- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿੱਤ ਮੰਤਰੀ ਚੀਮਾ ਵੱਲੋਂ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ
ਸੰਗਰੂਰ : ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਦੇ ਅਟਵਾਲ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡਾਂ ਦੀ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਡਿਜੀਟਲ ਰਾਸ਼ਨ ਕਾਰਡਾਂ ਨਾਲ ਲਾਭਪਾਤਰੀਆਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦਾ ਲਾਭ ਹੋਰ ਪਾਰਦਰਸ਼ੀ, ਸੁਚਾਰੂ ਅਤੇ ਬਿਨਾਂ ਕਿਸੇ ਦਿੱਕਤ ਦੇ ਮਿਲ ਸਕੇਗਾ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਕੁਝ ਲਾਭਪਾਤਰੀਆਂ ਨੂੰ ਰਸਮੀ ਤੌਰ ’ਤੇ ਡਿਜੀਟਲ ਰਾਸ਼ਨ ਕਾਰਡ ਸੌਂਪੇ, ਜਦਕਿ ਬਾਕੀ ਕਾਰਡ ਪੰਚਾਂ ਅਤੇ ਸਰਪੰਚਾਂ ਨੂੰ ਦੇ ਕੇ ਯੋਗ ਪਰਿਵਾਰਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਾਰੇ ਲਾਭਪਾਤਰੀਆਂ ਨੂੰ ਨਵੇਂ ਡਿਜੀਟਲ ਕਾਰਡ ਨਹੀਂ ਮਿਲ ਜਾਂਦੇ, ਉਦੋਂ ਤੱਕ ਪੁਰਾਣੇ ਰਾਸ਼ਨ ਕਾਰਡ ਵੀ ਚਲਦੇ ਰਹਿਣਗੇ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਗਰੀਬ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਲਾਗੂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਮੇਰੀ ਰਸੋਈ’ ਸਕੀਮ ਤਹਿਤ ਸੂਬੇ ਦੇ ਲਗਭਗ 40 ਲੱਖ ਲੋੜਵੰਦ ਪਰਿਵਾਰਾਂ ਨੂੰ ਹਰ ਤਿੰਨ ਮਹੀਨਿਆਂ ਬਾਅਦ ਵਿਸ਼ੇਸ਼ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਕਿੱਟਾਂ ਵਿੱਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਸਮੇਤ ਹੋਰ ਜ਼ਰੂਰੀ ਘਰੇਲੂ ਸਮਾਨ ਸ਼ਾਮਲ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਲਾਈ ਸਕੀਮਾਂ ਨੂੰ ਸਿਰਫ਼ ਕਣਕ ਅਤੇ ਦਾਲਾਂ ਦੀ ਵੰਡ ਤੱਕ ਸੀਮਿਤ ਰੱਖਿਆ, ਜਦਕਿ ਮੌਜੂਦਾ ਸਰਕਾਰ ਨੇ ਲੋਕਾਂ ਦੀਆਂ ਅਸਲ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਰਸੋਈ ਦੀਆਂ ਜ਼ਰੂਰੀ ਵਸਤਾਂ ਉਪਲਬਧ ਕਰਵਾਉਣ ਦਾ ਉਪਰਾਲਾ ਕੀਤਾ ਹੈ। ਸਰਕਾਰ ਦਾ ਮਕਸਦ ਹੈ ਕਿ ਕੋਈ ਵੀ ਪਰਿਵਾਰ ਭੁੱਖਾ ਨਾ ਰਹੇ ਅਤੇ ਹਰ ਬੱਚੇ ਨੂੰ ਪੌਸ਼ਟਿਕ ਖੁਰਾਕ ਮਿਲੇ। ਚੀਮਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਡਿਜੀਟਲ ਰਾਸ਼ਨ ਕਾਰਡ ਪ੍ਰਾਪਤ ਕਰਨ ਵਿੱਚ ਕਿਸੇ ਨੂੰ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਹਰ ਮੁਸ਼ਕਿਲ ਦਾ ਤੁਰੰਤ ਹੱਲ ਕੀਤਾ ਜਾਵੇਗਾ। ਇਸ ਮੌਕੇ ਓਐਸਡੀ ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮਾਰਕਿਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਮਾਰਕਿਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਐਸਡੀਐਮ ਤਰਸੇਮ ਚੰਦ, ਡੀਐਸਪੀ ਡਾ. ਰੁਪਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਰਪੰਚ, ਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ।