- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਨਾਮ ’ਚ ਕਿਸਾਨਾਂ ਨੇ ਰੋਕੀ ਰੇਲਾਂ ਦੀ ਰਫ਼ਤਾਰ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਕਿਸਾਨੀ ਮੰਗਾਂ ਦੀ ਪੂਰਤੀ ਅਤੇ ਨਸ਼ਿਆ ਦੇ ਚੱਲ ਰਹੇ ਕਾਲੇ ਕਾਰੋਬਾਰ ਨੂੰ ਠੱਲ੍ਹ ਪਾਉਣ ਦੀ ਮੰਗ ਨੂੰ ਲੈਕੇ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਚੱਲ ਰਹੇ ਪੱਕੇ ਮੋਰਚੇ ਦੇ ਚੌਥੇ ਦਿਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਸੂਬਾਈ ਆਗੂ ਲਖਵੀਰ ਸਿੰਘ ਦਾਉਧਰ ਦੀ ਅਗਵਾਈ ਹੇਠ ਪੁਲਿਸ ਰੋਕਾਂ ਦੇ ਬਾਵਜੂਦ ਰੇਲ ਪਟੜੀ ’ਤੇ ਧਰਨਾ ਦੇ ਕੇ ਰੇਲਾਂ ਰੋਕੀਆਂ। ਕਿਸਾਨਾਂ ਦੇ ਧਰਨੇ ਕਾਰਨ ਚੁਰੂ -ਲੁਧਿਆਣਾ ਸਵਾਰੀ ਗੱਡੀ 54605 ਨੂੰ ਘੰਟਿਆਂ ਬੱਧੀ ਸੁਨਾਮ ਰੇਲਵੇ ਸਟੇਸ਼ਨ ਤੇ ਰੋਕਣਾ ਪਿਆ, ਜਿਸ ਕਰਕੇ ਸਵਾਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੂੰ ਵੱਡੀ ਗਿਣਤੀ ਵਿੱਚ ਤਾਇਨਾਤ ਕੀਤਾ ਗਿਆ ਸੀ।
ਰੇਲ ਪਟੜੀ ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂਆਂ ਜਸਵਿੰਦਰ ਸਿੰਘ ਲੌਗੋਵਾਲ, ਮਨਜੀਤ ਸਿੰਘ ਨਿਆਲ, ਜਸਵੀਰ ਸਿੰਘ ਮੈਦੇਵਾਸ, ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਬਲਜੀਤ ਕੌਰ ਕਿਲਾ ਭਰੀਆਂ ਅਤੇ ਗੁਰਪ੍ਰੀਤ ਕੌਰ ਬਰਾਸ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ, ਉਨ੍ਹਾਂ ਆਖਿਆ ਕਿ ਪੰਜਾਬ ਅੰਦਰ ਨਸ਼ਿਆਂ ਦਾ ਪਸਾਰਾ ਲਗਾਤਾਰ ਵਧ ਰਿਹਾ ਹੈ, ਨਸ਼ਾ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਮੁਹੱਲੇ ਤੱਕ ਪੁੱਜ ਗਿਆ ਹੈ। ਬੁਲਾਰਿਆਂ ਨੇ ਆਖਿਆ ਕਿ ਨਿੱਤ ਦਿਨ ਨੌਜਵਾਨ ਨਸ਼ੇ ਦੀ ਓਵਰਡੋਜ ਨਾਲ ਮੌਤ ਦੇ ਮੂੰਹ ਜਾ ਰਹੇ ਹਨ ਜਦਕਿ ਭਗਵੰਤ ਮਾਨ ਸਰਕਾਰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦਾ ਢੰਡੋਰਾ ਪਿੱਟ ਰਹੀ ਹੈ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਪਾਣੀ ਦੀ ਵੱਧ ਰਹੀ ਕਿੱਲਤ ਨੂੰ ਹੱਲ ਕਰਨ ਲਈ ਪੁਨਰਗਠਨ ਐਕਟ 1966 ਦੀਆਂ ਧਾਰਾਵਾਂ 78/79/80 ਨੂੰ ਰੱਦ ਕਰੇ। ਕਿਸਾਨ ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਤੇ ਪੁਲਿਸ ਜਬਰ ਦੌਰਾਨ ਅਪਾਹਜ ਹੋਏ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜ਼ੇ ਦੇ ਨਾਲ ਨਾਲ ਪਰਿਵਾਰਾਂ ਨੂੰ ਕਰਜ਼ ਮੁਕਤ ਕੀਤਾ ਜਾਵੇ । ਸ਼ੰਭੂ ਅਤੇ ਖਨੌਰੀ ਮੋਰਚਿਆਂ ਵਿੱਚੋਂ ਲੁੱਟੇ ਸਮਾਨ ਅਤੇ ਨੁਕਸਾਨੇ ਸਮਾਨ ਦੀ ਤੁਰੰਤ ਭਰਪਾਈ ਕੀਤੀ ਜਾਵੇ।
ਇਸ ਮੌਕੇ ਕਿਰਨਜੀਤ ਬੰਮਣਾ, ਜਗਰਾਜ ਸਿੰਘ ਦੱਧਾਹੂਰ, ਜਰਨੈਲ ਸਿੰਘ ਕਿਸ਼ਨਗੜ੍ਹ, ਰਾਜ ਸਿੰਘ ਥੇੜੀ, ਪਰਵਿੰਦਰ ਸਿੰਘ ਬਾਬਰਪੁਰ, ਚਮਕੌਰ ਸਿੰਘ ਭੇਡਪੁਰਾ, ਜਗਦੇਵ ਸਿੰਘ ਭੈਣੀਬਾਘਾ ਹਾਜ਼ਰ ਸਨ।