ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ
ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਟਰੰਪ, ਮੋਦੀ ਤੇ ਭਗਵੰਤ ਮਾਨ ਦੇ ਪੁਤਲੇ ਸਾੜੇ
Publish Date: Tue, 10 Feb 2026 06:24 PM (IST)
Updated Date: Wed, 11 Feb 2026 04:06 AM (IST)
ਟਰੰਪ, ਮੋਦੀ ਤੇ ਭਗਵੰਤ ਮਾਨ ਦੇ ਪੁਤਲੇ ਸਾੜੇ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਅਗਵਾਈ ਮਨਜੀਤ ਧਨੇਰ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੁਕਤ ਵਪਾਰ ਸਮਝੌਤੇ ’ਤੇ ਖੇਤੀ ਸੰਬੰਧੀ ਨੀਤੀਆਂ ਦੇ ਵਿਰੋਧ ਵਿੱਚ ਤਿੱਖਾ ਪ੍ਰਦਰਸ਼ਨ ਕਰਦਿਆਂ ਅਮਰੀਕੀ ਨੇਤਾ ਡੋਨਾਲਡ ਟਰੰਪ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ। ਇਸ ਮੌਕੇ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਖੇਤੀਬਾੜੀ ਵਿਰੋਧੀ ਫੈਸਲੇ ਵਾਪਸ ਨਾ ਲਏ ਗਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਪ੍ਰਦਰਸ਼ਨ ਦੌਰਾਨ ਸੂਬਾ ਖਜਾਨਚੀ ਗੁਰਦੇਵ ਸਿੰਘ ਮਾਂਗੇਵਾਲ, ਜ਼ਿਲ੍ਹਾ ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ ਅਤੇ ਬਲਾਕ ਸਹਿਣਾ ਦੇ ਆਗੂਆਂ ਨੇ ਕਿਹਾ ਕਿ ਮੁਕਤ ਵਪਾਰ ਸਮਝੌਤਾ ਲਾਗੂ ਹੋਣ ਨਾਲ ਕਪਾਹ, ਮੱਕੀ, ਸੋਇਆਬੀਨ ਅਤੇ ਡੇਅਰੀ ਉਤਪਾਦ ਵਿਦੇਸ਼ਾਂ ਤੋਂ ਭਾਰਤੀ ਬਾਜ਼ਾਰਾਂ ਵਿੱਚ ਆਉਣਗੇ ਜਿਸ ਨਾਲ ਦੇਸ਼ ਦਾ ਖੇਤੀਬਾੜੀ ਅਤੇ ਡੇਅਰੀ ਖੇਤਰ ਤਬਾਹ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ-ਮਜ਼ਦੂਰਾਂ ਲਈ ਇਹ ਫੈਸਲਾ ਹੋਰ ਮਾਰੂ ਸਾਬਤ ਹੋਵੇਗਾ। ਆਗੂਆਂ ਨੇ ਦੋਸ਼ ਲਗਾਇਆ ਕਿ ਬਿਜਲੀ ਸੋਧ ਬਿਲ ਅਤੇ ਬੀਜ ਸੋਧ ਬਿਲ 2025 ਲਾਗੂ ਹੋਣ ਨਾਲ ਕਿਸਾਨਾਂ ਦੇ ਉਜੜਨ ਦਾ ਖਤਰਾ ਵੱਧੇਗਾ। ਇਸ ਮੌਕੇ ਹੋਰ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੂੰ ਨਜਾਇਜ਼ ਹਿਰਾਸਤ ਵਿੱਚ ਰੱਖਣਾ ਲੋਕਤੰਤਰ ’ਤੇ ਹਮਲਾ ਹੈ। ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਸੰਘਰਸ਼ ਦੀ ਹਮਾਇਤ ਕਰਨ ਕਾਰਨ ਵਰਕਰਾਂ ’ਤੇ ਲਾਠੀਚਾਰਜ ਅਤੇ ਅੱਥਰੂ ਗੈਸ ਵਰਤੀ ਗਈ ਅਤੇ ਸੈਂਕੜੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ। ਜਥੇਬੰਦੀ ਨੇ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਵਰਕਰਾਂ ਨੂੰ ਬਿਨਾ ਸ਼ਰਤ ਰਿਹਾ ਕਰਕੇ ਮਸਲੇ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਵੇ, ਨਹੀਂ ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ। ਅਖੀਰ ਵਿੱਚ ਜਥੇਬੰਦੀ ਆਗੂਆਂ ਨੇ ਗੋਰਾ ਸਿੰਘ ਰਾਏਸਰ ਦੀ ਸੱਸ ਮਾਤਾ ਦੇ ਅਚਾਨਕ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਪਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।