ਤੁਰੀ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ ਤੁਰੀ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ
Publish Date: Fri, 25 Sep 2026 03:37 PM (IST)
Updated Date: Sat, 26 Sep 2026 04:00 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਪੀਏਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਤੁਰੀ ਵਿਖੇ ਇਨ-ਸੀਟੂ ਫ਼ਸਲ ਰਹਿੰਦ-ਖੂੰਹਦ ਪ੍ਰਬੰਧਨ ਅਤੇ ਸੰਤੁਲਿਤ ਖੁਰਾਕ ਪ੍ਰਬੰਧ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਕੇ ਵਾਤਾਵਰਨ ਪੱਖੀ ਅਤੇ ਟਿਕਾਊ ਤਰੀਕਿਆਂ ਨਾਲ ਪਰਾਲੀ ਦਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ (ਮਿੱਟੀ ਵਿਗਿਆਨ) ਨੇ ਦੱਸਿਆ ਕਿ ਖੇਤ ਵਿੱਚ ਹੀ ਪਰਾਲੀ ਦਾ ਪ੍ਰਬੰਧਨ ਕਰਨ ਨਾਲ ਮਿੱਟੀ ਵਿੱਚ ਪੌਸ਼ਟਿਕ ਤੱਤ ਅਤੇ ਜੈਵਿਕ ਮਾਦਾ ਸੁਰੱਖਿਅਤ ਰਹਿੰਦੇ ਹਨ ਅਤੇ ਮਿੱਟੀ ਦੀ ਸਿਹਤ ਤੇ ਉਤਪਾਦਕਤਾ ਵਿੱਚ ਸੁਧਾਰ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇੱਕ ਟਨ ਝੋਨੇ ਦੀ ਪਰਾਲੀ ਸਾੜਨ ਨਾਲ ਲੱਗਭੱਗ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ੀਅਮ ਅਤੇ 1.2 ਕਿੱਲੋ ਗੰਧਕ ਦਾ ਨੁਕਸਾਨ ਹੁੰਦਾ ਹੈ। ਡਾ. ਗਰਗ ਨੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਪੀਏਯੂ ਸਮਾਰਟ ਸੀਡਰ ਅਤੇ ਸਰਫੇਸ ਸੀਡਿੰਗ-ਕਮ-ਮਲਚਿੰਗ ਵਰਗੀਆਂ ਤਕਨੀਕਾਂ ਅਪਣਾਉਣ ਦੀ ਸਲਾਹ ਦਿੱਤੀ, ਜਿਨ੍ਹਾਂ ਰਾਹੀਂ ਪਰਾਲੀ ਸਾੜੇ ਬਿਨਾਂ ਕਣਕ ਦੀ ਸਮੇਂ ਸਿਰ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਪਛੇਤੇ ਬੀਜੇ ਬਾਸਮਤੀ ਵਿੱਚ ਗੋਭ ਅਵਸਥਾ ਦੌਰਾਨ ਪੋਟਾਸ਼ੀਅਮ ਨਾਈਟ੍ਰੇਟ ਦੇ 1.5 ਫ਼ੀਸਦੀ ਘੋਲ ਦੇ ਛਿੜਕਾਅ ਰਾਹੀਂ ਦਾਣਿਆਂ ਦੀ ਫੋਕ ਦੀ ਸਮੱਸਿਆ ਦੇ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀਆਂ ਫ਼ਸਲਾਂ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਪੀਏਯੂ ਦੀਆਂ ਸਿਫ਼ਾਰਸ਼ਾਂ ਅਨੁਸਾਰ ਉਨ੍ਹਾਂ ਦਾ ਪ੍ਰਬੰਧਨ ਕਰਨ ਲਈ ਕਿਹਾ। ਮਿੱਟੀ ਦੀ ਜਾਂਚ ਦੀ ਮਹੱਤਤਾ ਦੱਸਦਿਆਂ ਉਨ੍ਹਾਂ ਖਾਦਾਂ ਦੀ ਵਰਤੋਂ ਤੋਂ ਪਹਿਲਾਂ ਮਿੱਟੀ ਦੀ ਪਰਖ ਕਰਵਾਉਣ ਅਤੇ ਫ਼ਸਲ ਦੀ ਲੋੜ ਅਨੁਸਾਰ ਸੰਤੁਲਿਤ ਖਾਦ ਪ੍ਰਬੰਧਨ ਅਪਣਾਉਣ ਦੀ ਸਲਾਹ ਦਿੱਤੀ। ਕੈਂਪ ਦੌਰਾਨ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਜੀਵਾਣੂ ਖਾਦਾਂ ਦੀ ਵਰਤੋਂ ਅਤੇ ਉਨ੍ਹਾਂ ਦੇ ਲਾਭਾਂ ਤੋਂ ਇਲਾਵਾ ਪੀਏਯੂ ਵੱਲੋਂ ਸਿਫ਼ਾਰਸ਼ ਕੀਤੀਆਂ ਕਣਕ ਅਤੇ ਹੋਰ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡਾ. ਗਰਗ ਨੇ ਕਿਸਾਨਾਂ ਨੂੰ ਘਰਾਂ ਵਿੱਚ ਰਸੋਈ ਬਗੀਚੀ ਸਥਾਪਤ ਕਰਨ ਅਤੇ ਪੀਏਯੂ ਕਿਸਾਨ ਮੇਲਿਆਂ ਵਿੱਚ ਸ਼ਮੂਲੀਅਤ ਕਰਨ ਲਈ ਵੀ ਪ੍ਰੇਰਿਤ ਕੀਤਾ। ਕੈਂਪ ਦੇ ਅੰਤ ਵਿੱਚ ਸੁਰਿੰਦਰ ਸਿੰਘ ਦੇ ਝੋਨੇ ਦੇ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਫ਼ਸਲ ਅਤੇ ਪਰਾਲੀ ਪ੍ਰਬੰਧਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।