21 ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਦੀ ਅਪੀਲ 21 ਅਗਸਤ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਦੀ ਅਪੀਲ
Publish Date: Wed, 19 Aug 2026 05:59 PM (IST)
Updated Date: Thu, 20 Aug 2026 04:00 AM (IST)
* ਕੌਮੀ ਇਨਸਾਫ਼ ਮੋਰਚੇ ਵੱਲੋਂ ਸਮੂਹ ਜਥੇਬੰਦੀਆਂ, ਸੰਗਤ ਤੇ ਪੰਜਾਬੀਆਂ ਨੂੰ ਸਹਿਯੋਗ ਦੇਣ ਦਾ ਸੱਦਾ ਕੈਪਸ਼ਨ: ਮੋਰਚੇ ਦੇ ਆਗੂ ਗੱਲਬਾਤ ਕਰਦੇ ਹੋਏ। ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਦੇ ਆਗੂਆਂ ਨੇ ਸਮੂਹ ਸਿੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ, ਸੰਗਤ ਤੇ ਪੰਜਾਬੀਆਂ ਨੂੰ ਇਸ ਬੰਦ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਮੋਰਚੇ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਦਿੱਲੀ ਵਿਖੇ ਗਵਰਨਰ ਹਾਊਸ ਤੱਕ ਪਹੁੰਚ ਕੇ ਮੰਗ ਪੱਤਰ ਦੇਣ ਦੀ ਕੋਸ਼ਿਸ਼ ਦੌਰਾਨ ਸਿਮਰਨਜੀਤ ਸਿੰਘ ਮਾਨ ਨਾਲ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਨ ਨੂੰ ਹਿਰਾਸਤ ’ਚ ਲੈ ਕੇ ਰਾਤ ਸਮੇਂ ਛੱਡਿਆ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ। ਮੋਰਚੇ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਿਮਰਨਜੀਤ ਸਿੰਘ ਮਾਨ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਚ ਪੱਤਰ ਲਿਖ ਕੇ ਉਨ੍ਹਾਂ ਨੂੰ ਰਾਹਤ ਦੇਣ ਤੇ ਪਰਿਵਾਰਕ ਮੁਲਾਕਾਤ ਦੀ ਮੰਗ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਸਿੱਖ ਆਗੂਆਂ ਨਾਲ ਕਥਿਤ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਨੂੰ ਸਰਕਾਰ ਦਾ ਕਥਿਤ “ਦੋਹਰਾ ਚਿਹਰਾ” ਕਰਾਰ ਦਿੱਤਾ। ਕੌਮੀ ਇਨਸਾਫ਼ ਮੋਰਚੇ ਨੇ 21 ਅਗਸਤ ਦੇ ਬੰਦ ਨੂੰ ਸਫਲ ਬਣਾਉਣ ਲਈ ਪੰਜਾਬ ਦੀਆਂ ਸਮੁੱਚੀਆਂ ਜਥੇਬੰਦੀਆਂ, ਧਾਰਮਿਕ ਸੰਸਥਾਵਾਂ, ਸੰਗਤਾਂ ਅਤੇ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਮੋਰਚੇ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਜਲਦ ਤੋਂ ਜਲਦ ਠੋਸ ਕਦਮ ਚੁੱਕੇ ਜਾਣ। ਇਸ ਮੌਕੇ ਅਵਤਾਰ ਸਿੰਘ, ਦੀਪਕ ਸਿੰਗਲਾ, ਪ੍ਰਿੰਸੀਪਲ ਬਲਦੇਵ ਸਿੰਘ, ਓਤਮ ਬਾਂਸਲ, ਭੁਪਿੰਦਰਜੀਤ ਕੌਰ, ਜਗਦੀਪ ਸਿੰਘ, ਕਮਲਦੀਪ ਸਿੰਘ, ਹਰਿੰਦਰਜੀਤ ਸਿੰਘ ਢੀਂਡਸਾ, ਗੁਰਜੰਟ ਸਿੰਘ ਪਾਉ, ਗੁਰਤੇਜ ਸਿੰਘ ਡਾਂਗਰਹ, ਜਰਨੈਲ ਸਿੰਘ ਡਾਂਗਰਹ ਸਮੇਤ ਹੋਰ ਆਗੂ ਤੇ ਸੰਗਤ ਦੇ ਨੁਮਾਇੰਦੇ ਹਾਜ਼ਰ ਸਨ।