- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਅੱਜ ਫੂਕਣਗੇ ਮੁੱਖ ਮੰਤਰੀ ਦੇ ਪੁਤਲੇ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਬੀਕੇਯੂ ਏਕਤਾ (ਉਗਰਾਹਾਂ) ਨੇ ਮੁੱਖ ਮੰਤਰੀ ਪੰਜਾਬ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਨ੍ਸ਼ਾ ਤਸਕਰ- ਪੁਲਿਸ- ਸਿਆਸੀ ਗੱਠਜੋੜ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਹੈ। ਜਥੇਬੰਦੀ ਵੱਲੋਂ ਆਪਣੀਆਂ ਪਿੰਡ ਇਕਾਈਆਂ ਨੂੰ ਸੱਦਾ ਦਿੱਤਾ ਗਿਆ ਹੈ ਕਿ 25 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਅਤੇ ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਪਿੰਡ ਦਾ ਜਨਤਕ ਇਕੱਠ ਕਰਕੇ ਸਾੜਨ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜ਼ਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਮਾਰ ਲਈ ਇਹ ਤਿੰਨ ਧਿਰੀ ਗੱਠਜੋੜ ਜਿੰਮੇਵਾਰ ਹੈ , ਇਸ ਵੇਲੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਗੱਠਜੋੜ ਦੀ ਪੁਸ਼ਤ ਪਨਾਹੀ ਕਰ ਰਹੀ ਹੈ। ਇਸ ਵੱਲੋਂ ਦਾਅਵਾ ਕੀਤਾ ਜਾਂਦਾ "ਯੁੱਧ ਨਸ਼ਿਆਂ ਵਿਰੁੱਧ" ਮਹਿਜ਼ ਇੱਕ ਡਰਾਮਾ ਹੈ ਤੇ ਉਲਟਾ ਇਹ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਸੇਧਤ ਹੈ। ਇਸ ਲਈ ਜਥੇਬੰਦੀ ਨੇ 25 ਅਕਤੂਬਰ ਦੇ ਦਿਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਇਨਸਾਫ਼ ਦੀ ਮੰਗ ਤੇ ਹੋਰਨਾਂ ਮੰਗਾਂ ਲਈ ਪਿੰਡ ਪਿੰਡ ਇਹ ਦੋ ਪੁਤਲੇ ਫੂਕਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖਤ ਸਜ਼ਾਵਾਂ ਦਿਓ। ਉਨਾਂ ਪਿਛਲੇ ਵੱਡੇ ਨਸ਼ਾ ਤਸਕਰਾਂ ਤੇ ਪ੍ਰਸ਼ਾਸਨਿਕ ਰਾਜਸੀ ਸਰਪ੍ਰਸਤਾਂ ਨੂੰ ਸਾਹਮਣੇ ਲਿਆਓ ਤੇ ਉਨ੍ਹਾਂ 'ਤੇ ਕਾਰਵਾਈ ਕਰੋ। ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਦੋ ਕਰੋੜ ਦਾ ਮੁਆਵਜ਼ਾ ਅਤੇ ਪਰਵਿੰਦਰ ਸਿੰਘ ਝੋਟਾ ਦੀ ਧਰਮਪਤਨੀ ਮਨਪ੍ਰੀਤ ਕੌਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿਓ। ਜਖਮੀਆਂ ਦਾ ਇਲਾਜ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਵੀ ਯੋਗ ਮੁਆਵਜ਼ਾ ਦਿਓ। ਨਸ਼ਾ ਤਸਕਰਾਂ, ਸਿਆਸਤਦਾਨਾਂ, ਪੁਲਿਸ-ਪ੍ਰਸ਼ਾਸਨਿਕ ਅਧਿਕਾਰੀਆਂ ਤੇ ਗੈਂਗਸਟਰਾਂ ਦੇ ਗੱਠਜੋੜ ਨੂੰ ਖਿੰਡਾਓ। ਇਸ ਧੰਦੇ 'ਚ ਗਲਤਾਨ ਸਭਨਾਂ ਨੂੰ ਸਖਤ ਸਜਾਵਾਂ ਦਿਓ।