ਕਿਸਾਨਾਂ ਨੇ ਮੋਟਰਸਾਈਕਲ ਮਾਰਚ ਦੀਆਂ ਤਿਆਰੀਆਂ ਵਿੱਢੀਆਂ
ਕਿਸਾਨਾਂ ਨੇ ਮੋਟਰਸਾਈਕਲ ਮਾਰਚ ਦੀਆਂ ਤਿਆਰੀਆਂ ਵਿੱਢੀਆਂ
Publish Date: Wed, 31 Dec 2025 05:07 PM (IST)
Updated Date: Wed, 31 Dec 2025 05:08 PM (IST)
- ਬਿਜਲੀ ਸੋਧ ਬਿੱਲ ਤੇ ਬੀਜ ਬਿੱਲ ਬਾਰੇ ਜਨਤਾ ਨੂੰ ਕੀਤਾ ਜਾਵੇਗਾ ਸੁਚੇਤ
- ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲ ਕਿਸਾਨ ਤੇ ਮਜ਼ਦੂਰ ਵਿਰੋਧੀ : ਗੰਢੂਆਂ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ
ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ-2025, ਸੀਡ ਬਿੱਲ ਅਤੇ ਕਿਰਤ ਕਾਨੂੰਨਾਂ ਖ਼ਿਲਾਫ਼ ਲਾਮਬੰਦੀ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 4 ਜਨਵਰੀ ਨੂੰ ਸੁਨਾਮ ਇਲਾਕੇ ਵਿੱਚ ਕੀਤੇ ਜਾਣ ਵਾਲੇ ਮੋਟਰਸਾਈਕਲ ਮਾਰਚ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਮੁੜ ਕਿਸਾਨ ਅਤੇ ਮਜ਼ਦੂਰ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ। ਬਿਜਲੀ ਸੋਧ ਬਿੱਲ ਸੀਡ ਬਿੱਲ ਅਤੇ ਕਿਰਤ ਕਾਨੂੰਨਾਂ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਬਿਜਲੀ ਐਕਟ 2025, ਸੀਡ ਬਿੱਲ ਬੀਜ, ਲੇਬਰ ਕੋਡ ਬਿੱਲ ਅਤੇ ਮਨਰੇਗਾ ਬਿੱਲ, ਜਿਸ ਵਿੱਚੋਂ ਮਨਰੇਗਾ ਬਿੱਲ ਪਾਸ ਕੀਤਾ ਜਾ ਚੁੱਕਿਆ ਹੈ, ਇਨ੍ਹਾਂ ਬਿੱਲਾਂ ਨੂੰ ਲੈ ਕੇ ਵੱਡੇ ਸੰਘਰਸ਼ਾਂ ਦੀ ਰੂਪ ਰੇਖਾ ਉਲੀਕੀ ਗਈ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 4 ਜਨਵਰੀ ਨੂੰ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ। ਇਸ ਮੌਕੇ ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਪਾਲ ਸਿੰਘ ਦੌਲੇਵਾਲਾ, ਜੀਤ ਸਿੰਘ ਗੰਢੂਆਂ, ਗੁਰਤੇਜ ਸਿੰਘ ਮੈਦੇਵਾਸ, ਮਨਜੀਤ ਕੌਰ ਤੋਲਾਵਾਲ, ਬਲਜੀਤ ਸਿੰਘ ਮਾਡਲ ਟਾਊਨ, ਰਣਦੀਪ ਕੌਰ ਰਟੋਲਾਂ, ਸੁਖਵਿੰਦਰ ਕੌਰ ਚੱਠਾ ਨਨਹੇੜਾ, ਜਸਵੀਰ ਕੌਰ ਉਗਰਾਹਾਂ ਆਦਿ ਹਾਜ਼ਰ ਸਨ।