ਮੁਕੇਸ਼ ਸਿੰਗਲਾ, ਭਵਾਨੀਗੜ੍ਹ :

ਪੰਜਾਬ ਦੀਆਂ 31 ਕਿਸਾਨ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵੱਲੋਂ ਰੋਸ ਵੱਜੋਂ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਸਥਾਨਕ ਸ਼ਹਿਰ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਇਕੱਠੇ ਹੋਏ ਕਿਸਾਨਾਂ ਅਤੇ ਹੋਰ ਵਰਗਾਂ ਨੇ ਹਾਈਵੇ ਉਪਰ ਚੱਕਾ ਜਾਮ ਕਰਕੇ ਰੋਸ ਧਰਨਾ ਦਿੰਦਿਆਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ, ਕਰਮ ਸਿੰਘ ਬਲਿਆਲ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕਸ਼ਮੀਰ ਸਿੰਘ ਘਰਾਚੋਂ, ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ, ਮਾਸਟਰ ਕਸ਼ਮੀਰ ਸਿੰਘ ਕਾਕੜਾ ਬਲਜੀਤ ਸਿੰਘ ਜੌਲੀਆਂ ਹੋਰ ਵੱਖ-ਵੱਖ ਕਿਸਾਨ ਹਤੈਸ਼ੀ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਜੋ ਹੁਣ ਤੱਕ ਇਨ੍ਹਾਂ ਬਿੱਲਾਂ ਦੀ ਵਕਾਲਤ ਕਰਦਾ ਆਇਆ ਹੈ ਹੁਣ ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਯੂ ਟਰਨ ਲੈ ਕੇ ਹੁਣ ਇਨ੍ਹਾਂ ਰਾਜਨੀਤੀਕ ਹੋਂਦ ਨੂੰ ਬਚਾਉਣ ਲਈ ਉਪਰੋਂ-ਉਪਰੋਂ ਹੀ ਵਿਰੋਧ ਕਰ ਰਿਹਾ ਹੈ ਜਦੋਂਕਿ ਅੰਦਰ ਖਾਤੇ ਅੱਜ ਵੀ ਉਹ ਬੀਜੇਪੀ ਨਾਲ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਰੋਕੀਆਂ ਜਾਣਗੀਆਂ ਅਤੇ ਐਨ.ਡੀ.ਏ ਗੱਠਜੋੜ 'ਚ ਸ਼ਾਮਿਲ ਸਾਰੀਆਂ ਸਿਆਸੀ ਪਾਰਟੀਆਂ ਦੇ ਮੈਂਬਰ ਪਾਰਲੀਮੈਂਟਾਂ, ਵਿਧਾਇਕਾਂ, ਸੂਬਾ ਪ੍ਰਧਾਨਾਂ ਦੇ ਘਰਾਂ ਅੱਗੇ ਅਣਮਿੱਥੇ ਸਮੇਂ ਲਈ ਪੱਕੇ ਧਰਨੇ ਲਾਏ ਜਾਣਗੇ