- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਮੁਲਾਜ਼ਮਾਂ ਨੇ ਅਮਨ ਅਰੋੜਾ ਦੇ ਘਰ ਮੂਹਰੇ ਦਿਤਾ ਧਰਨਾ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਬਿਜਲੀ ਮੁਲਾਜ਼ਮਾਂ ਦੀਆਂ ਕਥਿਤ ਤੌਰ ਸਿਆਸੀ ਬਦਲਾਖ਼ੋਰੀ ਤਹਿਤ ਕੀਤੀਆਂ ਬਦਲੀਆਂ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ।
ਧਰਨਾਕਾਰੀਆਂ ਨੇ ਸਰਕਾਰ ਤੇ ਵਾਅਦਾ ਖ਼ਿਲਾਫ਼ ਦੇ ਇਲਜ਼ਾਮ ਵੀ ਲਾਏ। ਪਾਵਰਕਾਮ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਸੰਘਰਸ਼ ਕਮੇਟੀ ਮੰਡਲ ਸੁਨਾਮ ਵੱਲੋਂ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂਆਂ ਜਗਦੇਵ ਸਿੰਘ ਬਾਹੀਆ, ਸੋਮ ਸਿੰਘ, ਸੁਰਿੰਦਰ ਸਿੰਘ, ਪ੍ਰਿਤਪਾਲ ਸਿੰਘ ਮਹਿਰੋਕ, ਸੁਪਿੰਦਰ ਭਾਰਦਵਾਜ ਸਮੇਤ ਹੋਰਨਾਂ ਨੇ ਆਖਿਆ ਕਿ ਸ਼ਹਿਰੀ ਸਬ ਡਵੀਜ਼ਨ ਸੁਨਾਮ ਵਿਖੇ ਲਾਇਨਮੈਨ ਵਜੋਂ ਸੇਵਾਵਾਂ ਨਿਭਾਅ ਰਹੇ ਦੋ ਕਰਮਚਾਰੀਆਂ ਦੀਆਂ ਬਦਲੀਆਂ ਕਥਿਤ ਤੌਰ ਤੇ ਸਿਆਸੀ ਬਦਲਾਖ਼ੋਰੀ ਤਹਿਤ ਕੀਤੀਆਂ ਗਈਆਂ ਹਨ, ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੇ ਅਜਿਹੇ ਵਰਤਾਰੇ ਖਿਲਾਫ਼ ਪਾਵਰਕਾਮ ਦੇ ਪੈਨਸ਼ਨਰ ਅਤੇ ਮੁਲਾਜ਼ਮ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ, ਪਰ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਵੱਲੋਂ ਲਾਰੇ ਲੱਪੇ ਲਾਕੇ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੰਤਰੀ ਅਮਨ ਅਰੋੜਾ ਦੇ ਨਾਲ ਵੀ ਉਕਤ ਮਾਮਲੇ ਨੂੰ ਲੈਕੇ ਗੱਲਬਾਤ ਹੋਈ ਪ੍ਰੰਤੂ ਮੁਲਾਜ਼ਮਾਂ ਦੀਆਂ ਬਦਲੀਆਂ ਰੱਦ ਨਹੀਂ ਕੀਤੀਆਂ ਗਈਆਂ। ਬੁਲਾਰਿਆਂ ਨੇ ਦਾਅਵਾ ਕਰਦਿਆਂ ਆਖਿਆ ਕਿ ਜਿੰਨਾ ਬਿਜਲੀ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ ਉਨ੍ਹਾਂ ਦੇ ਖਿਲਾਫ ਕੋਈ ਸ਼ਿਕਾਇਤ ਨਹੀਂ ਹੈ। ਉਨ੍ਹਾਂ ਆਖਿਆ ਕਿ ਸਰਕਾਰ ਅਤੇ ਖਾਸਕਰ ਸੁਨਾਮ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਜਿਹੀਆਂ ਧੱਕੇਸ਼ਾਹੀਆਂ ਦਾ ਖਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਬੁਲਾਰਿਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਬਦਲੀ ਕੀਤੇ ਮੁਲਾਜ਼ਮਾਂ ਦੀਆਂ ਬਦਲੀਆਂ ਰੱਦ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।