- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਡੀਗੜ੍ਹ ਮੋਰਚੇ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ

- 10 ਜੁਲਾਈ ਦੇ ਚੰਡੀਗੜ੍ਹ ਮੋਰਚੇ ਲਈ ਭਾਕਿਯੂ ਏਕਤਾ ਉਗਰਾਹਾਂ ਨੇ ਪਿੰਡਾਂ ’ਚ ਕੀਤੀਆਂ ਰੈਲੀਆਂ
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ
ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਤਹਿਤ ਬਲਾਕ ਭਵਾਨੀਗੜ੍ਹ ਵਿੱਚ ਵਿਆਪਕ ਪੱਧਰ ’ਤੇ ਪਿੰਡਾਂ ਵਿੱਚ ਰੈਲੀਆਂ ਅਤੇ ਜਨ ਸੰਪਰਕ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਅਗਵਾਈ ਬਲਾਕ ਦੇ ਜਨਰਲ ਸਕੱਤਰ ਜਸਬੀਰ ਸਿੰਘ ਗੱਗੜਪੁਰ ਨੇ ਕੀਤੀ। ਪਹਿਲੀ ਟੀਮ ਵਿੱਚ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਅਤੇ ਬਲਾਕ ਆਗੂ ਰਘਵੀਰ ਸਿੰਘ ਘਰਾਚੋ ਨੇ ਪਿੰਡ ਘਨੌੜ ਜੱਟਾਂ, ਘਰਾਚੋਂ, ਘਾਬਦਾਂ ਅਤੇ ਭਿੰਡਰਾਂ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੰਬੋਧਨ ਕੀਤਾ। ਦੂਜੀ ਟੀਮ ਵਿੱਚ ਕਸ਼ਮੀਰ ਸਿੰਘ ਆਲੋਅਰਖ, ਕੁਲਦੀਪ ਸਿੰਘ ਬਖੋਪੀਰ ਅਤੇ ਹਰਪ੍ਰੀਤ ਸਿੰਘ ਬਾਲਦ ਕਲਾਂ ਨੇ ਪਿੰਡ ਬਾਲਦ ਕਲਾਂ, ਬਾਲਦ ਖੁਰਦ, ਮਟਰਾਂ, ਬਲਿਆਲ ਅਤੇ ਰਾਮਪੁਰਾ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਅਮਰੀਕਾ ਵਰਗੇ ਵਿਕਸਿਤ ਦੇਸ਼ਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ (ਫਰੀ ਟਰੇਡ) ਸਮਝੌਤੇ ਭਾਰਤ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਲਈ ਘਾਤਕ ਸਾਬਤ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਨੀਤੀਆਂ ਕਾਰਨ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਦਕਿ ਕਾਰਪੋਰੇਟ ਘਰਾਣਿਆਂ ਨੂੰ ਖੁੱਲ੍ਹੀ ਛੂਟ ਦਿੱਤੀ ਜਾ ਰਹੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਰੁਜ਼ਗਾਰ ਦੇ ਮੌਕੇ ਘਟਾਏ ਜਾ ਰਹੇ ਹਨ, ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਅਤੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਕੇ ਉਨ੍ਹਾਂ ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਨੀਤੀਆਂ ਵਿਰੁੱਧ ਲੋਕਾਂ ਕੋਲ ਸੰਘਰਸ਼ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਬਚਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ 'ਤੇ ਲੋਕ ਸੜਕਾਂ 'ਤੇ ਉਤਰ ਕੇ ਆਪਣਾ ਰੋਸ ਪ੍ਰਗਟ ਕਰਨਗੇ। ਆਗੂਆਂ ਨੇ ਦਾਅਵਾ ਕੀਤਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਨਾਲ ਟਕਰਾਈਆਂ ਹਨ ਤਾਂ ਅੰਤ ਵਿੱਚ ਜਿੱਤ ਸੰਘਰਸ਼ ਕਰ ਰਹੇ ਲੋਕਾਂ ਦੀ ਹੀ ਹੋਈ ਹੈ। ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ 10 ਜੁਲਾਈ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਬੰਧੀ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ।