- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫੈਕਟਰੀ ਦੇ ਪ੍ਰਦੂਸ਼ਣ ਨੇ ਲੋਕਾਂ ਦੀ ਸਿਹਤ ਨੂੰ ਖ਼ਤਰੇ ’ਚ ਪਾਇਆ: ਘਨੌਰ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ/ਸ਼ੇਰਪੁਰ : ਪਿੰਡ ਜਹਾਂਗੀਰ ਸਥਿਤ ਹਾਰਪ ਕੈਮੀਕਲ ਪ੍ਰਾਈਵੇਟ ਲਿਮਟਿਡ ਫੈਕਟਰੀ ਤੋਂ ਕਥਿਤ ਤੌਰ ’ਤੇ ਫੈਲ ਰਹੇ ਪ੍ਰਦੂਸ਼ਣ ਨੂੰ ਲੈ ਕੇ ਇਲਾਕੇ ਦੇ ਲੋਕਾਂ ਦਾ ਰੋਸ ਲਗਾਤਾਰ ਵਧ ਰਿਹਾ ਹੈ। ਫੈਕਟਰੀ ਵਿਰੁੱਧ ਸੰਘਰਸ਼ ਕਮੇਟੀ ਅਤੇ ਇਲਾਕਾ ਵਾਸੀਆਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ 65ਵੇ ਦਿਨ ਵਿੱਚ ਸ਼ਾਮਿਲ ਹੋ ਗਿਆ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਫੈਕਟਰੀ ਨੂੰ ਪੱਕੇ ਤੌਰ ’ਤੇ ਬੰਦ ਕਰਵਾਉਣ ਦੀ ਮੰਗ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ, ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ।
ਸੰਘਰਸ਼ ਕਮੇਟੀ ਦੇ ਆਗੂ ਜਸਪਾਲ ਸਿੰਘ ਘਨੌਰ, ਗੁਰਸੇਵਕ ਸਿੰਘ, ਲਖਬੀਰ ਸਿੰਘ ਜਹਾਂਗੀਰ, ਲਾਲੀ ਬਮਾਲ, ਨਰਿੰਦਰ ਸਿੰਘ ਕਾਲਾਬੂਲਾ, ਲਖਵੀਰ ਸਿੰਘ ਲੱਖੀ ਐਨਆਰਆਈ, ਡਾ. ਬਿਨੇਪਾਲ ਅਤੇ ਗੁਰਪ੍ਰੀਤ ਸਿੰਘ ਕਾਲਾਬੂਲਾ ਨੇ ਦੋਸ਼ ਲਾਇਆ ਕਿ ਫੈਕਟਰੀ ਵਿੱਚੋਂ ਨਿਕਲਣ ਵਾਲੀ ਤੇਜ਼ ਬਦਬੂ ਅਤੇ ਗੰਦੇ ਪਾਣੀ ਕਾਰਨ ਇਲਾਕੇ ਦਾ ਵਾਤਾਵਰਨ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਮੁਤਾਬਕ ਕਈ ਪਿੰਡਾਂ ਵਿੱਚ ਘਰਾਂ ਅਤੇ ਖੇਤੀਬਾੜੀ ਵਾਲੀਆਂ ਮੋਟਰਾਂ ਵਿੱਚੋਂ ਨਿਕਲਣ ਵਾਲੇ ਪਾਣੀ ਦੇ ਰੰਗ ਵਿੱਚ ਤਬਦੀਲੀ ਆਉਣ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਹੋਣ ਨਾਲ ਲੋਕਾਂ ਦੀ ਸਿਹਤ ਨੂੰ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ।
ਆਗੂਆਂ ਨੇ ਕਿਹਾ ਕਿ ਇਲਾਕੇ ਵਿੱਚ ਕੈਂਸਰ ਸਮੇਤ ਵੱਖ-ਵੱਖ ਬਿਮਾਰੀਆਂ ਨਾਲ ਲੋਕਾਂ ਦੇ ਪੀੜਤ ਹੋਣ ਅਤੇ ਮੌਤਾਂ ਹੋਣ ਦੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਲਾਕੇ ਦੇ ਪਾਣੀ ਅਤੇ ਹਵਾ ਦੀ ਮਾਹਿਰਾਂ ਦੀ ਟੀਮ ਰਾਹੀਂ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜਾਂਚ ਰਿਪੋਰਟ ਜਨਤਕ ਕੀਤੀ ਜਾਵੇ, ਤਾਂ ਜੋ ਪ੍ਰਦੂਸ਼ਣ ਦੇ ਅਸਲ ਕਾਰਨਾਂ ਅਤੇ ਲੋਕਾਂ ਦੀ ਸਿਹਤ ਉੱਤੇ ਪੈ ਰਹੇ ਪ੍ਰਭਾਵਾਂ ਦਾ ਪਤਾ ਲੱਗ ਸਕੇ।
----
ਪ੍ਰਸ਼ਾਸਨ ਦੀ ਕਾਰਵਾਈ ’ਤੇ ਚੁੱਕੇ ਸਵਾਲ
ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਲੰਮੇ ਸਮੇਂ ਤੋਂ ਲੋਕਾਂ ਵੱਲੋਂ ਪ੍ਰਦੂਸ਼ਣ ਸਬੰਧੀ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ, ਪਰ ਇਸ ਦੇ ਬਾਵਜੂਦ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੋਈ ਤਸੱਲੀਬਖ਼ਸ਼ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਨੋਟਿਸ ਦੇ ਸਬੰਧ ਵਿੱਚ ਫੈਕਟਰੀ ਪ੍ਰਬੰਧਕਾਂ ਨੂੰ 22 ਅਕਤੂਬਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਬੁਲਾਇਆ ਗਿਆ ਸੀ, ਪਰ ਆਗੂਆਂ ਅਨੁਸਾਰ ਫੈਕਟਰੀ ਪ੍ਰਬੰਧਕ ਉੱਥੇ ਪੇਸ਼ ਨਹੀਂ ਹੋਏ। ਆਗੂਆਂ ਨੇ ਕਿਹਾ ਕਿ ਜਦੋਂ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੇ ਬੋਰਡ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਮਾਮਲੇ ਬਾਰੇ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਟਾਲਾ ਵੱਟ ਲਿਆ।
---------
ਕਾਲੇ ਪਾਣੀ ਦੀਆਂ ਸ਼ਿਕਾਇਤਾਂ ਵਧਣ ਦਾ ਦਾਅਵਾ
ਆਗੂਆਂ ਨੇ ਦੱਸਿਆ ਕਿ ਪਹਿਲਾਂ ਕੁਝ ਪਿੰਡਾਂ ਦੀਆਂ ਖੇਤੀਬਾੜੀ ਵਾਲੀਆਂ ਮੋਟਰਾਂ ਵਿੱਚੋਂ ਕਾਲੇ ਰੰਗ ਦਾ ਪਾਣੀ ਨਿਕਲਣ ਦੀਆਂ ਸ਼ਿਕਾਇਤਾਂ ਮਿਲਦੀਆਂ ਸਨ, ਪਰ ਹੁਣ ਉਨ੍ਹਾਂ ਮੁਤਾਬਕ ਇਹ ਸਮੱਸਿਆ ਹੋਰ ਪਿੰਡਾਂ ਵਿੱਚ ਵੀ ਸਾਹਮਣੇ ਆ ਰਹੀ ਹੈ। ਉਨ੍ਹਾਂ ਪਿੰਡ ਕਲੇਰਾਂ ਅਤੇ ਬਾਦਸ਼ਾਹਪੁਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਥੇ ਵੀ ਪਾਣੀ ਦੇ ਰੰਗ ਵਿੱਚ ਤਬਦੀਲੀ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਵਿਭਾਗ ਤੁਰੰਤ ਪਾਣੀ ਦੇ ਨਮੂਨੇ ਲੈ ਕੇ ਉਨ੍ਹਾਂ ਦੀ ਵਿਗਿਆਨਕ ਜਾਂਚ ਕਰਵਾਉਣ ਅਤੇ ਲੋਕਾਂ ਨੂੰ ਅਸਲ ਸਥਿਤੀ ਤੋਂ ਜਾਣੂ ਕਰਵਾਉਣ।
ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਮਾਜਿਕ, ਰਾਜਨੀਤਕ ਅਤੇ ਵਾਤਾਵਰਨ ਪੱਖੀ ਜਥੇਬੰਦੀਆਂ ਵੱਲੋਂ ਇਸ ਸੰਘਰਸ਼ ਨੂੰ ਲਗਾਤਾਰ ਸਮਰਥਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਸਾਫ਼ ਵਾਤਾਵਰਨ ਅਤੇ ਸਿਹਤਮੰਦ ਭਵਿੱਖ ਲਈ ਇਸ ਸੰਘਰਸ਼ ਨੂੰ ਹੋਰ ਵਿਸ਼ਾਲ ਕੀਤਾ ਜਾਵੇ। ਦੂਜੇ ਪਾਸੇ, ਫੈਕਟਰੀ ਪ੍ਰਬੰਧਕਾਂ ਵੱਲੋਂ ਪਹਿਲਾਂ ਹੀ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਜਾ ਚੁੱਕਾ ਹੈ।