- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਮੰਡੀਆਂ ਵਿੱਚ ਸਰਕਾਰੀ ਖਰੀਦ ਬੰਦ ਹੋਣ ਤੇ ਕਿਸਾਨ ਪ੍ਰੇਸ਼ਾਨ ਹਨ ਅਤੇ ਉਹ ਮੰਗ ਕਰ ਰਹੇ ਹਨ ਕਿ ਖਰੀਦ ਦੁਬਾਰਾ ਸ਼ੁਰੂ ਕਰਵਾਈ ਜਾਵੇ, ਤਾਂ ਜੋ ਕਿਸਾਨ ਖੱਜਲ ਖੁਆਰ ਨਾ ਹੋਣ। ਇਸਦੇ ਚੱਲਦਿਆਂ ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦਾ ਇੱਕ ਡੈਪੂਟੇਸ਼ਨ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਦਿਲਵਾਗ ਸਿੰਘ ਹਰੀਗੜ੍ਹ ਦੀ ਅਗਵਾਈ ਵਿੱਚ ਏਡੀਸੀ ਨੂੰ ਮਿਲਿਆ।
ਇਸ ਮੌਕੇ ਡੈਪੂਟੇਸ਼ਨ ਨੇ ਏਡੀਸੀ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਪੰਜਾਬ ਦੀਆਂ ਬਹੁਤੀਆਂ ਮੰਡੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਸਰਕਾਰੀ ਖਰੀਦ ਬੰਦ ਪਈ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਰਾਤਾਂ ਮੰਡੀਆਂ ਵਿੱਚ ਗੁਜਾਰਨ ਲਈ ਮਜਬੂਰ ਹਨ। ਪਿਛਲੇ ਕਈ ਦਿਨਾਂ ਤੋ ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ ਅਤੇ ਕਿਸਾਨ ਰਾਤਾਂ ਨੂੰ ਮੰਡੀਆਂ ਵਿੱਚ ਆਪਣੇ ਝੋਨੇ ਦੀ ਰਾਖੀ ਕਰਨ ਲਈ ਮਜਬੂਰ ਹਨ। ਉਨ੍ਹਾਂ ਚੇਤਾਵਨੀ ਦਿੰਦਿਆਂ ਤਲਖੀ ਵਿੱਚ ਕਿਹਾ ਕਿ ਜ਼ੇਕਰ ਸਰਕਾਰ ਮਸਲੇ ਦਾ ਹੱਲ ਨਹੀਂ ਕਰਦੀ ਤਾਂ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹੋ ਜਾਣਗੇ। ਇਸ ਲਈ ਸਰਕਾਰ ਨੂੰ ਕਿਸਾਨਾਂ ਦੀ ਮਜਬੂਰੀ ਸਮਝਿਆਂ ਇਸ ਸਮੱਸਿਆ ਦਾ ਹੱਲ ਕਰ ਦੇਣਾ ਚਾਹੀਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿੱਚ ਰੁਕੀ ਹੋਈ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ, ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ, ਸਫ਼ਾਈ ਅਤੇ ਬਾਰਦਾਨੇ ਦਾ ਪੂਰਾ ਪ੍ਰਬੰਧ ਕੀਤਾ ਜਾਵੇ, ਖਰੀਦ ਵਿੱਚ ਦੇਰੀ ਕਾਰਨ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਤੁਰੰਤ ਅਦਾ ਕੀਤਾ ਜਾਵੇ, ਫਸਲ ’ਤੇ ਬਿਮਾਰੀ ਕਾਰਨ ਹੋਏ ਨੁਕਸਾਨ ਦਾ ਵੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਸਾਰੀਆਂ ਮੰਡੀਆਂ ਵਿੱਚ ਖਰੀਦ ਅਧਿਕਾਰੀਆਂ ਦਾ ਪਹੁੰਚਣਾ ਯਕੀਨੀ ਬਣਾਇਆ ਜਾਵੇ, ਮੰਡੀਆਂ ਵਿੱਚ ਫਸਲ ਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਬਿਨਾਂ ਦੇਰੀ ਜਾਰੀ ਕੀਤਾ ਜਾਵੇ, ਸਰਕਾਰੀ ਖਰੀਦ ਵਿੱਚ ਸ਼ੈਲਰ ਮਾਲਕਾਂ, ਫੂਡ ਸਪਲਾਈ ਅਤੇ ਮਾਰਕੀਟ ਕਮੇਟੀ ਅਧਿਕਾਰੀਆਂ ਦੀ ਮਿਲੀਭੁਗਤ ਨੂੰ ਰੋਕ ਕੇ ਖਰੀਦ ਪ੍ਰਭਾਵਿਤ ਹੋਣ ਤੋਂ ਬਚਾਇਆ ਜਾਵੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਜਥੇਬੰਦੀ ਵੱਲੋ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਪ੍ਰਸ਼ਾਸਨ ਵੱਲੋ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਛੇਤੀ ਨਿਪਟਾਰਾ ਕੀਤਾ ਜਾਵੇਗਾ।
ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸੋਨੀ, ਜਸਵੀਰ ਮੈਦੇਵਾਸ, ਰਾਜਪਾਲ ਮੰਗਵਾਲ, ਹਰਦੇਵ ਕੁਲਾਰ, ਹੈਪੀ ਨਮੋਲ, ਰਾਜ ਥੇੜੀ, ਸੰਤਰਾਮ ਛਾਜਲੀ, ਹਰਬੰਸ ਸਿੰਘ ਤੋਲਾਵਾਲ ਹਾਜ਼ਰ ਸਨ।