- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਕੱਟਾ ਤੋਂ ਕਿਸਾਨ ਤੇ ਆਮ ਲੋਕ ਦੁਖੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ : ਸ਼ਹਿਰਾਂ ਅਤੇ ਪਿੰਡਾਂ ਵਿੱਚ ਘਰੇਲੂ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਹਰ ਵਰਗ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖੇਤੀਬਾੜੀ ਸੈਕਟਰ ਨੂੰ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਵੀ ਰੋਸ ਵਧਦਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਬਿਜਲੀ ਗਰਿੱਡਾਂ ਦੇ ਘਿਰਾਓ ਅਤੇ ਸੜਕਾਂ ਜਾਮ ਕਰਕੇ ਸਰਕਾਰ ਤੋਂ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰਨੀ ਇਸ ਸਮੱਸਿਆ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ।
ਇਸ ਸਬੰਧੀ ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਲਕਾ ਮਹਿਲ ਕਲਾਂ ਤੋਂ ਬਲਾਕ ਪ੍ਰਧਾਨ ਪੂਰਨ ਸਿੰਘ ਖਾਲਸਾ ਗੰਡੇਵਾਲ, ਕਿਸਾਨ ਆਗੂ ਰਵਿੰਦਰ ਸਿੰਘ ਕਾਸ਼ਾਪੁਰ, ਨੌਜਵਾਨ ਆਗੂ ਗੁਰਪ੍ਰੀਤ ਸਿੰਘ ਕਾਲਾਬੂਲਾ ਅਤੇ ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੇ ਦਾਅਵੇਦਾਰ ਕਮਲ ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਦੇ ਖੇਤਰ ਵਿੱਚ ਕੀਤੇ ਜਾ ਰਹੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਕਾਰ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਦੀ ਸਥਿਤੀ ਠੀਕ ਹੈ ਤਾਂ ਫਿਰ ਕਿਸਾਨਾਂ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਬਿਜਲੀ ਕੱਟਾਂ ਦਾ ਸਾਹਮਣਾ ਕਿਉਂ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਇਸ ਸਮੇਂ ਪੱਕਣ ਦੇ ਪੜਾਅ ਵੱਲ ਵਧ ਰਹੀ ਹੈ, ਜਿਸ ਕਾਰਨ ਖੇਤਾਂ ਵਿੱਚ ਪਾਣੀ ਦੀ ਲੋੜ ਬਣੀ ਹੋਈ ਹੈ। ਬਿਜਲੀ ਦੀ ਘਾਟ ਕਾਰਨ ਟਿਊਬਵੈੱਲ ਨਾ ਚੱਲਣ ਅਤੇ ਸਮੇਂ ਸਿਰ ਸਿੰਚਾਈ ਨਾ ਹੋਣ ਨਾਲ ਫ਼ਸਲ ਦੇ ਝਾੜ ’ਤੇ ਮਾੜਾ ਅਸਰ ਪੈ ਸਕਦਾ ਹੈ। ਕਿਸਾਨ ਪਹਿਲਾਂ ਹੀ ਹੜ੍ਹਾਂ ਅਤੇ ਮੌਸਮ ਦੀ ਮਾਰ ਕਾਰਨ ਆਰਥਿਕ ਨੁਕਸਾਨ ਝੱਲ ਚੁੱਕੇ ਹਨ। ਅਜਿਹੇ ਸਮੇਂ ਵਿੱਚ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣਾ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਦਾ ਅਸਰ ਸਿਰਫ਼ ਖੇਤੀਬਾੜੀ ਤੱਕ ਸੀਮਤ ਨਹੀਂ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰੇਲੂ ਖਪਤਕਾਰਾਂ ਨੂੰ ਵੀ ਲੰਮੇ ਕੱਟਾਂ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ’ਤੇ ਨਿਰਭਰ ਛੋਟੇ ਕਾਰੋਬਾਰ, ਦੁਕਾਨਦਾਰ, ਵਿਦਿਆਰਥੀ ਅਤੇ ਆਮ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਵਿੱਚ ਵਾਰ-ਵਾਰ ਵਿਘਨ ਪੈਣ ਕਾਰਨ ਲੋਕਾਂ ਵਿੱਚ ਸਰਕਾਰ ਅਤੇ ਬਿਜਲੀ ਵਿਭਾਗ ਪ੍ਰਤੀ ਨਾਰਾਜ਼ਗੀ ਵਧ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਕੱਟਾਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਖੇਤੀਬਾੜੀ ਲਈ ਨਿਰਧਾਰਤ ਸਮੇਂ ਅਨੁਸਾਰ ਲੋੜੀਂਦੀ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ।