- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਲਾਭ ਲੈਣ ਲਈ ਕਿਸਾਨ ਆਪਣੀ ਆਈਡੀ ਜ਼ਰੂਰ ਬਣਾਉਣ: ਸਿੱਧੂ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਮਾਲੇਰਕੋਟਲਾ ਡਾ. ਹਰਬੰਸ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਕਿਸਾਨ ਆਈਡੀ ਜਲਦ ਤੋਂ ਜਲਦ ਬਣਵਾਉਣ, ਤਾਂ ਜੋ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਖੇਤੀਬਾੜੀ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਡਿਜੀਟਲ ਕਿਸਾਨ ਪਛਾਣ ਤਿਆਰ ਕਰਨ ਦੀ ਪ੍ਰਕਿਰਿਆ ਚਲਾਈ ਜਾ ਰਹੀ ਹੈ। ਕਿਸਾਨ ਆਈਡੀ ਰਾਹੀਂ ਕਿਸਾਨਾਂ ਨਾਲ ਸਬੰਧਤ ਖੇਤੀਬਾੜੀ ਜਾਣਕਾਰੀ ਨੂੰ ਡਿਜੀਟਲ ਰੂਪ ਵਿੱਚ ਦਰਜ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਭਵਿੱਖ ਵਿੱਚ ਸਰਕਾਰੀ ਸਹਾਇਤਾ ਅਤੇ ਖੇਤੀਬਾੜੀ ਸੇਵਾਵਾਂ ਨੂੰ ਹੋਰ ਪਾਰਦਰਸ਼ੀ, ਤੇਜ਼ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਿਸਾਨਾਂ ਤੱਕ ਪਹੁੰਚਾਇਆ ਜਾ ਸਕੇਗਾ।
ਡਾ. ਸਿੱਧੂ ਨੇ ਦੱਸਿਆ ਕਿ ਕਿਸਾਨ ਆਈਡੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਖੇਤੀ ਮਸ਼ੀਨਰੀ ਅਤੇ ਖੇਤੀਬਾੜੀ ਸੰਦਾਂ ’ਤੇ ਸਬਸਿਡੀ, ਮਿੱਟੀ ਸਿਹਤ ਪ੍ਰਬੰਧਨ, ਸੂਖਮ ਸਿੰਚਾਈ, ਫ਼ਸਲੀ ਵਿਭਿੰਨਤਾ, ਆਦਿ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਸਹਾਇਕ ਹੋਵੇਗੀ।
ਉਨ੍ਹਾਂ ਕਿਹਾ ਕਿ ਕਿਸਾਨ ਆਈਡੀ ਬਣਨ ਨਾਲ ਕਿਸਾਨ ਦੀ ਜ਼ਮੀਨ ਅਤੇ ਖੇਤੀਬਾੜੀ ਨਾਲ ਸਬੰਧਤ ਵੇਰਵਿਆਂ ਦਾ ਡਿਜੀਟਲ ਰਿਕਾਰਡ ਉਪਲੱਬਧ ਹੋਣ ਕਾਰਨ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਲਾਭ ਦੇਣ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਵਧੇਗੀ ਅਤੇ ਯੋਗ ਕਿਸਾਨਾਂ ਤੱਕ ਸਰਕਾਰੀ ਸਹਾਇਤਾ ਪਹੁੰਚਾਉਣ ਵਿੱਚ ਵੀ ਸਹੂਲਤ ਹੋਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਆਈ.ਡੀ. ਬਣਵਾਉਣ ਦੀ ਪ੍ਰਕਿਰਿਆ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨ, ਤਾਂ ਜੋ ਭਵਿੱਖ ਵਿੱਚ ਸਰਕਾਰੀ ਖੇਤੀਬਾੜੀ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਸਮੇਂ ਕਿਸੇ ਕਿਸਮ ਦੀ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਕਿਸਾਨ ਆਈਡੀ ਬਣਵਾਉਣ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਜਾਂ ਸਬੰਧਤ ਖੇਤੀਬਾੜੀ ਅਧਿਕਾਰੀ/ਕਰਮਚਾਰੀ ਨਾਲ ਸੰਪਰਕ ਕਰ ਸਕਦਾ ਹੈ।