ਮੁੱਖ ਮੰਤਰੀ ਦੀ ਅਰਥੀ ਸਾੜ ਕੇ ਮੁਲਾਜ਼ਮਾਂ ਨੇ ਰੋਸ ਜਤਾਇਆ ਮੁੱਖ ਮੰਤਰੀ ਦੀ ਅਰਥੀ ਸਾੜ ਕੇ ਮੁਲਾਜ਼ਮਾਂ ਨੇ ਰੋਸ ਜਤਾਇਆ
Publish Date: Sat, 29 Aug 2026 05:03 PM (IST)
Updated Date: Sun, 30 Aug 2026 04:01 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੂਬਾ ਪੱਧਰੀ ਸੱਦੇ ਤਹਿਤ ਸ਼ੁੱਕਰਵਾਰ ਨੂੰ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਰਘਵੀਰ ਸਿੰਘ ਭਵਾਨੀਗੜ੍ਹ ਅਤੇ ਸਤਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਕੀਤੇ ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਸਾੜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਸਤਨਾਮ ਸਿੰਘ ਸੰਧੂ, ਕੰਵਲਜੀਤ ਸਿੰਘ, ਬਲਕਾਰ ਸਿੰਘ, ਚਰਨ ਸਿੰਘ ਚੋਪੜਾ, ਕੇਵਲ ਸਿੰਘ ਸਿੱਧੂ, ਬਲਦੇਵ ਸਿੰਘ, ਜਗਮੇਲ ਸਿੰਘ, ਰਾਮਸਰੂਪ, ਕੁਲਵੰਤ ਸਿੰਘ ਖਨੌਰੀ ਅਤੇ ਕਰਮਜੀਤ ਨਦਾਮਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਲਗਾਤਾਰ ਨਾਂਹ-ਪੱਖੀ ਰਵੱਈਆ ਅਪਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਵੱਲੋਂ ਜਥੇਬੰਦੀਆਂ ਨਾਲ ਮੀਟਿੰਗਾਂ ਕਰਨ ਦੇ ਭਰੋਸੇ ਦੇ ਬਾਵਜੂਦ ਮੀਟਿੰਗ ਤੋਂ ਮੁਕਰਨ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧਿਆ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਪੈਨਸ਼ਨ ਨੂੰ 2.59 ਦੇ ਗੁਣਾਂਕ ਨਾਲ ਫਿਕਸ ਕਰਨਾ, ਬਕਾਇਆ 18 ਫ਼ੀਸਦੀ ਡੀ.ਏ. ਦੀ ਕਿਸ਼ਤ ਜਾਰੀ ਕਰਨਾ, ਪੰਜਾਬ ਦਾ ਪੁਰਾਣਾ ਤਨਖ਼ਾਹ ਸਕੇਲ ਬਹਾਲ ਕਰਨਾ, 37 ਭੱਤੇ ਬਹਾਲ ਕਰਨਾ ਅਤੇ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਏ.ਸੀ.ਪੀ. ਸਕੀਮ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟਸੋਰਸਿੰਗ ਨੀਤੀ ਖ਼ਤਮ ਕਰਨ ਦੀ ਵੀ ਮੰਗ ਕੀਤੀ ਗਈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਧਮਕੀਆਂ ਨਾਲ ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਤੋਂ ਪਿੱਛੇ ਹਟਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਬਕਾਇਆ ਡੀਏ ਜਾਰੀ ਨਾ ਕਰਨ ਅਤੇ ਵਾਰ-ਵਾਰ ਸਮਾਂ ਮੰਗਣ ਦੇ ਬਾਵਜੂਦ ਜਥੇਬੰਦੀਆਂ ਨਾਲ ਗੱਲਬਾਤ ਨਾ ਕਰਨ ਕਾਰਨ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ ਹੈ। ਉਨ੍ਹਾਂ ਦੱਸਿਆ ਕਿ 30 ਅਗਸਤ ਨੂੰ ਮੁੱਖ ਮੰਤਰੀ ਨਾਲ ਜਥੇਬੰਦੀਆਂ ਦੀ ਹੋਣ ਵਾਲੀ ਬੈਠਕ ਤੋਂ ਬਾਅਦ ਲਏ ਜਾਣ ਵਾਲੇ ਫ਼ੈਸਲੇ ਦੇ ਆਧਾਰ ’ਤੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ। ਇਸ ਮੌਕੇ ਸਿਕੰਦਰ ਸਿੰਘ, ਬਲਜੀਤ ਸਿੰਘ, ਕਸ਼ਮੀਰ ਸਿੰਘ, ਗੁਰਤੇਜ ਸਿੰਘ, ਮਾਲਵਿੰਦਰ ਸਿੰਘ, ਅਵਤਾਰ ਸਿੰਘ, ਲਖਵਿੰਦਰ ਸਿੰਘ, ਗੁਰਜੀਤ ਸਿੰਘ, ਮਨਦੀਪ ਕੌਰ, ਸ਼ੈਲੀ ਸਿੰਗਲਾ, ਗੁਰਦੀਪ ਕੌਰ ਅਤੇ ਕਨਿਕਾ ਸਿੰਗਲਾ ਹਾਜ਼ਰ ਸਨ।