23 ਨੂੰ ਸਤੌਜ ਪੁੱਜ ਕੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਆਵਾਜ਼ ਬੁਲੰਦ ਕਰਨਗੇ ਮੁਲਾਜ਼ਮ 23 ਨੂੰ ਸਤੌਜ ਪੁੱਜ ਕੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਆਵਾਜ਼ ਬੁਲੰਦ ਕਰਨਗੇ ਮੁਲਾਜ਼ਮ
Publish Date: Tue, 18 Aug 2026 04:30 PM (IST)
Updated Date: Wed, 19 Aug 2026 04:00 AM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ :ਪੰਜਾਬ ਦੇ ਐਨਪੀਐੱਸ ਤਹਿਤ ਭਰਤੀ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਉਡੀਕ ਕਰਦਿਆਂ ਅੱਕ-ਥੱਕ ਚੁੱਕੇ ਹਨ। ਸਰਕਾਰ ਦੇ ਕਾਰਜਕਾਲ ਨੂੰ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ 18 ਨਵੰਬਰ 2022 ਨੂੰ ਜਾਰੀ ਕੀਤਾ ਗਿਆ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਨੋਟੀਫਿਕੇਸ਼ਨ ਅਜੇ ਤੱਕ ਪੂਰੀ ਤਰ੍ਹਾਂ ਲਾਗੂ ਨਹੀਂ ਹੋ ਸਕਿਆ। ਇਹ ਗੱਲ ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਅਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਸ਼ੋਕਰਾਂ ਨੇ ਕਹੀ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਮੁੱਦਾ ਲੰਬੇ ਸਮੇਂ ਤੋਂ ਮੁਲਾਜ਼ਮਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੇ ਬਾਵਜੂਦ ਇਸ ਨੂੰ ਪੂਰੀ ਤਰ੍ਹਾਂ ਲਾਗੂ ਨਾ ਕਰਨ ਕਾਰਨ ਐਨਪੀਐੱਸ ਮੁਲਾਜ਼ਮਾਂ ਵਿੱਚ ਰੋਸ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਤਿੰਨ ਮੁੱਖ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ ਸਾਂਝੇ ਤੌਰ ’ਤੇ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਪਹੁੰਚਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਐਨਪੀਐੱਸ ਮੁਲਾਜ਼ਮ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਉਣਗੇ। ਰਣਬੀਰ ਸਿੰਘ ਢੰਡੇ ਅਤੇ ਦੀਦਾਰ ਸਿੰਘ ਛੋਕਰਾਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਇਹ ਜਾਇਜ਼ ਮੰਗ ਹੁਣ ਹੋਰ ਲਟਕਾਈ ਨਹੀਂ ਜਾਣੀ ਚਾਹੀਦੀ। ਸਰਕਾਰ ਨੂੰ 18 ਨਵੰਬਰ 2022 ਦੇ ਨੋਟੀਫਿਕੇਸ਼ਨ ਨੂੰ ਬਿਨਾਂ ਕਿਸੇ ਦੇਰੀ ਦੇ ਪੂਰੀ ਤਰ੍ਹਾਂ ਲਾਗੂ ਕਰਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨੀ ਚਾਹੀਦੀ ਹੈ। ਉਨ੍ਹਾਂ ਸਮੂਹ ਐਨਪੀਐੱਸ ਮੁਲਾਜ਼ਮਾਂ ਨੂੰ 23 ਅਗਸਤ ਦੇ ਸਤੌਜ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।