
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਸਾਨ ਜਥੇਬੰਦੀਆਂ ਨੇ ਦੋਸ਼ ਲਗਾਇਆ ਹੈ ਕਿ ਸ਼ਾਂਤਮਈ ਮਾਰਚ ਦੇ ਬਾਵਜੂਦ ਹਰਿਆਣਾ ਪ੍ਰਸ਼ਾਸਨ ਵੱਲੋਂ ਦਾਤਾ ਸਿੰਘ ਵਾਲਾ ਅਤੇ ਖਨੌਰੀ ਬਾਰਡਰ 'ਤੇ ਭਾਰੀ ਸੁਰੱਖਿਆ ਪ੍ਰਬੰਧ ਕਰਕੇ ਰਸਤਿਆਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।

ਜਾਗਰਣ ਸੰਵਾਦਦਾਤਾ, ਸੰਗਰੂਰ: ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ਸਮੇਤ ਹੋਰ ਕਿਸਾਨੀ ਮੁੱਦਿਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਦੀ ਅਗਵਾਈ ਹੇਠ 51 ਕਿਸਾਨਾਂ ਵੱਲੋਂ ਪੈਦਲ ਦਿੱਲੀ ਵੱਲ ਕੂਚ ਕਰਨ ਦਾ ਯਤਨ ਹਰਿਆਣਾ ਪ੍ਰਸ਼ਾਸਨ ਵੱਲੋਂ ਬਾਰਡਰ ਸੀਲ ਕੀਤੇ ਜਾਣ ਕਾਰਨ ਦੁਪਹਿਰ ਬਾਅਦ ਤੱਕ ਅਸਫ਼ਲ ਰਿਹਾ। ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਖਨੌਰੀ ਦੇ ਗੁਰਦੁਆਰਾ ਸਾਹਿਬ ਤੋਂ ਜਥਾ ਬਾਰਡਰ ਵੱਲ ਰਵਾਨਾ ਹੋਇਆ, ਪਰ ਬਾਰਡਰ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਪੰਜ ਕਿਸਾਨ ਆਗੂਆਂ ਵੱਲੋਂ ਹਰਿਆਣਾ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਤਰਕ ਹੈ ਕਿ ਉਹ ਪੈਦਲ ਸ਼ਾਂਤਮਈ ਤਰੀਕੇ ਨਾਲ ਅੱਗੇ ਵਧਣਾ ਚਾਹੁੰਦੇ ਹਨ, ਪਰ ਹਰਿਆਣਾ ਪ੍ਰਸ਼ਾਸਨ ਅਜੇ ਤੱਕ ਇਸ 'ਤੇ ਸਹਿਮਤੀ ਨਹੀਂ ਦੇ ਰਿਹਾ।
ਇਸ ਦੌਰਾਨ ਐੱਸ.ਕੇ.ਐੱਮ. (ਗ਼ੈਰ-ਰਾਜਨੀਤਿਕ) ਦੇ ਨੁਮਾਇੰਦੇ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਖਨੌਰੀ ਤੋਂ ਸ਼ੁਭਕਰਨ ਸਿੰਘ ਦੀ ਮੌਤ ਵਾਲੀ ਥਾਂ ਤੋਂ ਮਿੱਟੀ ਲੈ ਕੇ ਚੱਲਿਆ। ਹਰਿਆਣਾ ਪੁਲਿਸ ਪ੍ਰਸ਼ਾਸਨ ਨੇ ਖਨੌਰੀ ਦਾ ਦਾਤਾ ਸਿੰਘ ਵਾਲਾ ਬਾਰਡਰ ਇੱਕ ਵਾਰ ਫਿਰ ਸੀਲ ਕਰ ਦਿੱਤਾ ਹੈ। ਕੰਕਰੀਟ ਦੇ ਬੈਰੀਕੇਡ ਲਗਾਉਣ ਦੇ ਨਾਲ-ਨਾਲ ਵੱਡੇ-ਵੱਡੇ ਪੱਥਰ ਅਤੇ ਲੋਹੇ ਦੇ ਬੈਰੀਕੇਡ ਵੈਲਡਿੰਗ ਕਰਕੇ ਰਸਤੇ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। 