- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਵੈਨ ਮਾਲੇਰਕੋਟਲਾ ਪੁੱਜੀ

- ਗੁਰੂ ਸਾਹਿਬ ਦਾ ਸਮਾਨਤਾ ਤੇ ਭਾਈਚਾਰੇ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦੀ ਕੋਸ਼ਿਸ਼
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ : ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਸਾਲ ਭਰ ਚੱਲਣ ਵਾਲੀ ਮੁਹਿੰਮ ਤਹਿਤ ਮੰਗਲਵਾਰ ਸ਼ਾਮ ਪਿੰਡ ਦਸੌਂਦਾ ਸਿੰਘ ਵਾਲਾ ਅਤੇ ਮਾਨਕੀ ਵਿੱਚ ਗੁਰੂ ਸਾਹਿਬ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਡਾਕੂਮੈਂਟਰੀ ਦੇਖਣ ਲਈ ਦੋਵਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਪੁੱਜੇ। ਇਸ ਮੌਕੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਮੁਹਿੰਮ ਸ਼੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਮਨੁੱਖਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣਾ ਸਮੁੱਚਾ ਜੀਵਨ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਭੇਦਭਾਵ ਦੇ ਖ਼ਾਤਮੇ ਲਈ ਸਮਰਪਿਤ ਕੀਤਾ ਅਤੇ ਇਹ ਡਾਕੂਮੈਂਟਰੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।
ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਪੰਜਾਬ ਸਰਕਾਰ ਨੇ 100 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਇਸ ਤਹਿਤ 50 ਡਾਕੂਮੈਂਟਰੀ ਵੈਨਾਂ ਰਾਹੀਂ ਸੂਬੇ ਦੇ 23 ਜ਼ਿਲ੍ਹਿਆਂ ਦੇ ਹਜ਼ਾਰਾਂ ਪਿੰਡਾਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਪਿੰਡਾਂ ਵਿੱਚ ਵੀ ਇਹ ਡਾਕੂਮੈਂਟਰੀ ਦਿਖਾਈ ਜਾਵੇਗੀ ਤਾਂ ਜੋ ਖਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਹੋਣ ਵਾਲੇ ਡਾਕੂਮੈਂਟਰੀ ਸ਼ੋਅ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਦੱਸਿਆ ਕਿ 9 ਜੁਲਾਈ ਨੂੰ ਸ਼ਾਮ 6 ਵਜੇ ਪਿੰਡ ਮਾਣਕਖੇੜੀ ਅਤੇ ਸ਼ਾਮ 7 ਵਜੇ ਪਿੰਡ ਅਹਿਮਦਪੁਰ ਵਿੱਚ ਵੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਬਲਾਕ ਸੰਮਤੀ ਮਾਲੇਰਕੋਟਲਾ ਦੇ ਚੇਅਰਮੈਨ ਸੰਤੋਖ ਸਿੰਘ, ਸਰਪੰਚ ਪਰਮਜੀਤ ਕੌਰ, ਪੰਚ ਚਮਕੌਰ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ, ਜਸਵੀਰ ਕੌਰ, ਪੰਚਾਇਤ ਸਕੱਤਰ ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।