- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਨੇ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮਾ ਤੇ ਚੁੱਕੇ ਸਵਾਲ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਮਿਲਣੀ ਪ੍ਰੋਗਰਾਮਾਂ ’ਤੇ ਸਵਾਲ ਖੜ੍ਹੇ ਕੀਤੇ ਹਨ। ਜਥੇਬੰਦੀ ਦਾ ਤਰਕ ਹੈ ਕਿ ਭਗਵੰਤ ਮਾਨ ਆਪਣੀ ਪਾਰਟੀ ਦੇ ਭਮੱਕੜਾਂ ਤੋਂ ਸਵਾਲ ਕਰਵਾਕੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਖਸੀਸ਼ ਸਿੰਘ ਬਾਲਦ, ਜਨਰਲ ਸਕੱਤਰ ਰਣ ਸਿੰਘ ਚੱਠਾ ਅਤੇ ਕੇਵਲ ਸਿੰਘ ਜਵੰਧਾ ਨੇ ਆਖਿਆ ਕਿ ਸੂਬੇ ਦਾ ਮੁੱਖ ਮੰਤਰੀ ਲੋਕ ਮਿਲਣੀ ਪ੍ਰੋਗਰਾਮਾਂ ਦੀ ਆੜ ਹੇਠ ਸਰਕਾਰੀ ਫੰਡਾਂ ਦੀ ਦੁਰਵਰਤੋ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸੇਰੋਂ ਅਤੇ ਲੰਘੇ ਕੱਲ੍ਹ ਬੱਲਰਾਂ ਵਿਖੇ ਦੇਖਿਆ ਗਿਆ ਕਿ ਸਵਾਲ ਪੁੱਛਣ ਜਾਂਦੇ ਲੋਕਾਂ ਨੂੰ ਪੁਲਿਸ ਨੇ ਜਬਰੀ ਖਦੇੜਕੇ ਕੇ ਥਾਣਿਆਂ ਵਿੱਚ ਨਜ਼ਰਬੰਦ ਕਰ ਦਿੱਤਾ ਜਾਂਦਾ ਹੈ ਜਾਂ ਫਿਰ ਨੌਕਰੀਆਂ ਦੀ ਮੰਗ ਕਰਨ ਵਾਲੇ ਬੇਰੁਜ਼ਗਾਰਾਂ ਨੂੰ ਪੁਲਿਸ ਘਰਾਂ ਵਿੱਚ ਨਜ਼ਰਬੰਦ ਕਰ ਦਿੰਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਕਿਹੜੀਆਂ ਲੋਕ ਮਿਲਣੀਆਂ ਹਨ। ਕਿਸਾਨ ਆਗੂਆਂ ਨੇ ਆਖਿਆ ਕਿ ਇਹ ਲੋਕ ਮਿਲਣੀ ਨਹੀਂ ਸਿਰਫ ਭਮੱਕੜ ਮਿਲਣੀ ਹੈ, ਕਿਸਾਨਾਂ ਨੂੰ ਮਿਲਣ ਦੀ ਬਜਾਏ ਕੀਤਾ ਗ੍ਰਿਫਤਾਰ ਕਰ ਲਿਆ ਜਾਂਦਾ ਹੈ। ਇਨ੍ਹਾਂ ਪ੍ਰੋਗਰਾਮਾਂ ਤੇ ਲੱਖਾਂ ਰੁਪਏ ਸਰਕਾਰ ਦੇ ਖਜ਼ਾਨੇ ਚੋਂ ਖਰਚ ਕੀਤੇ ਜਾ ਰਹੇ ਹਨ ਜਿਹੜਾ ਖਜ਼ਾਨਾ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਟੈਕਸਾਂ ਨਾਲ ਭਰਦਾ ਹੈ। ਉਹਨਾਂ ਕਿਹਾ ਕਿ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਕਰੀਬ ਪਿਛਲੇ ਛੇ ਮਹੀਨਿਆਂ ਤੋਂ ਮੁੱਖ ਮੰਤਰੀ ਦੀ ਅਗਵਾਈ ਵਾਲੇ ਸਹਿਕਾਰਤਾ ਵਿਭਾਗ ਅਧੀਨ ਚੱਲਦੇ ਲੈਂਡ ਮਾਰਗੇਜ਼ ਬੈਂਕਾਂ ਅੱਗੇ ਪੱਕੇ ਧਰਨੇ ਚੱਲ ਰਹੇ ਹਨ ਕਿਉਂਕਿ ਇਹਨਾਂ ਬੈਂਕਾਂ ਦੁਆਰਾ ਕਿਸਾਨਾਂ ਵੱਲੋਂ ਪੂਰਾ ਕਰਜਾ ਭਰਨ ਅਤੇ ਕਲੀਅਰੈਂਸ ਸਰਟੀਫਿਕੇਟ ਮਿਲੇ ਹੋਣ ਦੇ ਬਾਵਜੂਦ ਵੀ ਖਾਲੀ ਚੈੱਕਾਂ ਰਾਹੀਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨੀ ਨਾਲ ਜੁੜੇ ਹੋਰ ਬਹੁਤ ਮਾਮਲੇ ਹਨ ਜਿਨ੍ਹਾਂ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਉਣਾ ਜ਼ਰੂਰੀ ਹੈ ਲੇਕਿਨ ਪੁਲਿਸ ਵੱਲੋਂ ਮਿਲਣ ਨਹੀਂ ਦਿੱਤਾ ਜਾ ਰਿਹਾ।