ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਅੱਗੇ ਪੱਕਾ ਮੋਰਚਾ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਅੱਗੇ ਪੱਕਾ ਮੋਰਚਾ
Publish Date: Sun, 30 Aug 2026 04:32 PM (IST)
Updated Date: Mon, 31 Aug 2026 04:02 AM (IST)
ਸੱਤਪਾਲ ਕਾਲਾਬੂਲਾ/ਲਾਡੇਵਾਲ, ਪੰਜਾਬੀ ਜਾਗਰਣ, ਮਾਲੇਰਕੋਟਲਾ: ਭਾਰਤ-ਅਮਰੀਕਾ ਵਪਾਰ ਸਮਝੌਤੇ, ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਅਤੇ ਪੁਲਿਸ ਜਬਰ ਸਮੇਤ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ। ਮੋਰਚੇ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਕੀਤੀ। ਮੋਰਚੇ ਵਿੱਚ ਸ਼ਾਮਲ ਹੋਣ ਲਈ ਕਿਸਾਨ ਟਰੈਕਟਰ-ਟਰਾਲੀਆਂ ਰਾਹੀਂ ਪਹੁੰਚੇ ਅਤੇ ਆਪਣੇ ਨਾਲ ਰਾਸ਼ਨ ਤੇ ਹੋਰ ਲੋੜੀਂਦਾ ਸਾਮਾਨ ਲੈ ਕੇ ਆਏ। ਜਥੇਬੰਦੀ ਵੱਲੋਂ ਇਹ ਮੋਰਚਾ ਦਿਨ-ਰਾਤ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਕਿਸਾਨ ਆਗੂ ਨਿਰਮਲ ਸਿੰਘ ਅਲੀਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ, ਪੰਜਾਬ ਸਰਕਾਰ ਵੱਲੋਂ ਮੁੜ ਲਿਆਂਦੀ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਅਤੇ ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਖ਼ਤਮ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਦੇ ਜਾਲ ਵਿੱਚੋਂ ਕੱਢਣ ਲਈ ਕਰਜ਼ਾ ਮੁਕਤੀ ਕਾਨੂੰਨ ਬਣਾਇਆ ਜਾਵੇ। ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਕਿਸਾਨ ਅਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਪੁਲਿਸ ਜਬਰ ਬੰਦ ਕਰਨ, ਕਥਿਤ ਝੂਠੇ ਪੁਲੀਸ ਮੁਕਾਬਲਿਆਂ ਦੀ ਜਾਂਚ ਕਰਵਾਉਣ ਅਤੇ ਅੰਦੋਲਨਾਂ ਦੌਰਾਨ ਕਿਸਾਨ ਆਗੂਆਂ ਤੇ ਕਾਰਕੁਨਾਂ ਵਿਰੁੱਧ ਦਰਜ ਕੀਤੇ ਪਰਚੇ ਰੱਦ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਆਬਾਦਕਾਰਾਂ ਅਤੇ ਮੁਜ਼ਾਰਿਆਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ ਅਤੇ ਹੜ੍ਹਾਂ ਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਜਾਂ ਜਾਇਦਾਦ ਦੇ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਕਾਸ਼ਤਕਾਰਾਂ ਨੂੰ ਦਿੱਤਾ ਜਾਵੇ। ਇਸ ਮੌਕੇ ਜ਼ਿਲ੍ਹਾ ਆਗੂ ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਾਪੁਰ, ਰਾਜਿੰਦਰ ਸਿੰਘ ਭੋਗੀਵਾਲ, ਜਗਤਾਰ ਸਿੰਘ ਸਰੌਦ, ਰਛਪਾਲ ਸਿੰਘ ਰੜ, ਹਰਿੰਦਰ ਸਿੰਘ ਚੌਦਾਂ, ਜਗਰੂਪ ਸਿੰਘ ਖੁਰਦ ਅਤੇ ਔਰਤ ਆਗੂ ਹਰਜੀਤ ਕੌਰ ਹਥਨ ਹਾਜ਼ਰ ਸਨ।