228 ਕਿਲੋਮੀਟਰ ਦੀ ਇਹ ਪੂਰੀ ਯਾਤਰਾ ਕਿਸਾਨ ਜਥਾ ਪੈਦਲ ਤੈਅ ਕਰੇਗਾ ਅਤੇ ਉਨ੍ਹਾਂ ਦੇ ਸਹਾਇਕ ਵਜੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਦੇ ਕਿਸਾਨ ਨਾਲ ਰਹਿਣਗੇ। ਇਸ ਯਾਤਰਾ ਦੀ ਸਮਾਪਤੀ 29 ਅਗਸਤ 2026 ਨੂੰ ਜੰਤਰ-ਮੰਤਰ 'ਤੇ ਕਿਸਾਨ ਪੰਚਾਇਤ ਕਰਕੇ ਕੀਤੀ ਜਾਵੇਗੀ।
ਕਿਸਾਨ ਜਥੇਬੰਦੀਆਂ ਨੇ ਦੋਸ਼ ਲਗਾਇਆ ਹੈ ਕਿ ਸ਼ਾਂਤਮਈ ਮਾਰਚ ਦੇ ਬਾਵਜੂਦ ਹਰਿਆਣਾ ਪ੍ਰਸ਼ਾਸਨ ਵੱਲੋਂ ਦਾਤਾ ਸਿੰਘ ਵਾਲਾ ਅਤੇ ਖਨੌਰੀ ਬਾਰਡਰ 'ਤੇ ਭਾਰੀ ਸੁਰੱਖਿਆ ਪ੍ਰਬੰਧ ਕਰਕੇ ਰਸਤਿਆਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਅੱਗੇ ਵਧਣਾ ਚਾਹੁੰਦੇ ਹਨ, ਪਰ ਪ੍ਰਸ਼ਾਸਨ ਵੱਲੋਂ ਰਸਤੇ ਰੋਕ ਕੇ ਉਨ੍ਹਾਂ ਦੇ ਲੋਕਤੰਤਰੀ ਅਧਿਕਾਰਾਂ ਨੂੰ ਖ਼ਤਮ ਕੀਤਾ ਜਾ ਰਹਾ ਹੈ। ਹਰਿਆਣਾ ਪੁਲਿਸ ਵੱਲੋਂ ਬਲਾਕ ਪੱਧਰ ਤੱਕ ਦੇ ਕਿਸਾਨ ਆਗੂਆਂ ਦੇ ਘਰਾਂ 'ਚ ਛਾਪੇਮਾਰੀ ਕੀਤੀ ਗਈ ਹੈ। ਕਈ ਕਿਸਾਨ ਸਾਥੀਆਂ ਨੂੰ ਉਨ੍ਹਾਂ ਦੇ ਘਰਾਂ 'ਚ ਹੀ ਨਜ਼ਰਬੰਦ ਕੀਤੇ ਜਾਣ ਦਾ ਵੀ ਦਾਅਵਾ ਕੀਤਾ ਗਿਆ ਹੈ। ਇਸ ਤਰ੍ਹਾਂ ਦੀ ਕਾਰਵਾਈ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਕਿਸਾਨ ਜਥੇਬੰਦੀਆਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਕਾਰਪੋਰੇਟ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹਨਾਂ ਨੀਤੀਆਂ ਦਾ ਅਸਰ ਕਿਸਾਨਾਂ ਦੇ ਹਿੱਤਾਂ 'ਤੇ ਪੈ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਆਪਣੀਆਂ ਮੰਗਾਂ ਅਤੇ ਅਧਿਕਾਰਾਂ ਦੀ ਆਵਾਜ਼ ਚੁੱਕ ਰਹੇ ਹਨ, ਪਰ ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਅੰਦੋਲਨ ਨੂੰ ਸ਼ਾਂਤਮਈ ਤਰੀਕੇ ਨਾਲ ਜਾਰੀ ਰੱਖਿਆ ਜਾਵੇਗਾ।