- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਖ਼ਿਲਾਫ਼ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਥਾਨਕ ਅਨਾਜ ਮੰਡੀ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਭਾਕਿਯੂ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨਾਲ ਮਿਲੀਭੁਗਤ ਕਰਕੇ ਝੋਨੇ ਦੀ ਖਰੀਦ ਬੰਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਟੀਚਾ ਪੂਰਾ ਹੋਣ ਦਾ ਬਹਾਨਾ ਬਣਾ ਕੇ ਪੰਜਾਬ ਦੀਆਂ 400 ਅਨਾਜ ਮੰਡੀਆਂ ਵਿੱਚ ਸਰਕਾਰੀ ਖਰੀਦ ਬੰਦ ਕਰਨਾ ਕਿਸਾਨਾਂ ਨਾਲ ਧੱਕਾ ਹੈ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਮੁੜ ਸ਼ੁਰੂ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਮਿਥਣ ਦੀ ਮੰਗ ਵੀ ਉਠਾਈ।
ਇਸ ਮੌਕੇ ਕਸ਼ਮੀਰ ਸਿੰਘ ਘਰਾਚੋਂ, ਜਸਪਾਲ ਸਿੰਘ ਘਰਾਚੋਂ, ਚਮਕੌਰ ਸਿੰਘ ਭੱਟੀਵਾਲ, ਬਲਜਿੰਦਰ ਸਿੰਘ ਸੰਘਰੇੜੀ, ਬਲਜਿੰਦਰ ਸਿੰਘ ਨਿੱਕਾ ਨਦਾਮਪੁਰ, ਸੁਖਬੀਰ ਸਿੰਘ, ਧਿਆਨ ਸਿੰਘ, ਸੁਰਜੀਤ ਸਿੰਘ ਅਤੇ ਸੁਪਿੰਦਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ। ਰੋਸ ਪ੍ਰਦਰਸ਼ਨ ਉਪਰੰਤ ਕਿਸਾਨ ਆਗੂਆਂ ਵੱਲੋਂ ਐੱਸਡੀਐੱਮ ਭਵਾਨੀਗੜ੍ਹ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ।