- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਿਆ ਮ੍ਰਿਤਕ ਗੁਲਜ਼ਾਰ ਦਾ ਪਰਿਵਾਰ

ਇਨਸਾਫ਼ ਦੀ ਲਾਈ ਗੁਹਾਰ, ਅਮਿਤ ਸ਼ਾਹ ਨੇ ਦਿੱਤਾ ਭਰੋਸਾ
ਕਿਹਾ- ਤੰਗ ਪਰੇਸ਼ਾਨ ਕਰਨ ਖ਼ਿਲਾਫ਼ ਹੋਵੇਗੀ ਕਾਰਵਾਈ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਜਨ ਸਭਾ ਵਿੱਚ ਨਸ਼ੇ ਖਿਲਾਫ ਅਵਾਜ਼ ਬੁਲੰਦ ਕਰਨ ਵਾਲੇ ਖੁਦਕੁਸ਼ੀ ਕਰ ਗਏ ਪਿੰਡ ਤੂਰਬੰਨਜਾਰਾ ਦੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਉਕਤ ਮਾਮਲੇ ਵਿੱਚ ਦਰਜ ਮੁਕੱਦਮੇ ਵਿੱਚ ਵਿੱਤ ਮੰਤਰੀ ਦਾ ਨਾਂ ਸ਼ਾਮਲ ਕਰਨ ਦੀ ਮੰਗ ਕਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਦੱਸਿਆ ਕਿ ਜਲੰਧਰ ਦੌਰੇ ਤੇ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਕੇ ਖੁਦਕੁਸ਼ੀ ਕਰ ਗਏ ਪਿੰਡ ਤੂਰਬੰਨਜਾਰਾ ਦੇ ਕਿਰਤੀ ਗੁਲਜ਼ਾਰ ਸਿੰਘ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਨ ਲਈ ਮ੍ਰਿਤਕ ਦੀ ਪਤਨੀ ਤੇ ਪੁੱਤਰ ਨੇ ਮੁਲਾਕਾਤ ਕੀਤੀ ਹੈ।
ਗ੍ਰਹਿ ਮੰਤਰੀ ਨੇ ਗੁਲਜ਼ਾਰ ਸਿੰਘ ਦੀ ਪਤਨੀ ਅਤੇ ਬੇਟੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਦਰਦਨਾਕ ਦਾਸਤਾਨ ਸੁਣੀ ਅਤੇ ਇਨਸਾਫ਼ ਦੇਣ ਦਾ ਭਰੋਸਾ ਦਿਵਾਇਆ।
ਜ਼ਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਨੇ ਦਿੜ੍ਹਬਾ ਇਲਾਕੇ ਖਾਸਕਰ ਆਪਣੇ ਪਿੰਡ ਤੂਰਬੰਨਜਾਰਾ ਵਿੱਚ ਫੈਲੇ ਨਸ਼ੇ ਦੇ ਗੰਭੀਰ ਮੁੱਦੇ ਖਿਲਾਫ਼ ਆਵਾਜ਼ ਚੁੱਕੀ ਸੀ, ਜਿਸ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਤੋਂ ਤੰਗ ਆ ਕੇ ਉਨ੍ਹਾਂ ਨੇ ਆਤਮਹੱਤਿਆ ਕਰ ਲਈ ਸੀ। ਪੀੜਤ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਹੌਸਲਾ ਦਿੱਤਾ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪੂਰਾ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਨਸ਼ੇ ਦੇ ਕਾਰੋਬਾਰ ਦੇ ਖਿਲਾਫ ਆਵਾਜ਼ ਚੁੱਕਣ ਵਾਲਿਆਂ ਨੂੰ ਪ੍ਰੇਸ਼ਾਨ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਪੀੜਤ ਪਰਿਵਾਰ ਨੇ ਭਾਜਪਾ ਦੀ ਸੀਨੀਅਰ ਲੀਡਰ ਦਾਮਨ ਬਾਜਵਾ ਦਾ ਖਾਸ ਤੌਰ 'ਤੇ ਧੰਨਵਾਦ ਕੀਤਾ।