ਟਰੰਪ–ਮੋਦੀ ਵਪਾਰ ਸਮਝੌਤੇ ਖ਼ਿਲਾਫ਼ ਮੂੰਮ ’ਚ ਕਿਸਾਨਾਂ ਦਾ ਗੁੱਸਾ ਫੁੱਟਿਆ
ਟਰੰਪ–ਮੋਦੀ ਵਪਾਰ ਸਮਝੌਤੇ ਖ਼ਿਲਾਫ਼ ਮੂੰਮ ’ਚ ਕਿਸਾਨਾਂ ਦਾ ਗੁੱਸਾ ਫੁੱਟਿਆ
Publish Date: Mon, 09 Feb 2026 03:48 PM (IST)
Updated Date: Tue, 10 Feb 2026 04:00 AM (IST)

22 ਫਰਵਰੀ ਨੂੰ ਮੰਤਰੀਆਂ ਦੇ ਘਰਾਂ ਅੱਗੇ ਘੇਰਾਓ ਦਾ ਐਲਾਨ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਪੱਧਰੀ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪਿੰਡ ਮੂੰਮ ਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬਲਾਕ ਜਨਰਲ ਸਕੱਤਰ ਸਤਨਾਮ ਸਿੰਘ ਦੀ ਅਗਵਾਈ ਹੇਠ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜ ਕੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ, ਭਿੰਦਰ ਸਿੰਘ, ਦਿਆਲ ਸਿੰਘ ਤੇ ਅਜਮੇਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਭਾਵੇਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਟਰੰਪ–ਮੋਦੀ ਵਪਾਰ ਸਮਝੌਤੇ ਚ ਖੇਤੀਬਾੜੀ ਤੇ ਡੇਅਰੀ ਖੇਤਰ ਨੂੰ ਬਾਹਰ ਰੱਖਿਆ ਗਿਆ ਹੈ, ਪਰ ਕਿਸਾਨ ਵਰਗ ਨੂੰ ਇਸ ’ਤੇ ਕੋਈ ਭਰੋਸਾ ਨਹੀਂ। ਉਨ੍ਹਾਂ ਕਿਹਾ ਕਿ ਪਿਛਲੇ ਤਜਰਬਿਆਂ ਦੇ ਆਧਾਰ ’ਤੇ ਕਿਸਾਨਾਂ ਨੂੰ ਡਰ ਹੈ ਕਿ ਅਜਿਹੇ ਸਮਝੌਤੇ ਬਹੁਰਾਸ਼ਟਰੀ ਕੰਪਨੀਆਂ ਲਈ ਦਰਵਾਜ਼ੇ ਖੋਲ੍ਹਣਗੇ ਅਤੇ ਦੇਸੀ ਖੇਤੀ ਤੇ ਡੇਅਰੀ ਧੰਦੇ ਨੂੰ ਭਾਰੀ ਨੁਕਸਾਨ ਪਹੁੰਚੇਗਾ। ਆਗੂਆਂ ਨੇ ਮੰਗ ਕੀਤੀ ਕਿ ਪੂਰਾ ਸਮਝੌਤਾ ਤੁਰੰਤ ਜਨਤਕ ਕੀਤਾ ਜਾਵੇ ਤਾਂ ਜੋ ਲੋਕਾਂ ਅੱਗੇ ਸੱਚਾਈ ਆ ਸਕੇ। ਉਨ੍ਹਾਂ ਕਿਹਾ ਕਿ ਜੇ ਖੇਤੀ ਖੇਤਰ ਜਾਂ ਡੇਅਰੀ ਧੰਦੇ ਨੂੰ ਸਮਝੌਤੇ ’ਚ ਸ਼ਾਮਲ ਕੀਤਾ ਗਿਆ ਤਾਂ ਇਹ ਕਿਸਾਨੀ ਤੇ ਪਿੰਡਾਂ ਦੀ ਅਰਥਵਿਵਸਥਾ ਲਈ ਘਾਤਕ ਸਾਬਤ ਹੋਵੇਗਾ। ਸਰਕਾਰ ਨੂੰ ਤਿੱਖੇ ਤੇ ਲੰਬੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ। ਆਗੂਆਂ ਨੇ ਦੋਸ਼ ਲਗਾਇਆ ਕਿ ਇਸ ਤਰ੍ਹਾਂ ਦੀਆਂ ਨੀਤੀਆਂ ਨਾਲ ਸਿਰਫ਼ ਉਦਯੋਗ ਹੀ ਨਹੀਂ, ਸਗੋਂ ਛੋਟੇ ਵਪਾਰੀ ਤੇ ਆਮ ਲੋਕਾਂ ਦੀ ਰੋਜ਼ੀ-ਰੋਟੀ ਵੀ ਖ਼ਤਰੇ ਚ ਪੈ ਜਾਵੇਗੀ।ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 12 ਫਰਵਰੀ ਨੂੰ ਦੇਸ਼ ਭਰ ਦੇ ਮੁਲਾਜ਼ਮਾਂ ਤੇ ਮਜ਼ਦੂਰਾਂ ਵੱਲੋਂ ਨਿੱਜੀਕਰਨ ਦੇ ਵਿਰੋਧ ਚ ਕੀਤੀ ਜਾ ਰਹੀ ਹੜਤਾਲ਼ ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਵੱਡੇ ਪੱਧਰ ‘ਤੇ ਸ਼ਮੂਲੀਅਤ ਕਰਕੇ ਸਾਂਝਾ ਮੋਰਚਾ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਨੇ 22 ਫਰਵਰੀ ਨੂੰ ਭਾਰਤੀ ਜਨਤਾ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਦੇ ਦਫ਼ਤਰਾਂ ਤੇ ਘਰਾਂ ਅੱਗੇ ਧਰਨੇ ਦੇ ਕੇ ਸਰਕਾਰ ਨੂੰ ਜਾਗਰੂਕ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਫ਼ੈਸਲੇ ਵਾਪਸ ਨਾ ਲਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਗੂਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਗ੍ਰਿਫ਼ਤਾਰ ਸਾਥੀਆਂ ਦੀ ਰਿਹਾਈ ਲਈ ਚੱਲ ਰਹੇ ਸ਼ਾਂਤਮਈ ਸੰਘਰਸ਼ ਦੌਰਾਨ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਮਹਿਲਾਵਾਂ ਨਾਲ ਕੀਤੇ ਤਸ਼ੱਦਦ ਦੀ ਕੜੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰੇ, ਨਹੀਂ ਤਾਂ ਕਿਸਾਨ ਜਥੇਬੰਦੀਆਂ ਜਬਰ ਦੇ ਖ਼ਿਲਾਫ਼ ਸਾਂਝਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੀਆਂ। ਰੋਸ ਪ੍ਰਦਰਸ਼ਨ ਦੌਰਾਨ ਅਜਾਇਬ ਸਿੰਘ, ਬਿੱਲੂ ਸਿੰਘ, ਚਰਨ ਸਿੰਘ, ਨਿਰਮਲ ਸਿੰਘ, ਸਵਰਨ ਸਿੰਘ ਸਮੇਤ ਬੀਬੀਆਂ ਅਤੇ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ, ਜਿਨ੍ਹਾਂ ਨੇ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਲਿਆ।