ਐੱਸਡੀਐੱਮ ਤੇ ਤਹਿਸੀਲ ਦਫ਼ਤਰ ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾਕੇ ਕੀਤਾ ਰੋਸ ਪ੍ਰਦਰਸ਼ਨ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਸਮਰਥਨ ’ਚ ਮਹਿਲ ਕਲਾਂ ਦੇ ਐਸਡੀਐਮ
Publish Date: Fri, 17 Jul 2026 05:03 PM (IST)
Updated Date: Sat, 18 Jul 2026 04:04 AM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲਕਲਾਂ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੂਬਾ ਕਮੇਟੀ ਦੇ ਸੱਦੇ ਤੇ ਸ਼ੁਕਰਵਾਰ ਨੂੰ ਐਸ.ਡੀ.ਐਮ. ਅਤੇ ਤਹਿਸੀਲ ਦਫ਼ਤਰ ਮਹਿਲ ਕਲਾਂ ਦੇ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ ਬਾਂਹਾਂ ਤੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਕਰਮਚਾਰੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਵੀ ਤਿੱਖਾ ਤੇ ਵਿਆਪਕ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਦੀ ਅਗਵਾਈ ਐਸ.ਡੀ.ਐਮ. ਦਫ਼ਤਰ ਮਹਿਲ ਕਲਾਂ ਦੇ ਸੁਪਰਡੈਂਟ ਹਰਵਿੰਦਰ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਲੰਬੇ ਸਮੇਂ ਤੋਂ ਸਰਕਾਰ ਦੇ ਧਿਆਨ ’ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਲਿਆਂਦੀਆਂ ਜਾ ਰਹੀਆਂ ਹਨ, ਪਰ ਸਰਕਾਰ ਵੱਲੋਂ ਸਿਰਫ਼ ਭਰੋਸੇ ਹੀ ਦਿੱਤੇ ਜਾ ਰਹੇ ਹਨ। ਇਸ ਕਾਰਨ ਸਮੁੱਚੇ ਮੁਲਾਜ਼ਮ ਵਰਗ ’ਚ ਨਿਰਾਸ਼ਾ ਤੇ ਰੋਸ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 12 ਜੁਲਾਈ ਨੂੰ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਦੇ ਮੁੱਖ ਪ੍ਰਿੰਸੀਪਲ ਸਕੱਤਰ ਤੇ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਸਾਂਝਾ ਫਰੰਟ ਦੇ ਆਗੂਆਂ ਨੇ ਮੰਗਾਂ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਸੀ। ਮੀਟਿੰਗ ’ਚ ਕਈ ਮਸਲਿਆਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ, ਪਰ ਅਜੇ ਤੱਕ ਕੋਈ ਵੀ ਠੋਸ ਜਾਂ ਲਿਖਤੀ ਫ਼ੈਸਲਾ ਸਾਹਮਣੇ ਨਹੀਂ ਆਇਆ। ਇਸ ਲਈ ਸੂਬਾ ਕਮੇਟੀ ਨੇ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਅਨੁਸਾਰ 17 ਜੁਲਾਈ ਨੂੰ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ, ਜਿਸ ਦੇ ਤਹਿਤ ਮਹਿਲ ਕਲਾਂ ਵਿਖੇ ਵੀ ਕਰਮਚਾਰੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ।ਬੁਲਾਰਿਆਂ ਨੇ ਕਿਹਾ ਕਿ ਇਹ ਲੜਾਈ ਸਿਰਫ਼ ਤਨਖ਼ਾਹਾਂ ਜਾਂ ਭੱਤਿਆਂ ਦੀ ਨਹੀਂ, ਸਗੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨਾਲ ਜੁੜੀ ਹੋਈ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਚੋਣਾਂ ਦੌਰਾਨ ਕੀਤੇ ਆਪਣੇ ਵਾਅਦੇ ਨਿਭਾਉਂਦਿਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ। ਜੇਕਰ ਸਰਕਾਰ ਨੇ ਅਜੇ ਵੀ ਗੰਭੀਰਤਾ ਨਾ ਦਿਖਾਈ ਤਾਂ ਪੰਜਾਬ ਭਰ ਵਿੱਚ ਸੰਘਰਸ਼ ਨੂੰ ਹੋਰ ਵਿਸ਼ਾਲ ਤੇ ਤਿੱਖਾ ਕੀਤਾ ਜਾਵੇਗਾ, ਜਿਸਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਇਸ ਮੌਕੇ ਗੁਰਮੀਤ ਕੌਰ (ਸੀਨੀਅਰ ਸਹਾਇਕ), ਸਰਬਜੀਤ ਕੌਰ (ਜੂਨੀਅਰ ਸਹਾਇਕ), ਕਰਨਅਵਤਾਰ ਸਿੰਘ ਪੰਧੇਰ (ਤਹਿਸੀਲ ਸਹਾਇਕ), ਕਰਨਵੀਰ ਸਿੰਘ (ਰਜਿਸਟਰੀ ਕਲਰਕ), ਮਨਦੀਪ ਸਿੰਘ (ਕਲਰਕ), ਅਮ੍ਰਿਤ ਸਿੰਘ (ਮੁੱਖ ਸੇਵਾਦਾਰ) ਸਮੇਤ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਮੂਲੀਅਤ ਕਰਦਿਆਂ ਇੱਕਜੁੱਟ ਹੋ ਕੇ ਸੰਘਰਸ਼ ਨੂੰ ਕਾਮਯਾਬ ਬਣਾਉਣ ਦਾ ਅਹਿਦ ਕੀਤਾ। ਕਰਮਚਾਰੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਜਥੇਬੰਦੀ ਦੇ ਹਰ ਸੰਘਰਸ਼ੀ ਸੱਦੇ ਨੂੰ ਪੂਰੀ ਤਨਦੇਹੀ ਨਾਲ ਕਾਮਯਾਬ ਬਣਾਇਆ ਜਾਵੇਗਾ।