ਬਿਜਲੀ ਕਾਮਿਆਂ ਨੇ ਸਾੜਿਆ ਵਿੱਤ ਮੰਤਰੀ ਦਾ ਪੁਤਲਾ ਬਿਜਲੀ ਕਾਮਿਆਂ ਨੇ ਸਾੜਿਆ ਵਿੱਤ ਮੰਤਰੀ ਦਾ ਪੁਤਲਾ
Publish Date: Fri, 28 Aug 2026 04:37 PM (IST)
Updated Date: Sat, 29 Aug 2026 04:01 AM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਪੰਜਾਬ ਰਾਜ ਇੰਪਲਾਈਜ ਫੈਡਰੇਸ਼ਨ ਜਥੇਬੰਦੀ ਅਤੇ ਐਮਜੀਓ ਦੇ ਸਾਂਝੇ ਮੁਲਾਜਮ ਫਰੰਟ ਵੱਲੋਂ ਮੰਡਲ ਦਫਤਰ ਮਾਲੇਰਕੋਟਲਾ ਦੇ ਗੇਟ ਅੱਗੇ ਪੰਜਾਬ ਦੇ ਵਿੱਤ ਮੰਤਰੀ ਅਤੇ ਸੀਐਮ ਦਾ ਪੁਤਲਾ ਸਾੜ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ। ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂ ਕੌਰ ਸਿੰਘ ਸੋਹੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ 27 ਅਗਸਤ ਨੂੰ ਮੀਟਿੰਗ ਲਈ ਸੱਦਾ ਦਿੱਤਾ ਸੀ, ਪਰ ਬਾਅਦ ਵਿੱਚ ਮੀਟਿੰਗ ਨਾ ਕਰਕੇ ਮੁਲਾਜ਼ਮ ਵਰਗ ਨਾਲ ਨਿਰਾਸ਼ਾਜਨਕ ਰਵੱਈਆ ਅਪਣਾਇਆ ਗਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਮੇਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਕਈ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਕੀਤੇ ਸਨ, ਪਰ ਸਰਕਾਰ ਨੂੰ ਸੱਤਾ ਵਿੱਚ ਆਏ ਲੰਮਾ ਸਮਾਂ ਬੀਤਣ ਦੇ ਬਾਵਜੂਦ ਇਨ੍ਹਾਂ ਵਿੱਚੋਂ ਬਹੁਤੀਆਂ ਮੰਗਾਂ ਜਿਨਾਂ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀਏ ਲਾਗੂ ਕਰਨ ਵਰਗੀਆਂ ਅਹਿਮ ਮੰਗਾਂ ਅਜੇ ਵੀ ਲਟਕ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਮੀਟਿੰਗਾਂ ਦੇ ਸੱਦੇ ਦੇ ਕੇ ਸਮਾਂ ਲੰਘਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜਸਵੀਰ ਸਿੰਘ, ਜਸਵੀਰ ਸਿੰਘ ਧਾਲੀਵਾਲ ਸਰਕਲ ਪ੍ਰਧਾਨ, ਕੁਲਦੀਪ ਸਿੰਘ ਗਰੇਵਾਲ ਸਰਕਲ ਆਗੂ,ਜਸਵੀਰ ਸਿੰਘ ਨੌਧਰਾਣੀ, ਜਗਸੀਰ ਸਿੰਘ ਅਤੇ ਸਕੀਲ ਖਾਂ ਵੀ ਹਾਜ਼ਰ ਸਨ।