ਬਿਜਲੀ ਕੱਟਾਂ ਖ਼ਿਲਾਫ਼ ਘਰਾਚੋਂ ’ਚ ਕਿਸਾਨਾਂ ਵੱਲੋਂ ਨਾਅਰੇਬਾਜ਼ੀ ਬਿਜਲੀ ਕੱਟਾਂ ਖ਼ਿਲਾਫ਼ ਘਰਾਚੋਂ ’ਚ ਕਿਸਾਨਾਂ ਵੱਲੋਂ ਨਾਅਰੇਬਾਜ਼ੀ
Publish Date: Fri, 04 Sep 2026 07:04 PM (IST)
Updated Date: Sat, 05 Sep 2026 04:02 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਅਧੀਨ ਪੈਂਦੇ ਪਿੰਡ ਘਰਾਚੋਂ ਦੀ ਇਕਾਈ ਵੱਲੋਂ ਖੇਤਾਂ ਅਤੇ ਘਰਾਂ ਵਿੱਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਬਿਜਲੀ ਦਫ਼ਤਰ ਘਰਾਚੋਂ ਦੇ ਅੱਗੇ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਇਕਾਈ ਪ੍ਰਧਾਨ ਹਰਜਿੰਦਰ ਸਿੰਘ ਘਰਾਚੋਂ ਨੇ ਕੀਤੀ। ਇਸ ਮੌਕੇ ਇਕਾਈ ਖ਼ਜ਼ਾਨਚੀ ਸਤਵਿੰਦਰ ਸਿੰਘ ਕਾਲਾ ਨੇ ਕਿਹਾ ਕਿ ਖੇਤਾਂ ਵਿੱਚ ਝੋਨੇ ਦੀ ਫ਼ਸਲ ਪੱਕਣ ਲਈ ਤਿਆਰ ਹੈ, ਪਰ ਸਰਕਾਰ ਵੱਲੋਂ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਲੰਮੇ ਬਿਜਲੀ ਕੱਟਾਂ ਕਾਰਨ ਝੋਨੇ ਦੀ ਫ਼ਸਲ ਨੂੰ ਸੋਕੇ ਦੀ ਮਾਰ ਪੈਣ ਦਾ ਖ਼ਦਸ਼ਾ ਹੈ, ਜਿਸ ਨਾਲ ਝਾੜ ਪ੍ਰਭਾਵਿਤ ਹੋਣ ਦੇ ਨਾਲ-ਨਾਲ ਦਾਣਿਆਂ ਵਿੱਚ ਫੜਾ ਪੈਣ ਦੀ ਸਮੱਸਿਆ ਵਧ ਸਕਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਦੇ ਇਸ ਮਹੱਤਵਪੂਰਨ ਪੜਾਅ ’ਤੇ ਬਿਜਲੀ ਦੀ ਨਿਰਵਿਘਨ ਸਪਲਾਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਬਿਜਲੀ ਮਹਿਕਮੇ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅੱਜ ਤੋਂ ਬਿਜਲੀ ਸਪਲਾਈ ਦਾ ਕੋਈ ਪੱਕਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਅਗਲੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਇਕਾਈ ਮੀਤ ਪ੍ਰਧਾਨ ਗੁਰਮੇਲ ਸਿੰਘ ਨੰਬਰਦਾਰ, ਇਕਾਈ ਸਕੱਤਰ ਮੇਜਰ ਸਿੰਘ, ਇਕਬਾਲ ਸਿੰਘ ਪਾਲਾ, ਹਰਮਿੰਦਰ ਸਿੰਘ ਫੱਲੀ ਮੌਜੂਦ ਸਨ।