ਅੱਧੀ ਰਾਤ ਵਿੱਤ ਮੰਤਰੀ ਦੇ ਭਰੋਸੇ ਤੋਂ ਬਾਅਦ ਟੈਂਕੀ ਤੋਂ ਹੇਠਾਂ ਉਤਰੇ ਦਿਵਿਆਂਗ ਅੱਧੀ ਰਾਤ ਵਿੱਤ ਮੰਤਰੀ ਦੇ ਭਰੋਸੇ ਤੋਂ ਬਾਅਦ ਟੈਂਕੀ ਤੋਂ ਹੇਠਾਂ ਉਤਰੇ ਦਿਵਿਆਂਗ
Publish Date: Thu, 24 Sep 2026 05:22 PM (IST)
Updated Date: Fri, 25 Sep 2026 04:06 AM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰੂਰ : ਮੰਗਾਂ ਨੂੰ ਲੈ ਕੇ ਧੂਰੀ ਵਿੱਚ ਪਾਣੀ ਦੀ ਟੈਂਕੀ ’ਤੇ ਚੜ੍ਹੇ ਦਿਵਿਆਂਗ ਪ੍ਰਦਰਸ਼ਨਕਾਰੀ ਬੁੱਧਵਾਰ ਰਾਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟੈਂਕੀ ਤੋਂ ਹੇਠਾਂ ਉਤਰ ਆਏ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀਡੀਓ ਕਾਲ ਰਾਹੀਂ ਵਿੱਤ ਮੰਤਰੀ ਨਾਲ ਉਨ੍ਹਾਂ ਦੀ ਗੱਲ ਕਰਵਾਈ, ਜਿਸ ਦੌਰਾਨ 30 ਸਤੰਬਰ ਨੂੰ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ। ਯੂਨੀਅਨ ਨੇ ਕਿਹਾ ਕਿ ਜੇਕਰ ਇਸ ਮੀਟਿੰਗ ਵਿੱਚ ਵੀ ਮੰਗਾਂ ਦਾ ਕੋਈ ਠੋਸ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੇ ਨਾਲ ਪਹਿਲਾਂ ਵਾਂਗ ਪੱਕਾ ਮੋਰਚਾ ਵੀ ਜਾਰੀ ਰਹੇਗਾ। ਦੱਸਣਯੋਗ ਹੈ ਕਿ ਹੈਂਡੀਕੈਪਡ ਏਕਤਾ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਪ੍ਰਧਾਨ ਲਾਭ ਸਿੰਘ ਹੀਰਾ ਦੀ ਅਗਵਾਈ ਹੇਠ 6 ਅਗਸਤ ਤੋਂ ਸਥਾਨਕ ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਦੇ ਬਾਹਰ ਪੱਕਾ ਮੋਰਚਾ ਲਾਇਆ ਹੋਇਆ ਹੈ। ਤਿੰਨ ਦਿਨ ਪਹਿਲਾਂ ਮੰਗਲਵਾਰ ਨੂੰ ਕੁਝ ਦਿਵਿਆਂਗ ਪ੍ਰਦਰਸ਼ਨਕਾਰੀ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ ਸਨ। ਉਹ ਪਹਿਲਾਂ ਹੋਈ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਨਿਕਲਣ ਕਾਰਨ ਨਾਰਾਜ਼ ਸਨ। ਉਹ ਆਪਣੇ ਨਾਲ ਪੈਟਰੋਲ ਦੀਆਂ ਬੋਤਲਾਂ ਵੀ ਲੈ ਗਏ ਸਨ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਲਗਾਤਾਰ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਉਹ ਹੇਠਾਂ ਉਤਰਨ ਲਈ ਸਹਿਮਤ ਨਹੀਂ ਹੋਏ। ਆਖਿਰਕਾਰ ਬੀਤੀ ਰਾਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਦ ਵੀਡੀਓ ਕਾਲ ਰਾਹੀਂ ਉਨ੍ਹਾਂ ਨਾਲ ਗੱਲਬਾਤ ਕਰਕੇ 30 ਸਤੰਬਰ ਨੂੰ ਮੀਟਿੰਗ ਦਾ ਸਮਾਂ ਦਿੱਤਾ, ਜਿਸ ਤੋਂ ਬਾਅਦ ਉਹ ਟੈਂਕੀ ਤੋਂ ਹੇਠਾਂ ਉਤਰ ਆਏ। ਯੂਨੀਅਨ ਦੇ ਪ੍ਰਧਾਨ ਲਾਭ ਸਿੰਘ ਹੀਰਾ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 9 ਵਜੇ ਤਹਿਸੀਲਦਾਰ, ਐੱਸਐੱਚਓ ਅਤੇ ਈਓ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੂੰ ਹੇਠਾਂ ਉਤਰਨ ਦੀ ਅਪੀਲ ਕੀਤੀ, ਪਰ ਉਹ ਨਹੀਂ ਮੰਨੇ। ਇਸ ਤੋਂ ਬਾਅਦ ਅਧਿਕਾਰੀਆਂ ਨੇ ਵਿੱਤ ਮੰਤਰੀ ਨਾਲ ਉਨ੍ਹਾਂ ਦੀ ਗੱਲਬਾਤ ਕਰਵਾਈ। ਵਿੱਤ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦਿੱਤੇ ਜਾਣ ਤੋਂ ਬਾਅਦ ਉਹ ਟੈਂਕੀ ਤੋਂ ਹੇਠਾਂ ਉਤਰ ਆਏ।