ ਢੰਗ ਨਾਲ ਸਰਕਾਰ ਸਹਿਮਤ ਨਾ ਹੋਵੇ ਤਾਂ ਵੀ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਨਾਗਰਿਕ ਨਾਲ ਕਥਿਤ ਤਸ਼ੱਦਦ ਜਾਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਵਰਤਾਓ ਸਵੀਕਾਰਯੋਗ ਨਹੀਂ ਹੋ ਸਕਦਾ। ਆਗੂਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜੇ ਜਾਂਚ ਦੌਰਾਨ ਪੁਲਿਸ ਅਧਿਕਾਰੀਆਂ ਵਿਰੁੱਧ ਲੱਗੇ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਜਾਂਚ ਦੌਰਾਨ ਨੌਜਵਾਨ ਦਾ ਮੈਡੀਕਲ ਰਿਕਾਰਡ, ਘਟਨਾ ਵਾਲੀ ਥਾਂ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਮੌਕੇ ’ਤੇ ਮੌਜੂਦ ਲੋਕਾਂ ਦੇ ਬਿਆਨ ਵੀ ਜਾਂਚ ਦਾ ਹਿੱਸਾ ਬਣਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਦੀ ਧਾਰਮਿਕ ਪਛਾਣ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਦੇ ਦੋਸ਼ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਇਸ ਮਾਮਲੇ ਨੂੰ ਕਿਸੇ ਸਿਆਸੀ ਧਿਰ ਨਾਲ ਜੋੜਨ ਦੀ ਬਜਾਏ ਨਾਗਰਿਕ ਅਧਿਕਾਰਾਂ, ਕਾਨੂੰਨ ਦੇ ਰਾਜ ਅਤੇ ਧਾਰਮਿਕ ਸਨਮਾਨ ਦੇ ਪੱਖ ਤੋਂ ਦੇਖਿਆ ਜਾਣਾ ਚਾਹੀਦਾ ਹੈ।