- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਨੇ ਦੂਜੇ ਦਿਨ ਵੀ ਕੀਤਾ ਡੀਸੀ ਦਫਤਰ ਦਾ ਘਿਰਾਓ

ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋ ਦੂਜੇ ਦਿਨ ਮੰਗਲਵਾਰ ਨੂੰ ਵੀ ਡੀਸੀ ਦਫਤਰ ਦਾ ਘਿਰਾਓ ਜਾਰੀ ਰੱਖਿਆ। ਇਸ ਦੌਰਾਨ ਕਿਸਾਨਾਂ ਨੇ ਸੂਬਾ ਅਤੇ ਕੇਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਸੂਬਾ ਸਰਕਾਰ ਦੀ ਚਿੱਠੀ ਲੈ ਕੇ ਪੁੱਜੇ ਅਤੇ 13 ਅਕਤੂਬਰ ਦੀ ਮੀਟਿੰਗ ਬਾਰੇ ਦੱਸਿਆ। ਇਸਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ। ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਨੇ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਸਰਕਾਰ ਨੇ ਵੱਖ- ਵੱਖ 12 ਅਦਾਰਿਆ ਦੇ ਉੱਚ ਅਧਿਕਾਰੀ ਅਤੇ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਨਾਲ 13 ਅਕਤੂਬਰ ਨੂੰ ਮੀਟਿੰਗ ਦੀ ਚਿੱਠੀ ਏਡੀ ਸੰਗਰੂਰ ਲੈ ਕੇ ਪਹੁੰਚੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ। ਕੇਂਦਰ ਸਰਕਾਰ ਅਮਰੀਕਾ ਨਾਲ ਟੈਕਸ ਫਰੀ ਵਪਾਰ ਸਮਝੌਤਾ ਕਰਕੇ ਦੇਸੀ ਕਿਸਾਨੀ ਨੂੰ ਮਾਰਨਾ ਚਾਹੁੰਦੀ ਹੈ ਅਤੇ ਪੰਜਾਬ ਸਰਕਾਰ ਲੈਂਡ ਪੂਲਿੰਗ ਪਾਲਿਸੀ ਲਿਆ ਕੇ ਉਪਜਾਊ ਜ਼ਮੀਨਾਂ ਖੋਹਣਾ ਚਾਹੁੰਦੀ ਹੈ। ਇਸ ਲਈ ਜਥੇਬੰਦੀ ਨੇ ਸੰਘਰਸ਼ ਭਰੀ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਹੋ ਰਿਹਾ ਟੈਕਸ ਫਰੀ ਖੇਤੀ ਵਪਾਰ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ। ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਪੂਰੀ ਤਰ੍ਹਾਂ ਵਾਪਸ ਲਈ ਜਾਵੇ। ਸਮੂਹ ਫਸਲਾਂ ਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ, ਹੜ੍ਹਾਂ ਅਤੇ ਕੁਦਰਤੀ ਆਫਤਾਂ ਨਾਲ ਖਰਾਬ ਹੋਈਆਂ ਫਸਲਾਂ ਦਾ ਤੁਰੰਤ ਪੂਰਾ ਮੁਆਵਜ਼ਾ ਦਿੱਤਾ ਜਾਵੇ।ਕਿਸਾਨਾਂ-ਮਜ਼ਦੂਰਾਂ ਦੇ ਸਾਰੇ ਕਰਜ਼ੇ ਮਾਫ ਕੀਤੇ ਜਾਣ। ਖੇਤੀ ਕਰਜ਼ੇ ਕਾਰਨ ਖੁਦਕੁਸ਼ੀ ਕਰਨ ਵਾਲੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ, ਕਾਸ਼ਤਕਾਰਾਂ, ਮਜ਼ਦੂਰਾਂ ਅਤੇ ਆਬਾਦਕਾਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ ਅਤੇ ਡਰੋਨ ਸਰਵੇ ਬੰਦ ਕੀਤੇ ਜਾਣ, ਸੰਘਰਸ਼ਾਂ ਦੌਰਾਨ ਅਤੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਦਰਜ ਸਾਰੇ ਪੁਲਿਸ ਕੇਸ ਰੱਦ ਕੀਤੇ ਜਾਣ
ਇਸ ਮੌਕੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ, ਕਿਸਾਨ ਔਰਤ ਆਗੂ ਕਰਮਜੀਤ ਕੌਰ ਭਿੰਡਰਾਂ, ਪਰਮਜੀਤ ਕੌਰ ਭੁਟਾਲ, ਜਸਵਿੰਦਰ ਕੌਰ ਖੋਖਰ, ਚਰਨਜੀਤ ਕੌਰ ਜਖਪੇਲ, ਅੰਗਰੇਜ ਕੌਰ ਮਹਿਲਾਂ, ਮਨਜੀਤ ਕੌਰ ਤੋਲਾਵਾਲ, ਮਨਪ੍ਰੀਤ ਕੌਰ ਮੌਜੂਦ ਸਨ।