ਕਿਸਾਨਾਂ ’ਚ ਪੁਲਿਸ ਖ਼ਿਲਾਫ਼ ਭਖਿਆ ਰੋਹ
ਕਿਸਾਨਾਂ ’ਚ ਪੁਲਿਸ ਖ਼ਿਲਾਫ਼ ਪਣਪਿਆ ਰੋਹ
Publish Date: Wed, 18 Feb 2026 05:12 PM (IST)
Updated Date: Wed, 18 Feb 2026 05:15 PM (IST)
- ਬਠਿੰਡਾ ਜਾਣ ਤੋਂ ਰੋਕੇ ਕਿਸਾਨਾਂ ਨੇ ਜਖੇਪਲ ’ਚ ਲਾਇਆ ਧਰਨਾ
- ਕਿਹਾ ਹਿਰਾਸਤ ’ਚ ਲਏ ਕਿਸਾਨਾਂ ਦੀ ਰਿਹਾਈ ਤਕ ਰਹੇਗਾ ਜਾਰੀ ਧਰਨਾ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ
ਸੁਨਾਮ : ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਉਂਦ ਦੀ ਰਿਹਾਈ ਨੂੰ ਲੈਕੇ ਬਠਿੰਡਾ ਧਰਨੇ ਵਿੱਚ ਜਾਣ ਤੋਂ ਪੁਲਿਸ ਵੱਲੋਂ ਜਬਰੀ ਰੋਕੇ ਕਿਸਾਨਾਂ ਨੇ ਜਖੇਪਲ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਜਥੇਬੰਦੀ ਨੇ ਆਖਿਆ ਕਿ ਹਿਰਾਸਤ ਵਿਚ ਲਏ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਤਕ ਮੋਰਚਾ ਜਾਰੀ ਰਹੇਗਾ। ਛੇ ਫ਼ਰਵਰੀ ਅਤੇ ਅੱਜ ਕਿਸਾਨਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਖਿੱਚੋਤਾਣ ਦੇ ਚੱਲਦਿਆਂ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਹ ਪਣਪ ਰਿਹਾ ਹੈ। ਇੰਟਰਨੈੱਟ ਮੀਡੀਆ ’ਤੇ ਵਾਇਰਲ ਹੋ ਰਹੀਆਂ ਵੀਡੀਓ ਵਿੱਚ ਕਿਸਾਨ ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਸਰਕਾਰ ਕੰਧ ’ਤੇ ਲਿਖਿਆ ਪੜ੍ਹ ਲਵੇ। ਕਿਸਾਨਾਂ ਨੂੰ ਪੁਲਿਸ ਦੁਆਰਾ ਸ਼ੇਰੋਂ ਪਿੰਡ ਤੋਂ ਖਦੇੜਨ ਮਗਰੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ ਨੇ ਬਲਾਕ ਦੇ ਵੱਡੇ ਪਿੰਡ ਜਖੇਪਲ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ।
ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਹਰਜੀਤ ਸਿੰਘ ਮਹਿਲਾਂ ਨੇ ਪੁਲਿਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦੇ ਹੋਏ ਇਸ ਨੂੰ ‘ਲੋਕਤੰਤਰ ਦਾ ਕਤਲ’ ਦੱਸਿਆ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਆਪਣੇ ਹੱਕਾਂ ਅਤੇ ਇਨਸਾਫ਼ ਦੀ ਮੰਗ ਲਈ ਸ਼ਾਂਤੀਪੂਰਵਕ ਆਪਣੀ ਆਵਾਜ਼ ਚੁੱਕਣਾ ਚਾਹੁੰਦੇ ਹਨ। ਹਾਲਾਂਕਿ ਪੁਲਿਸ ਦਮਨਕਾਰੀ ਨੀਤੀਆਂ ਰਾਹੀਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਜ਼ੁਲਮ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਆਖਿਆ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਉਂਦ ਦੀ ਰਿਹਾਈ ਲਈ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ ਪੁਲਿਸ ਹਿਰਾਸਤ ’ਚ ਲਏ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੇ ਨਹੀਂ ਤਾਂ ਜਖੇਪਲ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰਹੇਗਾ।